Petrol Price Hike Again: ਕੀਮਤਾਂ ’ਚ ਮੁੜ੍ਹ ਵਾਧਾ : ਦੋ ਹਫ਼ਤਿਆਂ ’ਚ 7.5 ਰੁਪਏ ਮਹਿੰਗਾ ਹੋਇਆ ਪੈਟਰੋਲ-ਡੀਜ਼ਲ!

Petrol Price Hike Again: ਕੀਮਤਾਂ ’ਚ ਮੁੜ੍ਹ ਵਾਧਾ : ਦੋ ਹਫ਼ਤਿਆਂ ’ਚ 7.5 ਰੁਪਏ ਮਹਿੰਗਾ ਹੋਇਆ ਪੈਟਰੋਲ-ਡੀਜ਼ਲ!

ਨਵੀਂ ਦਿੱਲੀ : ਮਹਿੰਗਾਈ ਦੀ ਮਾਰ ਝੱਲ ਰਹੀ ਆਮ ਜਨਤਾ ਨੂੰ ਅੱਜ ਸੋਮਵਾਰ ਸਵੇਰੇ ਉਸ ਵੇਲੇ ਇੱਕ ਹੋਰ ਵੱਡਾ ਝਟਕਾ ਲੱਗਿਆ, ਜਦੋਂ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2.61 ਰੁਪਏ ਤੋਂ ਲੈ ਕੇ 2.71 ਰੁਪਏ ਪ੍ਰਤੀ ਲੀਟਰ ਤੱਕ ਦਾ ਭਾਰੀ ਵਾਧਾ ਕਰ ਦਿੱਤਾ। ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਅੰਦਰ ਤੇਲ ਦੀਆਂ ਕੀਮਤਾਂ ਵਿੱਚ ਇਹ ਚੌਥਾ ਵੱਡਾ ਵਾਧਾ ਹੈ। ਤੇਲ ਕੰਪਨੀਆਂ ਵੱਲੋਂ ਕੌਮਾਂਤਰੀ ਬਜ਼ਾਰ ਵਿੱਚ ਵਧ ਰਹੀਆਂ ਕੀਮਤਾਂ ਦਾ ਬੋਝ ਸਿੱਧਾ ਉਪਭੋਗਤਾਵਾਂ ਦੀਆਂ ਜੇਬਾਂ ‘ਤੇ ਪਾਇਆ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਬਜਟ ਪੂਰੀ ਤਰ੍ਹਾਂ ਹਿੱਲ ਗਿਆ ਹੈ।

ਲੰਬੇ ਸਮੇਂ ਦੀ ਖੜੋਤ ਤੋਂ ਬਾਅਦ ਲੰਘੀ 15 ਮਈ ਤੋਂ ਸ਼ੁਰੂ ਹੋਇਆ ਕੀਮਤਾਂ ਵਿੱਚ ਵਾਧੇ ਦਾ ਇਹ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਉਦੋਂ ਤੋਂ ਲੈ ਕੇ ਹੁਣ ਤੱਕ, ਮਹਿਜ਼ ਕੁਝ ਦਿਨਾਂ ਦੇ ਅੰਦਰ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸਮੂਹਿਕ ਤੌਰ ’ਤੇ ਲਗਭਗ 7.5 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ। ਇਸ ਤਾਜ਼ਾ ਵਾਧੇ ਨੇ ਮਹਿੰਗਾਈ ਦੀ ਅੱਗ ਵਿੱਚ ਘਿਓ ਪਾਉਣ ਦਾ ਕੰਮ ਕੀਤਾ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਮਾਲ-ਭਾੜਾ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਵਸਤਾਂ ਮਹਿੰਗੀਆਂ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਤੇਲ ਉਦਯੋਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਪੈਟਰੋਲ ਦੀ ਕੀਮਤ 2.61 ਰੁਪਏ ਦੀ ਛਾਲ ਮਾਰ ਕੇ 99.51 ਰੁਪਏ ਤੋਂ ਸਿੱਧੀ 102.12 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਈ ਹੈ। ਇਸੇ ਤਰ੍ਹਾਂ ਡੀਜ਼ਲ ਵੀ 2.71 ਰੁਪਏ ਮਹਿੰਗਾ ਹੋ ਕੇ 92.49 ਰੁਪਏ ਤੋਂ ਵਧ ਕੇ 95.20 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਗਲੋਬਲ ਮਾਰਕੀਟ ਵਿੱਚ ਕੱਚੇ ਤੇਲ (ਕਰੂਡ ਆਇਲ) ਦੀਆਂ ਅਸਮਾਨੀ ਚੜ੍ਹਦੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਲਗਾਤਾਰ ਡਿੱਗ ਰਹੀ ਸਾਖ ਕਾਰਨ ਤੇਲ ਕੰਪਨੀਆਂ ਦੀ ਦਰਾਮਦ ਲਾਗਤ ਬਹੁਤ ਵਧ ਗਈ ਹੈ, ਜਿਸ ਦਾ ਖ਼ਾਮਿਆਜ਼ਾ ਹੁਣ ਦੇਸ਼ ਦੇ ਆਮ ਨਾਗਰਿਕ ਨੂੰ ਭੁਗਤਣਾ ਪੈ ਰਿਹਾ ਹੈ।

Share: