Private School Annual Fee: ਸਕੂਲ ਫੀਸਾਂ ’ਚ ਵਾਧੇ ਖ਼ਿਲਾਫ਼ ਕਾਨੂੰਨ ਬਣਾਉਣ ਲਈ ਚਾਰਾਜੋਈ

Private School Annual Fee: ਸਕੂਲ ਫੀਸਾਂ ’ਚ ਵਾਧੇ ਖ਼ਿਲਾਫ਼ ਕਾਨੂੰਨ ਬਣਾਉਣ ਲਈ ਚਾਰਾਜੋਈ

ਚੰਡੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਨਿੱਜੀ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫ਼ੀਸਾਂ ਵਧਾਉਣ ’ਤੇ ਲਾਈ ਰੋਕ ਤੋਂ ਬਾਅਦ ਸਿੱਖਿਆ ਵਿਭਾਗ ਨੇ ਫ਼ੀਸ ਵਾਧੇ ਨੂੰ ਰੋਕਣ ਲਈ ਕਾਨੂੰਨ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਤੁਰੰਤ ਕਾਨੂੰਨ ਦਾ ਖਰੜਾ ਤਿਆਰ ਕਰਨ ਦੀ ਹਦਾਇਤ ਕੀਤੀ ਹੈ, ਜਿਸ ਨਾਲ ਨਿੱਜੀ ਸਕੂਲਾਂ ਵੱਲੋਂ ਸਾਲਾਨਾ ਫ਼ੀਸ ਵਾਧੇ ਨੂੰ 5 ਫ਼ੀਸਦ ਤੱਕ ਸੀਮਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਤਿੰਨ ਸਾਲਾਂ ਵਿੱਚ 15 ਫ਼ੀਸਦ ਤੋਂ ਵੱਧ ਫ਼ੀਸਾਂ ਵਸੂਲਣ ਵਾਲੇ ਸਕੂਲਾਂ ਤੋਂ ਵਿਦਿਆਰਥੀਆਂ ਨੂੰ ਫ਼ੀਸ ਵਾਪਸ ਕਰਵਾਈ ਜਾ ਸਕੇ। ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਭਰ ਦੇ ਲਗਪਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਸੂਬਾ ਸਰਕਾਰ ਦਾ ਇਹ ਫ਼ੈਸਲਾ 32 ਲੱਖ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਲਾਹੇਵੰਦ ਸਾਬਤ ਹੋਵੇਗਾ। ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ਸੁਪਰੀਮ ਕੋਰਟ ਨੇ ਪਹਿਲਾਂ ਵੀ ਕਈ ਵਾਰ ਫ਼ੈਸਲਾ ਸੁਣਾਇਆ ਹੈ ਕਿ ਨਿੱਜੀ ਸੰਸਥਾਵਾਂ ਨੂੰ ਵਾਜਬ ਫ਼ੀਸ ਲੈਣ ਦਾ ਅਧਿਕਾਰ ਹੈ, ਪਰ ਸਿੱਖਿਆ ਖੇਤਰ ਵਿੱਚ ਵਪਾਰੀਕਰਨ ਅਤੇ ਮੁਨਾਫ਼ਾਖੋਰੀ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੇ 2019 ਵਿੱਚ ਪ੍ਰਾਈਵੇਟ ਸਕੂਲਾਂ ਨੂੰ ਫ਼ੀਸਾਂ ਵਧਾਉਣ ਦੀ ਖੁੱਲ੍ਹ ਦਿੱਤੀ ਸੀ। ਸਕੂਲਾਂ ਨੂੰ ਮਹਿਜ਼ ਨੋਟਿਸ ਬੋਰਡਾਂ ਅਤੇ ਵੈੱਬਸਾਈਟਾਂ ਜ਼ਰੀਏ ਸੋਧੀਆਂ ਫ਼ੀਸਾਂ ਬਾਰੇ ਜਾਣਕਾਰੀ ਪ੍ਰਦਰਸ਼ਿਤ ਕਰਨ ਤੋਂ ਬਾਅਦ ਫ਼ੀਸ ਢਾਂਚੇ ਨੂੰ ਸੋਧਣ ਦੀ ਇਜਾਜ਼ਤ ਦਿੱਤੀ ਗਈ ਸੀ, ਜਿਸ ’ਤੇ ਰੈਗੂਲੇਟਰੀ ਨਿਗਰਾਨੀ ਬਹੁਤ ਘੱਟ ਸੀ। ਇਸ ਨਾਲ ਮਨਮਾਨੇ ਢੰਗ ਨਾਲ ਫ਼ੀਸ ਵਧਾਉਣ ਦਾ ਰਾਹ ਖੁੱਲ੍ਹ ਗਿਆ ਅਤੇ ਪੰਜਾਬ ਭਰ ਦੇ ਮਾਪਿਆਂ ’ਤੇ ਵਿੱਤੀ ਬੋਝ ਵਧਦਾ ਗਿਆ। ਹੁਣ ‘ਆਪ’ ਸਰਕਾਰ ਵੱਲੋਂ ਨਿੱਜੀ ਸਕੂਲਾਂ ਨੂੰ ਆਪਣੀ ਮਨ-ਮਰਜ਼ੀ ਨਾਲ ਫ਼ੀਸਾਂ ਵਿੱਚ ਵਾਧਾ ਨਹੀਂ ਕਰਨ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਨਿਯਮਾਂ ਦੇ ਉਲਟ ਜਾ ਕੇ ਫ਼ੀਸ ਵਸੂਲਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Share: