ਜਗਰਾਉਂ : ਇਲਾਕੇ ਵਿੱਚ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ। ਬਿਜਲੀ ਦੀ ਨਾਕਸ ਸਪਲਾਈ ਤੋਂ ਅੱਕੇ ਕਿਸਾਨਾਂ ਨੇ ਅੱਜ ਛੁੱਟੀ ਹੋਣ ਦੇ ਬਾਵਜੂਦ ਪਾਵਰਕੌਮ ਦਫ਼ਤਰ ਦੇ ਅੱਗੇ ਜ਼ੋਰਦਾਰ ਮੁਜ਼ਾਹਰਾ ਕੀਤਾ। ਇੱਕ ਪਾਸੇ ਜਿੱਥੇ ਝੋਨਾ ਲਾਉਣ ਲਈ ਪੂਰੀ ਬਿਜਲੀ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ ਹਨ, ਉੱਥੇ ਦੂਜੇ ਪਾਸੇ ਅਤਿ ਦੀ ਗਰਮੀ ਅਤੇ ਹੁੰਮਸ ਵਿੱਚ ਲੰਬੇ ਕੱਟਾਂ ਕਾਰਨ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ਦਾ ਜੀਵਨ ਵੀ ਦੁੱਭਰ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਪੰਜਾਬ ਕਿਸਾਨ ਯੂਨੀਅਨ ਦੇ ਬੂਟਾ ਸਿੰਘ ਚਕਰ ਅਤੇ ਜਮਹੂਰੀ ਕਿਸਾਨ ਸਭਾ ਦੇ ਬਲਰਾਜ ਸਿੰਘ ਕੋਟਉਮਰਾ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਵਿੱਚ ਵਾਅਦੇ ਮੁਤਾਬਕ ਅੱਠ ਘੰਟੇ ਬਿਜਲੀ ਦੇਣ ਦੀ ਬਜਾਏ ਸਿਰਫ਼ ਚਾਰ-ਪੰਜ ਘੰਟੇ ਟੁੱਟਵੀਂ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਕਾਰਨ ਫ਼ਸਲਾਂ ਸੁੱਕਣ ਕੰਢੇ ਹਨ। ਉਨ੍ਹਾਂ ਸਰਕਾਰ ਵੱਲੋਂ ਥਰਮਲ ਪਲਾਂਟ ਕਾਮਿਆਂ ਦੀ ਹੜਤਾਲ ਦਾ ਬਹਾਨਾ ਬਣਾਉਣ ਦੀ ਨਿੰਦਾ ਕਰਦਿਆਂ ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨਣ ਅਤੇ ਖੇਤੀ ਲਈ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਜਲੀ ਸਪਲਾਈ ਬਾਰੇ ਦਾਅਵਿਆਂ ਨੂੰ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਦੱਸਿਆ। ਇਸ ਦੌਰਾਨ ਕਿਸਾਨ ਆਗੂ ਕਰਮਜੀਤ ਸਿੰਘ ਕਾਉਂਕੇ ਅਤੇ ਗੁਰਤੇਜ ਸਿੰਘ ਅਖਾੜਾ ਨੇ ਘਰੇਲੂ ਰਸੋਈ ਗੈਸ ਦੀ ਕਿੱਲਤ ਦਾ ਗੰਭੀਰ ਮੁੱਦਾ ਵੀ ਚੁੱਕਿਆ। ਉਨ੍ਹਾਂ ਦੋਸ਼ ਲਾਇਆ ਕਿ ਸ਼ਹਿਰਾਂ ਵਿੱਚ 25 ਦਿਨਾਂ ਬਾਅਦ ਅਤੇ ਪਿੰਡਾਂ ਵਿੱਚ 45 ਦਿਨਾਂ (ਡੇਢ ਮਹੀਨੇ) ਬਾਅਦ ਗੈਸ ਸਿਲੰਡਰ ਦੀ ਸਪਲਾਈ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜੋ ਪੇਂਡੂ ਲੋਕਾਂ ਨਾਲ ਸਿੱਧਾ ਧੱਕਾ ਹੈ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਮੰਗ ਕੀਤੀ ਕਿ ਰਸੋਈ ਗੈਸ ਦੀ ਸਪਲਾਈ ਨੂੰ ਪਿੰਡਾਂ ਵਿੱਚ ਵੀ 25 ਦਿਨਾਂ ਦੇ ਅੰਦਰ ਯਕੀਨੀ ਬਣਾਇਆ ਜਾਵੇ, ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।
ਨਿਰਵਿਘਨ ਬਿਜਲੀ ਦੇਣ ਦੇ ਵਾਅਦਿਆਂ ਦੀ ਨਿਕਲੀ ਫੂਕ: ਭੰਗੂ
ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਫੌਰੀ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿਨ ਵੇਲੇ ਨਿਰਵਿਘਨ ਬਿਜਲੀ ਦੇਣ ਦੇ ਕੀਤੇ ਵਾਅਦਿਆਂ ਦੀ ਫੂਕ ਨਿਕਲ ਚੁੱਕੀ ਹੈ ਅਤੇ ਇਸ ਵੇਲੇ ਪੂਰੇ ਪੰਜਾਬ ਦੇ ਕਿਸਾਨਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ। ਖੇਤੀਬਾੜੀ ਮੰਤਰੀ ਅਤੇ ਬਿਜਲੀ ਮੰਤਰੀ ਇਸ ਗੰਭੀਰ ਮਾਮਲੇ ’ਤੇ ਪੂਰੀ ਤਰ੍ਹਾਂ ਚੁੱਪ ਧਾਰੀ ਬੈਠੇ ਹਨ। ਭੰਗੂ ਨੇ ਦੱਸਿਆ ਕਿ ਮੋਟਰਾਂ ਲਈ ਬਿਜਲੀ ਸਪਲਾਈ ਅੱਠ ਘੰਟਿਆਂ ਤੋਂ ਸਿਮਟ ਕੇ ਸਿਰਫ਼ ਚਾਰ ਘੰਟੇ ਰਹਿ ਗਈ ਹੈ, ਉਹ ਵੀ ਭਾਰੀ ਕੱਟਾਂ ਦੇ ਰੂਪ ਵਿੱਚ ਮਿਲ ਰਹੀ ਹੈ। ਇਸ ਕਾਰਨ ਕਿਸਾਨਾਂ ਨੂੰ ਮਹਿੰਗਾ ਡੀਜ਼ਲ ਫੂਕ ਕੇ ਜੈਨਰੇਟਰਾਂ ਰਾਹੀਂ ਮੋਟਰਾਂ ਚਲਾ ਕੇ ਝੋਨਾ ਬਚਾਉਣਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਬਿਜਲੀ ਸਪਲਾਈ ਫੌਰੀ ਨਾ ਸੁਧਾਰੀ ਤਾਂ ਕਿਸਾਨ ਜਥੇਬੰਦੀਆਂ ਸੜਕਾਂ ’ਤੇ ਉਤਰਨਗੀਆਂ।

