AAP ਨੇ ਉੱਚ ਅਹੁਦਿਆਂ ’ਤੇ ਬਾਹਰੀ ਲੋਕ ਬਿਠਾਏ: Sukhbir Badal

AAP ਨੇ ਉੱਚ ਅਹੁਦਿਆਂ ’ਤੇ ਬਾਹਰੀ ਲੋਕ ਬਿਠਾਏ: Sukhbir Badal

ਚੰਡੀਗਡ਼੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਉੱਚੇ ਅਹੁਦਿਆਂ ’ਤੇ ਪੰਜਾਬ ਤੋਂ ਬਾਹਰੀ ਵਿਅਕਤੀਆਂ ਨੂੰ ਬਿਠਾਉਣ ਵਿਰੁੱਧ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨਿੱਤਰ ਆਈਆਂ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਸਕੱਤਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦਾ ਚੇਅਰਮੈਨ ਲਗਾਉਣ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ‘ਆਪ’ ਵੱਲੋਂ ਆਪਣੀ ਲੁੱਟ-ਖਸੁੱਟ ਦੀ ਨੀਤੀ ਤਹਿਤ ਪੰਜਾਬ ਵਿੱਚ ਉੱਚ ਅਹੁਦਿਆਂ ’ਤੇ ਬਾਹਰੀ ਲੋਕਾਂ ਨੂੰ ਬਿਠਾਇਆ ਜਾ ਰਿਹਾ ਹੈ। ਇਸੇ ਤਰਜ਼ ’ਤੇ ਲੰਘੇ ਦਿਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨਰ ਦੇ ਚੇਅਰਮੈਨ ਦੇ ਅਹੁਦੇ ’ਤੇ ਵੀ ਪੰਜਾਬੀ ਦੀ ਚੋਣ ਕਰਨ ਦੀ ਥਾਂ ’ਤੇ ਹਿਮਾਚਲ ਪ੍ਰਦੇਸ਼ ਦੇ ਵਿਅਕਤੀ ਨੂੰ ਨਿਯੁਕਤ ਕੀਤਾ।

ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਸਰੋਤਾਂ ’ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪੂਰਾ ਕੰਟਰੋਲ ਯਕੀਨੀ ਬਣਾਉਣ ਲਈ ਦਿੱਲੀ, ਰਾਜਸਥਾਨ, ਹਿਮਾਚਲ ਅਤੇ ਹਰਿਆਣਾ ਦੇ ਬਾਹਰੀ ਲੋਕਾਂ ਨੂੰ ਉੱਚ ਅਹੁਦੇ ਸੌਂਪੇ ਜਾ ਰਹੇ ਹਨ। ਇਸੇ ਕਾਰਨ ‘ਆਪ’ ਨੇ ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਉੱਚੇ ਅਹੁਦਿਆਂ ’ਤੇ ਬਾਹਰੀ ਲੋਕਾਂ ਨੂੰ ਬਿਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਪਹਿਲਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਅਤੇ ਪੰਜਾਬ ਵਿਕਾਸ ਕਮਿਸ਼ਨ ’ਚ ਸੀਮਾ ਬਾਂਸਲ, ਅਨੁਰਾਗ ਕੁੰਡੂ, ਸ਼ੋਇਕਤ ਰਾਏ ਤੇ ਵੈਭਵ ਮਹੇਸ਼ਵਰੀ ਨੂੰ ਲਗਾਇਆ। ਇਸੇ ਤਰ੍ਹਾਂ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਵਜੋਂ ਵਿਭਵ ਕੁਮਾਰ, ਪੰਜਾਬ ਵਿੱਤੀ ਮਾਮਲਿਆਂ ਦਾ ਸਲਾਹਕਾਰ ਅਰਬਿੰਦ ਮੋਦੀ ਅਤੇ ਸੇਬੇਸਟੀਅਨ ਜੇਮਜ਼, ਪੰਜਾਬ ਉਦਯੋਗਿਕ ਵਿਕਾਸ ਬੋਰਡ ਦਾ ਚੇਅਰਮੈਨ ਦੀਪਕ ਚੌਹਾਨ, ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦਾ ਚੇਅਰਮੈਨ ਸੰਤ ਪ੍ਰਕਾਸ਼ ਅਤੇ ਪੰਜਾਬ ਤੀਰਥ ਯਾਤਰਾ ਕਮੇਟੀ ਦਾ ਚੇਅਰਮੈਨ ਕਮਲ ਬਾਂਸਲ ਨੂੰ ਲਾਇਆ ਗਿਆ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਉੱਚ ਅਹੁਦਿਆਂ ’ਤੇ ਪੰਜਾਬ ਨਾਲ ਸਬੰਧਤ ਅਧਿਕਾਰੀਆਂ ਨੂੰ ਹੀ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ।

ਵੜਿੰਗ ਨੇ ਬਾਹਰੀ ਬੰਦੇ ਦੀ ਨਿਯੁਕਤੀ ਦੀ ਨਿਖੇਧੀ ਕੀਤੀ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਵਜੋਂ ਬਾਹਰੀ ਵਿਅਕਤੀ ਦੀ ਨਿਯੁਕਤ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਸਕੱਤਰ ਸੰਜੇ ਗੁਪਤਾ ਨੂੰ ਪੀ ਐੱਸ ਈ ਆਰ ਸੀ ਦਾ ਚੇਅਰਮੈਨ ਨਿਯੁਕਤ ਕਰ ਕੇ ‘ਆਪ’ ਨੇ ਪੰਜਾਬੀਆਂ ਦਾ ਅਪਮਾਨ ਕੀਤਾ ਹੈ। ਜਿਨ੍ਹਾਂ ਅਹੁਦਿਆਂ ’ਤੇ ਪੰਜਾਬੀਆਂ ਦਾ ਹੱਕ ਬਣਦਾ ਹੈ, ਉੱਥੇ ਬਾਹਰੀ ਲੋਕਾਂ ਨੂੰ ਬਿਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਵਾਂਗ ਕੰਮ ਕਰ ਰਹੀ ਹੈ, ਜੋ ਆਪਣੀ ਮਰਜ਼ੀ ਨਾਲ ਪੰਜਾਬੀਆਂ ਦੇ ਹੱਕਾਂ ਦਾ ਘਾਣ ਕਰ ਰਹੀ ਹੈ।

Share: