ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੀਆਂ ਤਿੰਨ ਅਹਿਮ ਨਗਰ ਕੌਂਸਲਾਂ-ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੀਆਂ ਆਮ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈਣ ਦਾ ਕੰਮ ਅਮਨ-ਸ਼ਾਂਤੀ ਨਾਲ ਸ਼ੁਰੂ ਹੋ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਦਿੱਤਿਆ ਉੱਪਲ ਦੀ ਦੇਖਰੇਖ ਹੇਠ ਸਾਰੇ ਪੋਲਿੰਗ ਬੂਥਾਂ ’ਤੇ ਪੋਲਿੰਗ ਪਾਰਟੀਆਂ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਸਵੇਰ ਤੋਂ ਹੀ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਇਹ ਵੋਟਿੰਗ ਪ੍ਰਕਿਰਿਆ ਅੱਜ ਸ਼ਾਮ 4 ਵਜੇ ਤੱਕ ਨਿਰੰਤਰ ਜਾਰੀ ਰਹੇਗੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਬਿਲਕੁਲ ਨਿਰਪੱਖ, ਪਾਰਦਰਸ਼ੀ ਅਤੇ ਅਜ਼ਾਦ ਮਾਹੌਲ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਾਮ 4 ਵਜੇ ਵੋਟਾਂ ਪੈਣ ਦਾ ਸਮਾਂ ਖ਼ਤਮ ਹੋਣ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ਦੇ ਅੰਦਰ ਹੀ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਅੱਜ ਹੀ ਨਤੀਜੇ ਸਾਹਮਣੇ ਆ ਜਾਣਗੇ। ਪ੍ਰਸ਼ਾਸਨ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ।
ਸੁਰੱਖਿਆ ਦੇ ਸਖ਼ਤ ਪ੍ਰਬੰਧ: ਸ਼ਰਾਰਤੀ ਅਨਸਰਾਂ ’ਤੇ ਪੁਲੀਸ ਦੀ ਤਿੱਖੀ ਨਜ਼ਰ
ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਬੇਹੱਦ ਸਖ਼ਤ ਪ੍ਰਬੰਧ ਕੀਤੇ ਗਏ ਹਨ। ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਅਤੇ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਸਾਰੇ ਪੋਲਿੰਗ ਬੂਥਾਂ ‘ਤੇ ਭਾਰੀ ਪੁਲੀਸ ਫੋਰਸ ਤਾਇਨਾਤ ਹੈ ਅਤੇ ਪੁਲੀਸ ਦੀਆਂ ਗਸ਼ਤੀ ਪਾਰਟੀਆਂ ਲਗਾਤਾਰ ਇਲਾਕੇ ਵਿੱਚ ਫੇਰੀ ਪਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੀ ਸ਼ਰਾਰਤੀ ਅਨਸਰ ਨੇ ਅਮਨ-ਸ਼ਾਂਤੀ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕਿੱਥੇ ਕਿੰਨੇ ਵਾਰਡਾਂ ’ਚ ਹੋ ਰਹੀ ਹੈ ਵੋਟਿੰਗ:
ਅੱਜ ਹੋ ਰਹੀਆਂ ਇਨ੍ਹਾਂ ਚੋਣਾਂ ਵਿੱਚ ਨਗਰ ਕੌਂਸਲ ਗੁਰਦਾਸਪੁਰ ਦੇ 29 ਵਾਰਡ, ਦੀਨਾਨਗਰ ਨਗਰ ਕੌਂਸਲ ਦੇ 15 ਵਾਰਡ ਅਤੇ ਕਾਦੀਆਂ ਨਗਰ ਕੌਂਸਲ ਦੇ 15 ਵਾਰਡ ਸ਼ਾਮਲ ਹਨ। ਇਨ੍ਹਾਂ ਕੁੱਲ 59 ਵਾਰਡਾਂ ਦੇ ਵੋਟਰ ਅੱਜ ਵੱਖ-ਵੱਖ ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਬੈਲਟ ਬਾਕਸਾਂ ਵਿੱਚ ਬੰਦ ਕਰਨਗੇ।

