‘ਸਿੱਖ ਰੈਫਰੈਂਸ ਲਾਇਬ੍ਰੇਰੀ ਬਾਰੇ ਸਥਿਤੀ ਸਪੱਸ਼ਟ ਕਰੇ ਕੇਂਦਰ’

‘ਸਿੱਖ ਰੈਫਰੈਂਸ ਲਾਇਬ੍ਰੇਰੀ ਬਾਰੇ ਸਥਿਤੀ ਸਪੱਸ਼ਟ ਕਰੇ ਕੇਂਦਰ’

ਅੰਮ੍ਰਿਤਸਰ: ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਜੂਨ 1984 ਦੇ ਫ਼ੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਤੋਂ ਗਾਇਬ ਹੋਏ ਖ਼ਜ਼ਾਨੇ ਦਾ ਮੁੱਦਾ ਮੁੜ ਉਠਾਇਆ ਹੈ। ਉਨ੍ਹਾਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਰਕਾਰ ਇਸ ਸੰਵੇਦਨਸ਼ੀਲ ਮਾਮਲੇ ’ਤੇ ਆਪਣੀ ਸਥਿਤੀ ਸਪੱਸ਼ਟ ਕਰੇ।

ਪੱਤਰ ਵਿੱਚ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ਨੂੰ ਸਿੱਖ ਭਾਵਨਾਵਾਂ ਨਾਲ ਜੁੜਿਆ ਗੰਭੀਰ ਅਤੇ ਸੰਵੇਦਨਸ਼ੀਲ ਮੁੱਦਾ ਦੱਸਿਆ ਹੈ। ਉਨ੍ਹਾਂ ਯਾਦ ਦਿਵਾਇਆ ਕਿ ‘ਸਾਕਾ ਨੀਲਾ ਤਾਰਾ’ ਵੇਲੇ ਸ੍ਰੀ ਹਰਿਮੰਦਰ ਸਾਹਿਬ ਸਥਿਤ ਲਾਇਬ੍ਰੇਰੀ ’ਚੋਂ ਸੈਂਕੜੇ ਸਾਲ ਪੁਰਾਣੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ, ਦੁਰਲੱਭ ਹੱਥ-ਲਿਖਤ ਖਰੜੇ, ਗੁਰੂ ਸਾਹਿਬਾਨ ਅਤੇ ਹੋਰ ਸਿੱਖ ਸ਼ਖ਼ਸੀਅਤਾਂ ਦੇ ਹੁਕਮਨਾਮੇ ਅਤੇ ਹੋਰ ਕਈ ਇਤਿਹਾਸਕ ਦਸਤਾਵੇਜ਼ ਜਾਂ ਤਾਂ ਗੁੰਮ ਹੋ ਗਏ ਸਨ ਜਾਂ ਫ਼ੌਜ ਵੱਲੋਂ ਜ਼ਬਤ ਕਰ ਲਏ ਗਏ ਸਨ। ਇਹ ਖ਼ਜ਼ਾਨਾ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਅਨਿੱਖੜਵਾਂ ਅੰਗ ਹੈ, ਜਿਸ ਦੀ ਗ਼ੈਰ-ਮੌਜੂਦਗੀ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸਾਬਕਾ ਜਥੇਦਾਰ ਨੇ ਇਸ ਗੱਲ ’ਤੇ ਚਿੰਤਾ ਪ੍ਰਗਟਾਈ ਕਿ ਕਰੀਬ ਚਾਰ ਦਹਾਕੇ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ਵਿੱਚ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਧਿਰਾਂ ਵੱਲੋਂ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਹਨ। ਇੱਕ ਧਿਰ ਦਾ ਮੰਨਣਾ ਹੈ ਕਿ ਇਹ ਸਮੱਗਰੀ ਹਾਲੇ ਵੀ ਭਾਰਤ ਸਰਕਾਰ ਜਾਂ ਫ਼ੌਜ ਦੇ ਕਬਜ਼ੇ ਵਿੱਚ ਹੈ ਅਤੇ ਕਦੇ ਵਾਪਸ ਨਹੀਂ ਕੀਤੀ ਗਈ। ਦੂਜੇ ਪਾਸੇ, ਇਹ ਦਾਅਵਾ ਵੀ ਕੀਤਾ ਜਾਂਦਾ ਹੈ ਕਿ ਸਰਕਾਰ ਨੇ ਸਾਰੀ ਸਮੱਗਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪ ਦਿੱਤੀ ਸੀ।

ਇਸ ਤੋਂ ਇਲਾਵਾ, ਕੁਝ ਵਿਦਵਾਨਾਂ ਵੱਲੋਂ ਇਹ ਗੰਭੀਰ ਦੋਸ਼ ਵੀ ਲਾਏ ਜਾ ਰਹੇ ਹਨ ਕਿ ਕੁਝ ਪਾਵਨ ਸਰੂਪ ਅਤੇ ਅਹਿਮ ਦਸਤਾਵੇਜ਼ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਕਰੋੜਾਂ ਰੁਪਇਆਂ ਵਿੱਚ ਵੇਚ ਦਿੱਤੇ ਗਏ ਹਨ। ਗ੍ਰਹਿ ਮੰਤਰੀ ਨੂੰ ਲਿਖੀ ਅਪੀਲ ਵਿੱਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਸਬੰਧੀ ਸਾਰੇ ਸਰਕਾਰੀ ਰਿਕਾਰਡ, ਦਸਤਾਵੇਜ਼ ਅਤੇ ਜਾਂਚ ਰਿਪੋਰਟਾਂ ਜਨਤਕ ਕਰੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਚਾਈ ਸਾਹਮਣੇ ਆਉਣ ਨਾਲ ਨਾ ਸਿਰਫ਼ ਪਾਰਦਰਸ਼ਤਾ ਵਧੇਗੀ, ਸਗੋਂ ਇਹ ਕਾਰਵਾਈ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਵੀ ਕਰੇਗੀ।

Share: