ਪੇਈਚਿੰਗ: ਚੀਨ ਦੇ ਦੱਖਣ-ਪੱਛਮੀ ਖੇਤਰ ਗੁਆਂਗਸ਼ੀ ਵਿੱਚ ਸੋਮਵਾਰ ਤੜਕੇ ਆਏ 5.2 ਤੀਬਰਤਾ ਦੇ ਭੂਚਾਲ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਲਿਊਝੂ ਸ਼ਹਿਰ ਵਿੱਚ 7,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਮਜਬੂਰ ਹੋਣਾ ਪਿਆ। ਜਦੋਂ ਕਿ ਖੋਜ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਅਧਿਕਾਰੀਆਂ ਨੇ ਆਵਾਜਾਈ ਵਿੱਚ ਵਿਘਨ ਪੈਣ ਦੀ ਚਿਤਾਵਨੀ ਦਿੱਤੀ ਹੈ।
ਸੀਸੀਟੀਵੀ (CCTV) ਅਤੇ ਸਰਕਾਰੀ ਨਿਊਜ਼ ਏਜੰਸੀ ਸਿਨਹੂਆ ਨੇ ਦੱਸਿਆ ਕਿ ਦੋ ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦੋਂ ਕਿ ਇੱਕ ਵਿਅਕਤੀ ਅਜੇ ਵੀ ਲਾਪਤਾ ਹੈ, ਅਤੇ ਚਾਰ ਲੋਕਾਂ ਨੂੰ ਹਸਪਤਾਲ ਭੇਜਿਆ ਗਿਆ ਹੈ, ਹਾਲਾਂਕਿ ਉਨ੍ਹਾਂ ਵਿੱਚੋਂ ਕਿਸੇ ਦੀ ਵੀ ਜਾਨ ਨੂੰ ਕੋਈ ਖ਼ਤਰਾ ਨਹੀਂ ਹੈ। ਸਰਕਾਰੀ ਪ੍ਰਸਾਰਕ ਸੀਸੀਟੀਵੀ ਨੇ ਰਿਪੋਰਟ ਦਿੱਤੀ ਕਿ ਸੋਮਵਾਰ ਤੜਕੇ ਤੇਰਾਂ ਇਮਾਰਤਾਂ ਢਹਿ-ਢੇਰੀ ਹੋ ਗਈਆਂ। ਰੇਲਵੇ ਅਧਿਕਾਰੀਆਂ ਵੱਲੋਂ ਆਵਾਜਾਈ ਵਿੱਚ ਵਿਘਨ ਪੈਣ ਦਾ ਖਦਸ਼ਾ ਵੀ ਜਤਾਇਆ ਗਿਆ ਹੈ ਕਿਉਂਕਿ ਉਹ ਰੇਲ ਲਾਈਨ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੀ ਜਾਂਚ ਕਰ ਰਹੇ ਹਨ। ਸਰਕਾਰੀ ਮੀਡੀਆ ਨੇ ਰਿਪੋਰਟ ਦਿੱਤੀ ਕਿ ਪ੍ਰਭਾਵਿਤ ਖੇਤਰ ਵਿੱਚ ਸੰਚਾਰ ਅਤੇ ਬਿਜਲੀ ਦੀਆਂ ਲਾਈਨਾਂ, ਪਾਣੀ ਅਤੇ ਗੈਸ ਦੀ ਸਪਲਾਈ ਅਤੇ ਆਵਾਜਾਈ ਆਮ ਵਾਂਗ ਚੱਲ ਰਹੀ ਸੀ।

