ਦਿੱਲੀ ਕੂਚ ਦੇ ਸੱਦੇ ਕਾਰਨ ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ, ਲਾਲੜੂ ਤੋਂ ਲੈਹਲੀ ਤੱਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ

ਦਿੱਲੀ ਕੂਚ ਦੇ ਸੱਦੇ ਕਾਰਨ ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ, ਲਾਲੜੂ ਤੋਂ ਲੈਹਲੀ ਤੱਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ

ਲਾਲੜੂ : ਕਿਸਾਨਾਂ ਵੱਲੋਂ 21 ਜੁਲਾਈ ਨੂੰ ਦਿੱਤੇ ਗਏ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਹਰਿਆਣਾ ਪੁਲੀਸ ਨੇ ਅੰਮ੍ਰਿਤਸਰ-ਦਿੱਲੀ ਜੀ.ਟੀ. ਰੋਡ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸੰਭਾਵੀ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਕਈ ਥਾਵਾਂ ’ਤੇ ਮਜ਼ਬੂਤ ਬੈਰੀਕੇਡਿੰਗ ਕੀਤੀ ਗਈ ਹੈ। ਜੇ.ਸੀ.ਬੀ. ਅਤੇ ਪੋਕਲੇਨ ਮਸ਼ੀਨਾਂ ਦੀ ਮਦਦ ਨਾਲ ਕੁਝ ਸਥਾਨਾਂ ’ਤੇ ਸੜਕਾਂ ਨੂੰ ਅਸਥਾਈ ਤੌਰ ‘ਤੇ ਬੰਦ ਕੀਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਜੀ.ਟੀ. ਰੋਡ ’ਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਵਾਹਨਾਂ ਦਾ ਵੱਡਾ ਰੁਖ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਵੱਲ ਹੋ ਗਿਆ, ਜਿਸ ਨਾਲ ਹਾਈਵੇਅ ’ਤੇ ਭਾਰੀ ਜਾਮ ਦੀ ਸਥਿਤੀ ਬਣ ਗਈ। ਸਭ ਤੋਂ ਵੱਧ ਅਸਰ ਲਾਲੜੂ ਤੋਂ ਲੈਹਲੀ ਤੱਕ ਦੇ ਖੇਤਰ ਵਿੱਚ ਵੇਖਣ ਨੂੰ ਮਿਲਿਆ, ਜਿੱਥੇ ਵਾਹਨਾਂ ਦੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ ਲੱਗ ਗਈਆਂ। ਹਾਈਵੇਅ ਦੇ ਨਾਲ-ਨਾਲ ਸਰਵਿਸ ਲੇਨਾਂ ਵੀ ਵਾਹਨਾਂ ਨਾਲ ਭਰ ਗਈਆਂ। ਜਾਮ ਕਾਰਨ ਸਥਾਨਕ ਵਸਨੀਕਾਂ, ਦਫ਼ਤਰ ਜਾਣ ਵਾਲੇ ਕਰਮਚਾਰੀਆਂ, ਵਿਦਿਆਰਥੀਆਂ ਅਤੇ ਹੋਰ ਯਾਤਰੀਆਂ ਨੂੰ ਘੰਟਿਆਂ ਤੱਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਵਾਹਨ ਚਾਲਕਾਂ ਨੇ ਬਦਲਵੇਂ ਰਸਤੇ ਅਪਣਾਉਣ ਦੀ ਕੋਸ਼ਿਸ਼ ਕੀਤੀ, ਪਰ ਉੱਥੇ ਵੀ ਵਧੇ ਟਰੈਫ਼ਿਕ ਕਾਰਨ ਕੋਈ ਖ਼ਾਸ ਰਾਹਤ ਨਹੀਂ ਮਿਲੀ। ਪ੍ਰਤੱਖਦਰਸ਼ੀਆਂ ਅਨੁਸਾਰ ਸਵੇਰ ਤੋਂ ਹੀ ਵਾਹਨਾਂ ਦੀ ਗਿਣਤੀ ਲਗਾਤਾਰ ਵਧਦੀ ਰਹੀ ਅਤੇ ਦੁਪਹਿਰ ਤੱਕ ਜਾਮ ਕਈ ਕਿਲੋਮੀਟਰ ਤੱਕ ਫੈਲ ਗਿਆ। ਟਰੱਕਾਂ, ਬੱਸਾਂ, ਨਿੱਜੀ ਕਾਰਾਂ ਅਤੇ ਦੋਪਹੀਆ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਕਾਰਨ ਆਵਾਜਾਈ ਬਹੁਤ ਹੌਲੀ ਰਫ਼ਤਾਰ ਨਾਲ ਚੱਲਦੀ ਰਹੀ। ਕਈ ਥਾਵਾਂ ’ਤੇ ਐਂਬੂਲੈਂਸਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਨਾਲ ਜੁੜੇ ਵਾਹਨਾਂ ਨੂੰ ਵੀ ਲੰਘਣ ਵਿੱਚ ਦਿੱਕਤ ਆਈ।

ਟਰੈਫ਼ਿਕ ਪੁਲੀਸ ਵੱਲੋਂ ਵੱਖ-ਵੱਖ ਚੌਰਾਹਿਆਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਲਗਾਤਾਰ ਯਤਨ ਕੀਤੇ ਗਏ, ਪਰ ਵਾਹਨਾਂ ਦੇ ਭਾਰੀ ਦਬਾਅ ਕਾਰਨ ਹਾਲਾਤ ਨੂੰ ਕਾਬੂ ਵਿੱਚ ਲਿਆਉਣਾ ਮੁਸ਼ਕਲ ਰਿਹਾ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇ ਵਾਧੂ ਪੁਲੀਸ ਫੋਰਸ ਤਾਇਨਾਤ ਕੀਤੀ ਜਾਂਦੀ ਤਾਂ ਜਾਮ ਨੂੰ ਜਲਦੀ ਖੋਲ੍ਹਿਆ ਜਾ ਸਕਦਾ ਸੀ।  ਪ੍ਰਸ਼ਾਸਨ ਨੇ ਲੋਕਾਂ ਨੂੰ ਯਾਤਰਾ ’ਤੇ ਨਿਕਲਣ ਤੋਂ ਪਹਿਲਾਂ ਟਰੈਫ਼ਿਕ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਸੰਭਵ ਹੋਣ ’ਤੇ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਵਾਜਾਈ ਨੂੰ ਆਮ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

Share: