ਲਾਭਪਾਤਰੀਆਂ ਨੂੰ ਮਿਲੀ ਵੱਡੀ ਰਾਹਤ

ਜਲੰਧਰ (ਮਨੀਸ਼ ਰਿਹਾਨ) ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮ ‘ਮੇਰੀ ਰਸੋਈ’ ਤਹਿਤ ਅੱਜ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਦਿਨੇਸ਼ ਢੱਲ ਨੇ ਖੁਦ ਵੱਖ-ਵੱਖ ਡਿਪੂਆਂ ਦਾ ਦੌਰਾ ਕਰਕੇ ਵੰਡ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਲਾਭਪਾਤਰੀਆਂ ਨੂੰ ਕਿੱਟਾਂ ਸੌਂਪੀਆਂ।

ਵੰਡ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਰਾਸ਼ਨ ਕਾਰਡ ਧਾਰਕ ਪਰਿਵਾਰ ਮੌਜੂਦ ਰਹੇ। ਲਾਭਪਾਤਰੀਆਂ ਨੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਸਹੂਲਤ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਰਸੋਈ ਦੇ ਜ਼ਰੂਰੀ ਸਮਾਨ ਦੀ ਇਹ ਮਦਦ ਉਨ੍ਹਾਂ ਲਈ ਕਾਫ਼ੀ ਲਾਭਦਾਇਕ ਸਾਬਤ ਹੋਵੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਦਿਨੇਸ਼ ਢੱਲ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ’ ਸਕੀਮ ਦਾ ਉਦੇਸ਼ ਲੋੜਵੰਦ ਪਰਿਵਾਰਾਂ ਦੇ ਘਰੇਲੂ ਖਰਚੇ ਨੂੰ ਘਟਾਉਣਾ ਅਤੇ ਉਨ੍ਹਾਂ ਨੂੰ ਜ਼ਰੂਰੀ ਖੁਰਾਕੀ ਸਮੱਗਰੀ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰ ਯੋਗ ਪਰਿਵਾਰ ਨੂੰ ਇੱਕ ਕਿੱਟ ਦਿੱਤੀ ਜਾ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਹੱਕਦਾਰ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਡਿਪੂ ਹੋਲਡਰਾਂ ਅਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਸਹਿਯੋਗ ਨਾਲ ਵੰਡ ਪ੍ਰਕਿਰਿਆ ਸੁਚਾਰੂ ਢੰਗ ਨਾਲ ਸੰਪੰਨ ਹੋ ਰਹੀ ਹੈ।
ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਭੁਲਿੰਦਰ ਸਿੰਘ ਦੀ ਦੇਖ-ਰੇਖ ਹੇਠ ਡਿਪੂ ਹੋਲਡਰਾਂ ਰਾਹੀਂ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਡਿਪੂ ਹੋਲਡਰਾਂ ਨੇ ਵੀ ਵੰਡ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਈ।
ਲਾਭਪਾਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਵੱਡਾ ਸਹਾਰਾ ਹੈ ਅਤੇ ਇਸ ਨਾਲ ਘਰੇਲੂ ਬਜਟ ਉੱਤੇ ਪੈਣ ਵਾਲਾ ਬੋਝ ਕੁਝ ਹੱਦ ਤੱਕ ਘੱਟ ਹੋਵੇਗਾ।
ਇਸ ਮੌਕੇ ਇਲਾਕੇ ਦੇ ਪਤਵੰਤੇ ਵਿਅਕਤੀ, ਪਾਰਟੀ ਵਰਕਰ, ਡਿਪੂ ਹੋਲਡਰ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਵੀ ਹਾਜ਼ਰ ਸਨ।

