ਚੰਡੀਗਡ਼੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਮੀਟਿੰਗ ਵਿੱਚ ਅੱਜ ਪਹਾੜੀ ਸੂਬਿਆਂ ਦੀ ਤਰਜ਼ ’ਤੇ ਪੰਜਾਬ ਨੂੰ ਸਪੈਸ਼ਲ ਕੈਟਾਗਰੀ ਸਟੇਟਸ ਦੇਣ ਦੀ ਮੰਗ ਰੱਖੀ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਵੀ ਮੰਗਿਆ। ਕੇਂਦਰੀ ਸਕੀਮਾਂ ’ਚ ਫੰਡਿੰਗ ਲਈ ਕੇਂਦਰ ਤੇ ਸੂਬਿਆਂ ਦਾ ਅਨੁਪਾਤ 90:10 ਰੱਖਣ ਲਈ ਕਿਹਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਨੇ ਪੰਜਾਬ ਦਾ ਕੇਸ ਜ਼ੋਰਦਾਰ ਤਰੀਕੇ ਨਾਲ ਰੱਖਿਆ। ਮੁੱਖ ਮੰਤਰੀ ਨੇ ਕਰੀਬ ਸੱਤ ਮਿੰਟਾਂ ਦੇ ਭਾਸ਼ਣ ’ਚ ਸਮੁੱਚੇ ਪੰਜਾਬ ਦੇ ਮਸਲਿਆਂ ਅਤੇ ਮੰਗਾਂ ਦਾ ਸੰਖੇਪ ਪੇਸ਼ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਕੌਮਾਂਤਰੀ ਸਰਹੱਦ ਪਾਰੋਂ ਅਤਿਵਾਦ, ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਵਰਗੀਆਂ ਚੁਣੌਤੀਆਂ ਝੱਲ ਰਿਹਾ ਹੈ, ਖ਼ਾਸ ਕਰ ਕੇ ਸਰਹੱਦੀ ਕਿਸਾਨਾਂ ਨੂੰ ਪੈਦਾਵਾਰ ਲਈ ਮੁਸ਼ਕਲਾਂ ’ਚੋਂ ਗੁਜ਼ਰਨਾ ਪੈਂਦਾ ਹੈ। ਸਰਹੱਦੀ ਪਿੰਡਾਂ ਨੂੰ ਵਿਕਾਸ ਪੱਖੋਂ ਵੀ ਮਾਰ ਪੈਂਦੀ ਹੈ ਅਤੇ ਸਰਹੱਦੀ ਖੇਤਰ ’ਚ ਨਿਵੇਸ਼ ਵੀ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਗਿਲਾ ਕੀਤਾ ਕਿ ਪੰਜਾਬ ਨੂੰ ਅਣਗੌਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਭਰੋਸਾ ਦਿੱਤਾ ਕਿ ‘ਵਿਕਸਤ ਭਾਰਤ-2047’ ਲਈ ਪੰਜਾਬ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰੇਗਾ। ਮੁੱਖ ਮੰਤਰੀ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਜ਼ਰੀਏ ਪੰਜਾਬ ਦਾ ਹਰ ਪਰਿਵਾਰ 2,356 ਮੈਡੀਕਲ ਅਤੇ ਸਰਜੀਕਲ ਪ੍ਰਕਿਰਿਆਵਾਂ ਦੀ ਵਿਆਪਕ ਸ਼੍ਰੇਣੀ ਲਈ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦਾ ਹੱਕਦਾਰ ਹੈ।” ਉਨ੍ਹਾਂ ਆਮ ਆਦਮੀ ਕਲੀਨਿਕਾਂ ਦੇ ਨਤੀਜਿਆਂ ’ਤੇ ਵੀ ਚਾਨਣਾ ਪਾਇਆ।
ਮੁੱਖ ਮੰਤਰੀ ਨੇ ਪੰਜਾਬ ਨੂੰ ਹੜ੍ਹਾਂ ਲਈ ਦਿੱਤੇ ਵਿਸ਼ੇਸ਼ ਪੈਕੇਜ ਨੂੰ ਸਕੀਮਾਂ ਦਾ ਹਿੱਸਾ ਬਣਾਏ ਜਾਣ ’ਤੇ ਰੋਸ ਜ਼ਾਹਿਰ ਕੀਤਾ। ਮੁੱਖ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਵਿੱਚ ਚੱਲ ਰਹੇ 547 ਓਟ ਕਲੀਨਿਕ, 183 ਨਸ਼ਾ ਛਡਾਊ ਕੇਂਦਰ ਅਤੇ 90 ਮੁੜ-ਵਸੇਬਾ ਕੇਂਦਰਾਂ ਦੀ ਗੱਲ ਵੀ ਕੀਤੀ। ਉਨ੍ਹਾਂ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਦੇ ਹਵਾਲੇ ਨਾਲ ਕਿਹਾ ਕਿ ਪੰਜਾਬ, ਭਾਰਤ ਦੀ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੀ ਸਕੂਲੀ ਸਿੱਖਿਆ ਪ੍ਰਣਾਲੀ ਵਜੋਂ ਉੱਭਰਿਆ ਹੈ। ਮੁੱਖ ਮੰਤਰੀ ਨੇ ਉਚੇਚੇ ਤੌਰ ’ਤੇ ਸੜਕ ਸੁਰੱਖਿਆ ਫੋਰਸ ਦਾ ਜ਼ਿਕਰ ਕੀਤਾ। ਮੁੱਖ ਮੰਤਰੀ ਨੇ ਅੱਜ ਮੀਟਿੰਗ ਮਗਰੋਂ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਵਿਜੈ ਨੂੰ ਵਧਾਈ ਦਿੱਤੀ।
ਸੂਬਿਆਂ ਦੀ ਤਰੱਕੀ ਬਿਨਾਂ ਭਾਰਤ ਵਿਕਸਿਤ ਮੁਲਕ ਨਹੀਂ ਬਣ ਸਕਦਾ: ਮੋਦੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਰੇ ਸੂਬਿਆਂ ਦੀ ਤਰੱਕੀ ਬਿਨਾਂ ਭਾਰਤ ਵਿਕਸਿਤ ਭਾਰਤ ਨਹੀਂ ਬਣ ਸਕਦਾ। ਉਨ੍ਹਾਂ ਨੇ ਨਿਵੇਸ਼ ਆਕਰਸ਼ਿਤ ਕਰਨ ਲਈ ਸੁਖਾਲਾ ਵਪਾਰ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਗੱਲ ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਮੀਟਿੰਗ ਦੌਰਾਨ ਕਹੀ। ਇਹ ਮੀਟਿੰਗ ਰਾਸ਼ਟਰਪਤੀ ਭਵਨ ਵਿੱਚ ਹੋਈ। ਮੀਟਿੰਗ ਦੇ ਉਪ-ਚੇਅਰਪਰਸਨ ਅਸ਼ੋਕ ਕੁਮਾਰ ਲਾਹਿੜੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੀਟਿੰਗ ਵਿੱਚ ‘ਸਮਾਵੇਸ਼ੀ ਮਨੁੱਖੀ ਵਿਕਾਸ ਢਾਂਚੇ’ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਊਰਜਾ ਸੁਰੱਖਿਆ ਅਤੇ ਸੂਰਜੀ ਊਰਜਾ ਵਰਗੇ ਮੁੱਦਿਆਂ ’ਤੇ ਵੀ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ 28 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਹਿੱਸਾ ਲਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਕਸਲਵਾਦ, ਅਤਿਵਾਦ ਅਤੇ ਧਾਰਾ 370 ਵਰਗੀਆਂ ਦਹਾਕੇ ਪੁਰਾਣੀਆਂ ਸਮੱਸਿਆਵਾਂ ਨੂੰ 12 ਵਰ੍ਹਿਆਂ ਵਿੱਚ ਹੱਲ ਕਰ ਦਿੱਤਾ ਗਿਆ ਹੈ।

