Punjab Power Demand: ਪੰਜਾਬ ’ਚ ਬਿਜਲੀ ਦੀ ਮੰਗ 13,900 ਮੈਗਾਵਾਟ ਤੋਂ ਪਾਰ; ਅਨੇਕਾਂ ਹਿੱਸਿਆਂ ਵਿੱਚ ਲੱਗ ਰਹੇ ਕੱਟ

Punjab Power Demand: ਪੰਜਾਬ ’ਚ ਬਿਜਲੀ ਦੀ ਮੰਗ 13,900 ਮੈਗਾਵਾਟ ਤੋਂ ਪਾਰ; ਅਨੇਕਾਂ ਹਿੱਸਿਆਂ ਵਿੱਚ ਲੱਗ ਰਹੇ ਕੱਟ

ਪਟਿਆਲਾ : ਪੰਜਾਬ ਭਰ ਵਿੱਚ ਭਿਆਨਕ ਗਰਮੀ ਅਤੇ ਲੂ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 43 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਚੁੱਕਾ ਹੈ, ਜਿਸ ਕਾਰਨ ਬਿਜਲੀ ਦੀ ਮੰਗ ਵਿੱਚ ਰਿਕਾਰਡ ਤੋੜ ਵਾਧਾ ਦਰਜ ਕੀਤਾ ਜਾ ਰਿਹਾ ਹੈ। ਖ਼ਰਾਬ ਤਾਰਾਂ (ਫਾਲਟੀ ਲਾਈਨਾਂ) ਅਤੇ ਹੋਰ ਤਕਨੀਕੀ ਨੁਕਸਾਂ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਬਿਜਲੀ ਦੇ ਅਣਐਲਾਨੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਭਿਆਨਕ ਗਰਮੀ ਦੇ ਇਸ ਦੌਰ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਬਿਜਲੀ ਦੀ ਮੰਗ ਜਲਦ ਹੀ 14,000 ਮੈਗਾਵਾਟ ਨੂੰ ਛੂਹ ਸਕਦੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਬਿਜਲੀ ਦੀ ਮੰਗ ਪਹਿਲਾਂ ਹੀ 13,900 ਮੈਗਾਵਾਟ ਦੇ ਕਰੀਬ ਪਹੁੰਚ ਚੁੱਕੀ ਹੈ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਉੱਚਾ ਪੱਧਰ ਹੈ। ਪਾਵਰਕਾਮ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗਰਮੀ ਵਧਣ ਕਾਰਨ ਏਅਰ ਕੰਡੀਸ਼ਨਰਾਂ (AC) ਅਤੇ ਕੂਲਰਾਂ ਦੀ ਵਰਤੋਂ ਬਹੁਤ ਜ਼ਿਆਦਾ ਵਧ ਗਈ ਹੈ। ਇਸ ਤੋਂ ਇਲਾਵਾ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਅਜੇ ਸ਼ੁਰੂ ਨਹੀਂ ਹੋਈਆਂ, ਜਿਸ ਕਾਰਨ ਬਿਜਲੀ ਦੀ ਖਪਤ ਹੋਰ ਵਧ ਰਹੀ ਹੈ।

ਲੁਧਿਆਣਾ, ਜਲੰਧਰ, ਨਾਭਾ, ਅੰਮ੍ਰਿਤਸਰ ਅਤੇ ਫ਼ਿਰੋਜ਼ਪੁਰ ਸਮੇਤ ਸੂਬੇ ਦੇ ਕਈ ਹਿੱਸਿਆਂ ਦੇ ਲੋਕਾਂ ਨੇ ਬਿਜਲੀ ਸਪਲਾਈ ਵਿੱਚ ਵਿਘਨ ਦੀਆਂ ਸ਼ਿਕਾਇਤਾਂ ਕੀਤੀਆਂ ਹਨ। ਖਪਤਕਾਰਾਂ ਦਾ ਕਹਿਣਾ ਹੈ ਕਿ ਅੱਜ-ਕੱਲ੍ਹ ਆਮ ਤੌਰ ’ਤੇ 30 ਮਿੰਟ ਤੋਂ ਲੈ ਕੇ ਇੱਕ ਘੰਟੇ ਤੱਕ ਦੇ ਕੱਟ ਲੱਗ ਰਹੇ ਹਨ। ਦੂਜੇ ਪਾਸੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਿਜਲੀ ਕੱਟ ਲਗਾਉਣਾ ਉਨ੍ਹਾਂ ਦਾ ਆਖਰੀ ਵਿਕਲਪ ਹੁੰਦਾ ਹੈ, ਪਰ ਭਾਰੀ ਮੰਗ ਕਾਰਨ ਗਰਿੱਡ ਦੀ ਸਥਿਰਤਾ ਬਣਾਈ ਰੱਖਣ ਲਈ ਕੁਝ ਕਦਮ ਚੁੱਕਣੇ ਪੈਂਦੇ ਹਨ।

ਪੰਜਾਬ ਸਰਕਾਰ ਵੱਲੋਂ 1 ਜੂਨ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਦੀ ਸਮਾਂ-ਸਾਰਣੀ (ਸ਼ੈਡਿਊਲ) ਦਾ ਐਲਾਨ ਕੀਤੇ ਜਾਣ ਤੋਂ ਬਾਅਦ, ਸੂਬੇ ਵਿੱਚ ਬਿਜਲੀ ਦੀ ਮੰਗ 6 ਫੀਸਦੀ ਵਧ ਕੇ 18,000 ਮੈਗਾਵਾਟ ਦੇ ਇਤਿਹਾਸਕ ਪੱਧਰ ’ਤੇ ਪਹੁੰਚਣ ਦੀ ਉਮੀਦ ਹੈ। ਹਰ ਸਾਲ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੀ ਸਿੰਚਾਈ ਲਈ 13.94 ਲੱਖ ਤੋਂ ਵੱਧ ਟਿਊਬਵੈੱਲ ਚਲਾਏ ਜਾਂਦੇ ਹਨ। ਮਾਹਿਰਾਂ ਮੁਤਾਬਕ ਸਾਲ 2025 ਦੇ ਪਿਛਲੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ 17,200 ਮੈਗਾਵਾਟ ਸੀ, ਜੋ ਇਸ ਵਾਰ 18,000 ਮੈਗਾਵਾਟ ਨੂੰ ਪਾਰ ਕਰ ਜਾਵੇਗੀ।

ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਸਰਕਾਰ ਲਈ ਇਹ ਝੋਨੇ ਦਾ ਆਖਰੀ ਸੀਜ਼ਨ ਹੈ, ਇਸ ਲਈ ਸਰਕਾਰ ਇਸ ਸਭ ਤੋਂ ਵੱਡੀ ਚੁਣੌਤੀ ਨੂੰ ਸਫ਼ਲਤਾਪੂਰਵਕ ਨਿਪਟਾਉਣ ਦੀ ਕੋਸ਼ਿਸ਼ ਕਰੇਗੀ। ਮੌਸਮ ਦੀਆਂ ਭਵਿੱਖਬਾਣੀਆਂ ਮੁਤਾਬਕ ਇਸ ਸਾਲ ਲੂ (ਹੀਟ ਵੇਵ) ਦੇ ਦਿਨ ਪਿਛਲੇ ਸਾਲ ਨਾਲੋਂ ਜ਼ਿਆਦਾ ਹੋਣਗੇ ਅਤੇ ਮੌਨਸੂਨ ਪਿਛਲੇ 10 ਸਾਲਾਂ ਦੇ ਔਸਤ ਨਾਲੋਂ ਘੱਟ ਰਹਿਣ ਦਾ ਅਨੁਮਾਨ ਹੈ। ਅਜਿਹੇ ਪ੍ਰਤੀਕੂਲ ਹਾਲਾਤਾਂ ਦੇ ਬਾਵਜੂਦ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਟਿਊਬਵੈੱਲਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀਆਂ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ।

Share: