Punjab Farmer Protest: ਕਿਸਾਨਾਂ ’ਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਦਾਗ਼ੇ

Punjab Farmer Protest: ਕਿਸਾਨਾਂ ’ਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਦਾਗ਼ੇ

ਐੱਸ ਏ ਐੱਸ ਨਗਰ (ਮੁਹਾਲੀ): ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ, ਪੰਜਾਬ ਯੂਨੀਵਰਸਿਟੀ ਪੰਜਾਬ ਨੂੰ ਦੇਣ ਅਤੇ ਰਿਪੇਰੀਅਨ ਕਾਨੂੰਨ ਅਨੁਸਾਰ ਪਾਣੀ ਦੀ ਵੰਡ ਦੀ ਮੰਗ ਲਈ ਅੱਜ ਰਾਜਪਾਲ ਭਵਨ ਵੱਲ ਕੂਚ ਕੀਤਾ ਗਿਆ। ਮੁਹਾਲੀ ਵਿੱਚ ਰੈਲੀ ਕਰਨ ਤੋਂ ਬਾਅਦ ਚੰਡੀਗੜ੍ਹ ਵੱਲ ਵਧ ਰਹੇ ਵੱਡੀ ਗਿਣਤੀ ਕਿਸਾਨਾਂ ਨੂੰ ਚੰਡੀਗੜ੍ਹ ਪੁਲੀਸ ਨੇ ਬੁੜੈਲ ਜੇਲ੍ਹ ਨੇੜਲੇ ਚੌਕ ਕੋਲ ਰੋਕ ਲਿਆ। ਇਸ ਦੌਰਾਨ ਰੋਹ ਵਿੱਚ ਆਏ ਕਿਸਾਨ ਬੈਰੀਕੇਡਾਂ ਨੂੰ ਤੋੜ ਕੇ ਚੰਡੀਗੜ੍ਹ ਵਾਲੇ ਪਾਸੇ ਪਹੁੰਚ ਗਏ। ਇਨ੍ਹਾਂ ਕਿਸਾਨਾਂ ’ਤੇ ਚੰਡੀਗੜ੍ਹ ਪੁਲੀਸ ਨੇ ਹਲਕਾ ਲਾਠੀਚਾਰਜ ਕੀਤਾ ਅਤੇ ਔਰਤਾਂ ਸਣੇ ਕਿਸਾਨਾਂ ਨੂੰ ਬੱਸਾਂ ਵਿੱਚ ਬਿਠਾ ਕੇ ਲੈ ਗਏ। ਪੁਲੀਸ ਦੀ ਬੈਰੀਕੇਡਿੰਗ ਤੋੜ ਕੇ ਅੱਗੇ ਵਧ ਰਹੇ ਕਿਸਾਨਾਂ ਉੱਤੇ ਚੰਡੀਗੜ੍ਹ ਪੁਲੀਸ ਨੇ ਪਹਿਲਾਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਫਿਰ ਦਰਜਨ ਤੋਂ ਵੱਧ ਅਥਰੂ ਗੈਸ ਦੇ ਗੋਲੇ ਦਾਗ਼ੇ। ਇਸ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ। ਬੈਰੀਕੇਡਿੰਗ ਉੱਤੇ ਲਾਈਆਂ ਗਈਆਂ ਕੰਡਿਆਲੀਆਂ ਤਾਰਾਂ ਨਾਲ ਕਈ ਕਿਸਾਨ ਜ਼ਖ਼ਮੀ ਵੀ ਹੋ ਗਏ। ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨਾਂ ’ਤੇ ਢਾਹੇ ਜਬਰ ਅਤੇ ਚੰਡੀਗੜ੍ਹ ਵਿੱਚ ਦਾਖ਼ਲ ਨਾ ਹੋਣ ਦੇ ਰੋਸ ਵਜੋਂ 16 ਮਈ ਨੂੰ ਪੂਰੇ ਪੰਜਾਬ ਵਿੱਚ ਭਾਜਪਾ ਅਤੇ ਰਾਜਪਾਲ ਦੇ ਪੁਤਲੇ ਫੂਕੇ ਜਾਣ ਦਾ ਐਲਾਨ ਕੀਤਾ ਹੈ। ਸੰਘਰਸ਼ ਦੀ ਅਗਲੀ ਰਣਨੀਤੀ ਲਈ 21 ਮਈ ਨੂੰ ਮੀਟਿੰਗ ਸੱਦਣ ਦਾ ਫ਼ੈਸਲਾ ਵੀ ਕੀਤਾ ਗਿਆ।

ਪੁਲੀਸ ਕਾਰਵਾਈ ਤੋਂ ਖ਼ਫ਼ਾ ਕਿਸਾਨਾਂ ਨੇ ਬੈਰੀਕੇਡਾਂ ਨੇੜੇ ਹੀ ਧਰਨਾ ਲਗਾ ਦਿੱਤਾ। ਕਿਸਾਨਾਂ ਨੇ ਦੋਸ਼ ਲਾਇਆ ਕਿ ਸ਼ਾਂਤਮਈ ਮੁਜ਼ਾਹਰਾ ਕਰ ਰਹੇ ਕਿਸਾਨਾਂ ਉੱਤੇ ਚੰਡੀਗੜ੍ਹ ਪੁਲੀਸ ਵੱਲੋਂ ਅੱਤਿਆਚਾਰ ਕੀਤਾ ਗਿਆ ਹੈ, ਜਿਸ ਦੀ ਭਾਜਪਾ ਨੂੰ ਕੀਮਤ ਤਾਰਨੀ ਪਵੇਗੀ। ਇੱਕ ਘੰਟੇ ਦੀ ਜੱਦੋ-ਜਹਿਦ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਛੱਡੇ ਜਾਣ ਤੋਂ ਬਾਅਦ ਕਿਸਾਨਾਂ ਨੇ ਧਰਨਾ ਖ਼ਤਮ ਕਰ ਦਿੱਤਾ। ਕਿਸਾਨਾਂ ਨੇ ਇਸ ਮੌਕੇ ਕੇਂਦਰ ਅਤੇ ਭਾਜਪਾ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।

ਮੁਜ਼ਾਹਰੇ ਤੋਂ ਪਹਿਲਾਂ ਕਿਸਾਨ ਮੁਹਾਲੀ ਦੇ ਯਾਦਵਿੰਦਰਾ ਪਬਲਿਕ ਸਕੂਲ ਚੌਕ ਨੇੜੇ ਨੇਚਰ ਪਾਰਕ ਵਿੱਚ ਇੱਕਠੇ ਹੋਏ। ਪੰਜਾਬ ਭਰ ਤੋਂ ਆਏ ਵੱਡੀ ਗਿਣਤੀ ਕਿਸਾਨਾਂ ਨੂੰ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਰਾਜਿੰਦਰ ਸਿੰਘ ਦੀਪਸਿੰਘਵਾਲਾ, ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਗੁਰਮੀਤ ਸਿੰਘ ਮਹਿਮਾ, ਬੂਟਾ ਸਿੰਘ ਬੁਰਜ, ਗੁਰਨਾਮ ਸਿੰਘ ਭੀਖੀ, ਬੂਟਾ ਸਿੰਘ ਸ਼ਾਦੀਪੁਰ, ਡਾ. ਸਤਨਾਮ ਸਿੰਘ ਅਜਨਾਲਾ, ਪ੍ਰੇਮ ਸਿੰਘ ਭੰਗੂ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀ ਨੰਗਲ ਤੇ ਬਲਵਿੰਦਰ ਸਿੰਘ ਰਾਜੂ ਸਣੇ ਕਈ ਹੋਰ ਆਗੂਆਂ ਨੇ ਸੰਬੋਧਨ ਕੀਤਾ।

ਬੁਲਾਰਿਆਂ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਲੈਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ-ਬੇਸਨ ਸਿਧਾਂਤ ਅਨੁਸਾਰ ਹੱਲ ਕਰਨ, ਪੰਜਾਬ ਪੁਨਰਗਠਨ ਐਕਟ ਦੀਆਂ ਵਿਤਕਰੇ ਪੂਰਨ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਅਤੇ ਸੂਬੇ ਨਾਲ ਹੋਏ ਸਾਰੇ ਗ਼ੈਰ-ਸੰਵਿਧਾਨਕ ਤੇ ਵਿਤਕਰੇਪੂਰਨ ਕਾਨੂੰਨੀ ਸਮਝੌਤੇ ਤੇ ਐਵਾਰਡ ਰੱਦ ਕਰਨ ਦੀ ਮੰਗ ਕਰਦਾ ਹੈ। ਬੁਲਾਰਿਆਂ ਨੇ ਕਿਹਾ ਕਿ ਡੈਮਾਂ ਤੇ ਹੈੱਡਵਰਕਸਾਂ ਨੂੰ ਡੀ-ਸਿਲਟ ਕਰਨ ਲਈ ਕੇਂਦਰ ਸਰਕਾਰ ਵਿਸ਼ੇਸ਼ ਵਿੱਤੀ ਪੈਕੇਜ ਜਾਰੀ ਕਰੇ। ਇਕੱਠ ਵਿੱਚ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਸਾਉਣੀ ਦੀਆਂ ਫ਼ਸਲਾਂ ਲਈ ਨਾਬਾਰਡ ਰਾਹੀਂ ਸੂਬੇ ਦੇ ਰੋਕੇ ਗਏ 2400 ਕਰੋੜ ਰੁਪਏ ਜਾਰੀ ਕਰਨ ਅਤੇ ਪੰਜਾਬ ਸਰਕਾਰ ਨੂੰ ਹੱਦ ਕਰਜ਼ਿਆਂ ਦੇ ਵਾਧੇ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ। ਇਕੱਠ ਨੇ ਤੇਲ ਅਤੇ ਗੈਸ ਕੀਮਤਾਂ ਵਿੱਚ ਵਾਧੇ ਦੀ ਨਿੰਦਾ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ। ਉਨ੍ਹਾਂ ਝੋਨੇ ਦੀਆਂ ਕੀਮਤਾਂ ਦੇ ਨਿਗੂਣੇ ਵਾਧੇ ਨੂੰ ਵੀ ਰੱਦ ਕੀਤਾ। ਇਸ ਮੌਕੇ ਕਿਰਪਾਲ ਸਿੰਘ ਸਿਆਊ, ਪਰਮਦੀਪ ਸਿੰਘ ਬੈਦਵਾਨ, ਅੰਗਰੇਜ਼ ਸਿੰਘ, ਲਖਵਿੰਦਰ ਸਿੰਘ ਕਰਾਲਾ, ਜਸਪਾਲ ਸਿੰਘ ਨਿਆਮੀਆਂ ਸਣੇ ਮੁਹਾਲੀ ਜ਼ਿਲ੍ਹੇ ਦੇ ਸਮੁੱਚੇ ਕਿਸਾਨ ਆਗੂ ਵੀ ਹਾਜ਼ਰ ਸਨ। ਇਨਕਲਾਬੀ ਕੇਂਦਰ ਪੰਜਾਬ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਚੰਡੀਗੜ੍ਹ ਪੁਲੀਸ ਵੱਲੋਂ ਕੀਤੇ ਗਏ ਤਸ਼ੱਦਦ ਦੀ ਨਿਖੇਧੀ ਕੀਤੀ ਹੈ।

Share: