ਪੰਜਾਬ ’ਚ 28 ਤੋਂ ਬਦਲੇਗਾ ਮੌਸਮ ਦਾ ਮਿਜ਼ਾਜ

ਪੰਜਾਬ ’ਚ 28 ਤੋਂ ਬਦਲੇਗਾ ਮੌਸਮ ਦਾ ਮਿਜ਼ਾਜ

ਚੰਡੀਗਡ਼੍ਹ : ਪੰਜਾਬ ਤੇ ਹਰਿਆਣਾ ਵਿੱਚ ਜੇਠ ਮਹੀਨੇ ਦੌਰਾਨ ਗਰਮੀ ਨੇ ਆਪਣੇ ਹੱਥ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਗਰਮੀ ਵਧਣ ਦੇ ਨਾਲ ਹੀ ਚੱਲ ਰਹੀਆਂ ਗਰਮ ਹਵਾਵਾਂ ਨੇ ਲੋਕਾਂ ਦਾ ਘਰ ਤੋਂ ਬਾਹਰ ਤੱਕ ਨਿਕਲਣਾ ਮੁਸ਼ਕਲ ਕਰ ਦਿੱਤਾ ਹੈ। ਅੱਜ ਪੰਜਾਬ ਤੇ ਹਰਿਆਣਾ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਟੱਪ ਗਿਆ ਹੈ, ਜਿਸ ਨੇ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ। ਅੱਜ ਪੰਜਾਬ ਦਾ ਬਠਿੰਡਾ ਏਅਰਪੋਰਟ ਦਾ ਇਲਾਕਾ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 45.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜਦੋਂ ਕਿ ਹਰਿਆਣਾ ਦਾ ਸਿਰਸਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ। ਉੱਥੇ ਵੀ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਹੋਵਾਂ ਸੂਬਿਆਂ ਦੇ ਲੋਕਾਂ ਨੂੰ 28 ਮਈ ਤੋਂ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ 28 ਤੇ 29 ਮਈ ਨੂੰ ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਦੀ ਪੇਸ਼ੀਨਗੋਈ ਕੀਤੀ ਹੈ, ਜਿਸ ਦਾ ਅਸਰ 30 ਤੇ 31 ਮਈ ਨੂੰ ਵੀ ਦਿਖਾਈ ਦੇਵੇਗਾ। ਮੌਸਮ ਵਿਭਾਗ ਨੇ 28 ਤੇ 29 ਮਈ ਨੂੰ ਖਰਾਬ ਮੌਸਮ ਲਈ ਔਰੈਂਜ ਅਲਰਟ ਜਾਰੀ ਕਰ ਦਿੱਤਾ। ਇਸ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਹਲਕਾ ਤੇ ਦਰਮਿਆਣਾ ਮੀਂਹ ਪਵੇਗਾ।

ਪੰਜਾਬ ਵਿੱਚ ਗਰਮੀ ਵਧਣ ਦੇ ਨਾਲ ਹੀ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਵੱਧ ਰਹੀਆਂ ਹਨ। ਕੰਮਕਾਜੀ ਲੋਕਾਂ ਨੂੰ ਡਿਊਟੀ ’ਤੇ ਜਾਣ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਖੇਤਾਂ ਵਿੱਚ ਖੇਤੀ ਕਰਨ ਸਮੇਂ ਕਿਸਾਨਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਵਧਣ ਕਰਕੇ ਸਬਜ਼ੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਵਧੇਰੇ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਦੂਜੇ ਪਾਸੇ ਗਰਮੀ ਵਧਣ ਕਰਕੇ ਹਸਪਤਾਲਾਂ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਆਮ ਦਿਨਾਂ ਦੇ ਮੁਕਾਬਲੇ ਵੱਧ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਦਾ ਤਾਪਮਾਨ 41.6 ਡਿਗਰੀ ਸੈਲਸੀਅਸ, ਅੰਮ੍ਰਿਤਸਰ ਦਾ 41.6 ਡਿਗਰੀ ਸੈਲਸੀਅਸ, ਲੁਧਿਆਣਾ ਦਾ 42.5 ਡਿਗਰੀ ਸੈਲਸੀਅਸ, ਪਟਿਆਲਾ ਦਾ 43.4 ਡਿਗਰੀ ਸੈਲਸੀਅਸ, ਪਠਾਨਕੋਟ ਦਾ 40 ਡਿਗਰੀ ਸੈਲਸੀਅਸ, ਫਰੀਦਕੋਟ ਦਾ 42.5 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ 41.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਦਾ 41 ਡਿਗਰੀ ਸੈਲਸੀਅਸ, ਫਿਰੋਜ਼ਪੁਰ ਦਾ 40.3 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਦਾ 39.1 ਡਿਗਰੀ ਸੈਲਸੀਅਸ, ਮੁਹਾਲੀ ਦਾ 40 ਡਿਗਰੀ ਸੈਲਸੀਅਸ, ਰੂਪਨਗਰ ਦਾ 40.2 ਡਿਗਰੀ ਸੈਲਸੀਅਸ, ਫਾਜ਼ਿਲਕਾ 42.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਇਹ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਹੈ।

Share: