ਚੰਡੀਗਡ਼੍ਹ : ਕਸ਼ਮੀਰ ਦੇ ਗੁਲਮਰਗ ਵਿਖੇ ਸਥਿਤ ਗੁਰਦੁਆਰੇ ਦਾ ਨਾਮ ਬਦਲਣ ਦੀ ਤਜਵੀਜ਼ ਕਾਰਨ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸਥਾਨਕ ਸਿੱਖ ਭਾਈਚਾਰੇ ਦੇ ਤਿੱਖੇ ਵਿਰੋਧ ਨੂੰ ਦੇਖਦਿਆਂ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰਾਮੂਲਾ ਨੇ ਇਸ ਫ਼ੈਸਲੇ ਨੂੰ ਮੁਲਤਵੀ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਜ਼ਿਲ੍ਹਾ ਕਮੇਟੀ ਨੂੰ ਗੁਰਦੁਆਰਾ ਭਾਈ ਵੀਰ ਸਿੰਘ ਦਾ ਨਾਮ ਬਦਲ ਕੇ ਗੁਰਦੁਆਰਾ ਗੁਰੂ ਅੰਗਦ ਦੇਵ ਜੀ ਰੱਖਣ ਦਾ ਨਿਰਦੇਸ਼ ਦਿੱਤਾ ਸੀ। ਇਸ ਕਦਮ ਨਾਲ ਸਥਾਨਕ ਸਿੱਖ ਸ਼ਰਧਾਲੂਆਂ, ਬੁੱਧੀਜੀਵੀਆਂ ਅਤੇ ਭਾਈਚਾਰੇ ਦੇ ਆਗੂਆਂ ਵਿੱਚ ਰੋਸ ਫੈਲ ਗਿਆ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਫ਼ੈਸਲਾ ਸਹੀ ਨਹੀਂ ਹੈ, ਸਗੋਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਨ੍ਹਾਂ ਹੁਕਮਾਂ ਦੀ ਕਾਨੂੰਨੀ ਵਾਜਬੀਅਤ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਈ, ਕਿਉਂਕਿ ਗੁਰਦੁਆਰਾ ਭਾਈ ਵੀਰ ਸਿੰਘ ਉਸ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ। ਲੋਕਾਂ ਨੇ ਦੋਸ਼ ਲਾਇਆ ਕਿ ਗੁਰਦੁਆਰੇ ਦੀ ਜ਼ਮੀਨ ਨੂੰ ਲੀਜ਼ ’ਤੇ ਦੇ ਕੇ ਇਸ ਨੂੰ ਹੋਟਲ ਜਾਂ ਵਪਾਰਕ ਕੰਪਲੈਕਸ ਵਿੱਚ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਇਸ ਦੀ ਆਧਿਆਤਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਨੁਕਸਾਨ ਪਹੁੰਚ ਸਕਦਾ ਹੈ। ਜ਼ਿਲ੍ਹਾ ਗੁਰਦੁਆਰਾ ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ ਨੇ ਕਿਹਾ, ‘‘ਅਸੀਂ ਧਾਰਮਿਕ ਵਿਕਾਸ ਦੇ ਨਾਂ ’ਤੇ ਇਸ ਗੁਰਦੁਆਰੇ ਦਾ ਵਪਾਰੀਕਰਨ ਬਰਦਾਸ਼ਤ ਨਹੀਂ ਕਰਾਂਗੇ।’’ ਕਮੇਟੀ ਦੇ ਇਕ ਹੋਰ ਮੈਂਬਰ ਮਨਮੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਬਾਹਰੀ ਕੋਸ਼ਿਸ਼ਾਂ ਗੁਰਦੁਆਰੇ ਦੀ ਅਧਿਆਤਮਿਕ ਅਤੇ ਇਤਿਹਾਸਕ ਪਛਾਣ ਨੂੰ ਕਮਜ਼ੋਰ ਕਰ ਸਕਦੀਆਂ ਹਨ। ਇਹ ਗੁਰਦੁਆਰਾ ਲਗਪਗ 37 ਸਾਲ ਪਹਿਲਾਂ ਨੁਕਸਾਨਿਆ ਗਿਆ ਸੀ, ਜਿਸ ਦੀ ਮੁੜ ਉਸਾਰੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ, ‘‘ਸਥਾਨਕ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਗੁਰਦੁਆਰੇ ਦਾ ਨਾਮ ਬਦਲਣ ਦੀ ਪ੍ਰਕਿਰਿਆ ਫ਼ਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ।’’ ਉਨ੍ਹਾਂ ਸਪਸ਼ਟ ਕੀਤਾ ਕਿ ਹੁਣ ਇਸ ਸਬੰਧੀ ਅੰਤਿਮ ਫ਼ੈਸਲਾ ਸੰਗਤ ਕਰੇਗੀ।
Posted inChandigarh
ਗੁਰਦੁਆਰੇ ਦਾ ਨਾਂ ਬਦਲਣ ਦੀ ਤਜਵੀਜ਼ ਮੁਲਤਵੀ

