ਚੰਡੀਗਡ਼੍ਹ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਇਕ-ਇਕ ਹਜ਼ਾਰ ਰੁਪਏ ਦੇਣ ਦੇ ਫ਼ੈਸਲੇ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੱਤਾ ਵਿੱਚ ਆਉਂਦੇ ਹੀ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਸੀ, ਪਰ ਆਖ਼ਰੀ ਸਾਲ ਵਿੱਚ ਇਹ ਵਾਅਦਾ ਪੁੂਰਾ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਔਰਤਾਂ ਨਾਲ ਧੋਖਾ ਕੀਤਾ ਹੈ। ਔਰਤਾਂ ਨੂੰ ਪੰਜ ਸਾਲਾਂ ਦੌਰਾਨ 60 ਹਜ਼ਾਰ ਰੁਪਏ ਮਿਲਣੇ ਸਨ, ਪਰ ‘ਆਪ’ ਸਿਰਫ਼ 6 ਹਜ਼ਾਰ ਰੁਪਏ ਦੇ ਕੇ ਪੱਲਾ ਝਾੜ ਰਹੀ ਹੈ। ਸ੍ਰੀ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੱਤਾ ਵਿੱਚ ਆਉਣ ’ਤੇ ਔਰਤਾਂ ਨੂੰ ਵਿੱਤੀ ਮਦਦ ਤੇ ਹੋਰ ਲੋਕ ਭਲਾਈ ਯੋਜਨਾਵਾਂ ਦਾ ਲਾਭ ਯਕੀਨੀ ਤੌਰ ’ਤੇ ਦਿੱਤਾ ਜਾਵੇਗਾ। ਵੜਿੰਗ ਨੇ ਕਿਹਾ ਕਿ ‘ਆਪ’ ਵੱਲੋਂ ਔਰਤਾਂ ਨਾਲ ਕੀਤੀ ਗਈ 54 ਹਜ਼ਾਰ ਰੁਪਏ ਦੀ ਧੋਖਾਧੜੀ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਹਰੇਕ ਸ਼ਹਿਰ ਤੇ ਪਿੰਡ ਤੱਕ ਪਹੁੰਚ ਕਰ ਕੇ ਔਰਤਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੀ ਧੱਕੇਸ਼ਾਹੀ ਬਾਰੇ ਜਾਣੂ ਕਰਵਾਇਆ ਜਾਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜੇ ‘ਆਪ’ ਸੱਚ ਵਿੱਚ ਔਰਤਾਂ ਨੂੰ ਵਿੱਤੀ ਮਦਦ ਦੇਣਾ ਚਾਹੁੰਦੀ ਹੈ ਤਾਂ ਉਹ ਔਰਤਾਂ ਨੂੰ 6-6 ਹਜ਼ਾਰ ਰੁਪਏ ਦੀ ਥਾਂ ਪੰਜ ਸਾਲਾਂ ਦੇ 60-60 ਹਜ਼ਾਰ ਰੁਪਏ ਦੇਵੇ।

