ਚੋਣ ਕਮਿਸ਼ਨ ਵੱਲੋਂ ‘ਆਪ’ ਵਿਧਾਇਕ ਬਾਰੇ ਰਿਪੋਰਟ ਤਲਬ

ਚੋਣ ਕਮਿਸ਼ਨ ਵੱਲੋਂ ‘ਆਪ’ ਵਿਧਾਇਕ ਬਾਰੇ ਰਿਪੋਰਟ ਤਲਬ

ਚੰਡੀਗਡ਼੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ ਹਲਕਾ ਸ਼ੁਤਰਾਣਾ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਕੌਂਸਲ ਚੋਣਾਂ ਜਿੱਤਣ ਲਈ ਹਰ ਹਰਬਾ ਵਰਤਣ ਦੇ ਬਿਆਨ ਵਾਲੀ ਵੀਡੀਓ ’ਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗ ਲਈ ਹੈ। ਰਾਜ ਚੋਣ ਕਮਿਸ਼ਨਰ ਰਾਜ ਕੁਮਾਰ ਚੌਧਰੀ ਨੇ ਕਿਹਾ ਹੈ ਕਿ ਉਨ੍ਹਾਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਤੋਂ ਇਸ ਮਾਮਲੇ ’ਤੇ ਤੱਥਾਂ ਸਮੇਤ ਰਿਪੋਰਟ ਮੰਗੀ ਹੈ। ਰਿਪੋਰਟ ਪ੍ਰਾਪਤ ਹੋਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁਤਰਾਣਾ ਵਿੱਚ ਕੌਂਸਲ ਚੋਣਾਂ ਦੇ ਪ੍ਰਚਾਰ ਦੌਰਾਨ ਬੋਲ-ਬਾਣੀ ਨੂੰ ਲੈ ਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਖ਼ਿਲਾਫ਼ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ। ਉਨ੍ਹਾਂ ਚੋਣ ਕਮਿਸ਼ਨ ਨੂੰ ਦਖਲ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਆਪਣੀ ਸ਼ਿਕਾਇਤ ’ਚ ਕਿਹਾ ਕਿ ਇਹ ਬਿਆਨ ‘ਆਪ’ ਦਾ ਅਸਲੀ ਚਿਹਰਾ ਬੇਨਕਾਬ ਕਰਦੇ ਹਨ, ਜੋ ਪੰਜਾਬ ਵਿੱਚ ਆਜ਼ਾਦ ਤੇ ਨਿਰਪੱਖ ਚੋਣਾਂ ਲਈ ਸਿੱਧਾ ਖ਼ਤਰਾ ਹਨ। ਮਨੀਸ਼ ਸਿਸੋਦੀਆ ਵੱਲੋਂ ਪ੍ਰਚਾਰੀ ਗਈ “ਸਾਮ, ਦਾਮ, ਦੰਡ, ਭੇਦ” ਦੀ ਰਾਜਨੀਤੀ ਹੁਣ ਪੰਜਾਬ ਵਿੱਚ ਅਮਲ ’ਚ ਲਿਆਂਦੀ ਜਾ ਰਹੀ ਹੈ, ਜਿਸ ਵਿੱਚ ਡਰ, ਦਬਾਅ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕ ਨੇ ਕਥਿਤ ਤੌਰ ’ਤੇ ਪੋਲਿੰਗ ਬੂਥਾਂ ਦੇ ਦਰਵਾਜ਼ੇ ਬੰਦ ਕਰਨ ਅਤੇ ਲੋਕਾਂ ਵੱਲੋਂ ‘ਆਪ’ ਉਮੀਦਵਾਰਾਂ ਨੂੰ ਵੋਟ ਨਾ ਪਾਉਣ ਦੀ ਸਥਿਤੀ ਵਿੱਚ ਡਰ ਅਤੇ ਦਬਾਅ ਰਾਹੀਂ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਦੀ ਧਮਕੀ ਦਿੱਤੀ ਹੈ।

Share: