ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ 2029 ਦੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਮਹਿਲਾ ਰਾਖਵਾਂਕਰਨ ਦੇ ਨਾਲ ਕਰਵਾਈਆਂ ਜਾਣ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮਹਿਲਾ ਰਾਖਵਾਂਕਰਨ ਕਾਨੂੰਨ ਵਿੱਚ ਕੀਤੀਆਂ ਗਈਆਂ ਸੋਧਾਂ ਨੂੰ ਪਾਸ ਕਰਨ ਲਈ ਇੱਕ ਸੁਰ ਵਿੱਚ ਅੱਗੇ ਆਉਣ।
ਸੰਸਦ ਦੀ ਤਿੰਨ ਦਿਨਾ ਵਿਸ਼ੇਸ਼ ਬੈਠਕ ਤੋਂ ਪਹਿਲਾਂ ਲੋਕ ਸਭਾ ਅਤੇ ਰਾਜ ਸਭਾ ਦੇ ਸਦਨ ਨੇਤਾਵਾਂ ਨੂੰ ਲਿਖੇ ਪੱਤਰ ਵਿੱਚ ਮੋਦੀ ਨੇ ਕਿਹਾ ਕਿ ਕੋਈ ਵੀ ਸਮਾਜ ਉਦੋਂ ਹੀ ਤਰੱਕੀ ਕਰਦਾ ਹੈ ਜਦੋਂ ਔਰਤਾਂ ਨੂੰ ਤਰੱਕੀ ਤੇ ਫ਼ੈਸਲੇ ਕਰਨ ਅਤੇ ਸਭ ਤੋਂ ਅਹਿਮ, ਅਗਵਾਈ ਕਰਨ ਦਾ ਮੌਕਾ ਮਿਲਦਾ ਹੈ। ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਦੇ ਸੁਫਨੇ ਨੂੰ ਪੂਰਾ ਕਰਨ ਲਈ ਜ਼ਰੂਰੀ ਹੈ ਕਿ ਔਰਤਾਂ ਇਸ ਯਾਤਰਾ ਵਿੱਚ ਵਧੇਰੇ ਸਰਗਰਮ ਭੂਮਿਕਾ ਨਿਭਾਉਣ। ਪ੍ਰਧਾਨ ਮੰਤਰੀ ਨੇ 11 ਅਪਰੈਲ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ, ‘‘ਵਿਆਪਕ ਵਿਚਾਰ-ਚਰਚਾ ਤੋਂ ਬਾਅਦ, ਅਸੀਂ ਇਸ ਸਿੱਟੇ ’ਤੇ ਪੁੱਜੇ ਹਾਂ ਕਿ ਹੁਣ ਦੇਸ਼ ਭਰ ਵਿੱਚ ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਨੂੰ ਇਸ ਦੀ ਅਸਲ ਭਾਵਨਾ ਵਿੱਚ ਲਾਗੂ ਕਰਨ ਦਾ ਸਮਾਂ ਆ ਗਿਆ ਹੈ।’’ ਉਨ੍ਹਾਂ ਕਿਹਾ ਕਿ 2029 ਵਿੱਚ ਮਹਿਲਾ ਰਾਖਵਾਂਕਰਨ ਐਕਟ ਲਾਗੂ ਹੋਣ ਨਾਲ ਭਾਰਤ ਦੀਆਂ ਲੋਕਤੰਤਰੀ ਸੰਸਥਾਵਾਂ ਵਿੱਚ ਨਵੀਂ ਊਰਜਾ ਆਵੇਗੀ ਅਤੇ ਜਨਤਾ ਦਾ ਵਿਸ਼ਵਾਸ ਮਜ਼ਬੂਤ ਹੋਵੇਗਾ।
