ਚੰਡੀਗੜ੍ਹ: ਪੰਜਾਬ ਪੁਲੀਸ ਨੇ ਵੀਰਵਾਰ ਨੂੰ ਪਾਕਿਸਤਾਨ ਦੀ ਖ਼ੁਫੀਆ ਏਜੰਸੀ ISI ਦੀ ਮਦਦ ਨਾਲ ਚੱਲ ਰਹੇ ਇੱਕ ਦਹਿਸ਼ਤਗਰਦ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਚਾਰ ਹੈਂਡ ਗ੍ਰਨੇਡ, ਦੋ ਵਿਦੇਸ਼ੀ ਪਿਸਤੌਲ ਅਤੇ ਭਾਰੀ ਮਾਤਰਾ ਵਿੱਚ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ (DGP) ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਅਤੇ ਮੁਹਾਲੀ ਨੇ ਕਾਊਂਟਰ ਇੰਟੈਲੀਜੈਂਸ ਵਿੰਗ ਨਾਲ ਮਿਲ ਕੇ ਇਹ ਸਾਂਝਾ ਅਪਰੇਸ਼ਨ ਚਲਾਇਆ ਸੀ।
ਚੰਡੀਗੜ੍ਹ ਗ੍ਰਨੇਡ ਹਮਲੇ ਨਾਲ ਸਬੰਧ
ਡੀਜੀਪੀ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਦਹਿਸ਼ਤਗਰਦਾਂ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ। ਪੁਲੀਸ ਨੂੰ ਸ਼ੱਕ ਹੈ ਕਿ ਇਸ ਮੁਲਜ਼ਮ ਦੇ ਤਾਰ ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਮਾਡਿਊਲ ਨਾਲ ਜੁੜੇ ਹੋਏ ਹਨ। ਪੁਲੀਸ ਨੇ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਥਾਣੇ ਵਿੱਚ ਐਫਆਈਆਰ (FIR) ਦਰਜ ਕਰ ਲਈ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਇਸ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ। ਇਸ ਗ੍ਰਿਫ਼ਤਾਰੀ ਨੂੰ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਵਿਰੁੱਧ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

