ਚੰਡੀਗਡ਼੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਕੋਲ ਪੰਜਾਬ ਵਿੱਚ ਡੀ ਏ ਪੀ ਖਾਦ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ ਪੀ ਨੱਢਾ ਨੂੰ ਪੱਤਰ ਲਿੱਖ ਕੇ ਪੰਜਾਬ ਵਿੱਚ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਡੀ ਏ ਪੀ ਅਤੇ ਯੂਰੀਆ ਖਾਦਾਂ ਦੀ ਨਿਰਵਿਘਨ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸ੍ਰੀ ਢਿੱਲੋਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਪੰਜਾਬ ਅੰਦਰ ਖਾਦਾਂ ਦੀ ਮੰਗ ਸਿਖਰ ’ਤੇ ਹੁੰਦੀ ਹੈ। ਇਸ ਦੌਰਾਨ ਕੁਝ ਗ਼ੈਰ-ਸਮਾਜਿਕ ਅਨਸਰ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਸ਼ੁਰੂ ਕਰ ਦਿੰਦੇ ਹਨ, ਜਿਸ ਕਾਰਨ ਖਾਦਾਂ ਦੀ ਕਿੱਲਤ ਸ਼ੁਰੂ ਹੋ ਜਾਂਦੀ ਹੈ।
ਇਸ ਦਾ ਅਸਰ ਫ਼ਸਲ ਦੇ ਝਾੜ ਅਤੇ ਦੇਸ਼ ਦੇ ਅੰਨ ਭੰਡਾਰ ’ਤੇ ਪੈਂਦਾ ਹੈ। ਇਸੇ ਦੌਰਾਨ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੇ ਦੁਕਾਨਾਂ ਦੇ ਬਾਹਰ ਲੰਮੀਆਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਹੈ ਅਤੇ ਐੱਮ ਆਰ ਪੀ ਤੋਂ ਵੱਧ ਕੀਮਤਾਂ ’ਤੇ ਖਾਦ ਖਰੀਦਣ ਲਈ ਮਜਬੂਰ ਹੋਣਾ ਪੈਂਦਾ ਹੈ। ਸ੍ਰੀ ਢਿੱਲੋਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਲਈ ਡੀ ਏ ਪੀ ਦਾ ਵਾਧੂ ਕੋਟਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਮੰਗ ਵਧਣ ਤੋਂ ਪਹਿਲਾਂ ਹੀ ਸੂਬੇ ਵਿੱਚ 2 ਤੋਂ 3 ਲੱਖ ਮੀਟ੍ਰਿਕ ਟਨ ਦਾ ਵਾਧੂ ਭੰਡਾਰ ਤਿਆਰ ਰੱਖਿਆ ਜਾਵੇ।
ਉਨ੍ਹਾਂ ਯੂਰੀਆ ਖਾਦ ਦੀ ਸਪਲਾਈ ਲਈ ਮਹੀਨਾਵਾਰ ਸ਼ਡਿਊਲ ਬਣਾ ਕੇ ਪੰਜਾਬ ਸਰਕਾਰ ਨਾਲ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਵੰਡ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਜਾ ਸਕੇ।
ਖਾਦ ਵੰਡ ਦੇ ਫਾਰਮੂਲੇ ਦੀ ਸਮੀਖਿਆ ਕੀਤੀ ਜਾਵੇ: ਢਿੱਲੋਂ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਸੰਘਣੀ ਖੇਤੀ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਸੂਬੇ ਦੇ ਵੱਡੇ ਯੋਗਦਾਨ ਨੂੰ ਮੁੱਖ ਰੱਖਦਿਆਂ ਖਾਦਾਂ ਦੀ ਵੰਡ ਦੇ ਮੌਜੂਦਾ ਫਾਰਮੂਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਸ ਦੀ ਅਸਲ ਲੋੜ ਮੁਤਾਬਕ ਵੱਧ ਕੋਟਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਖਾਦ ਦੀ ਕਿੱਲਤ ਅਤੇ ਕਾਲਾ ਬਾਜ਼ਾਰੀ ਦਾ ਸਾਹਮਣਾ ਨਾ ਕਰਨਾ ਪਵੇ।

