ਲੁਧਿਆਣਾ : ਇਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਕਾਇਮ ਕੀਤੇ ਜਾ ਰਹੇ ਦੇਸ਼ ਦੇ ਪਹਿਲੇ 1,116 ਕਰੋੜ ਰੁਪਏ ਦੇ ਫੋਰਜਿੰਗ ਅਤੇ ਮਸ਼ੀਨਿੰਗ ਯੂਨਿਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਇਸ ਨੂੰ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੱਡਾ ਹੁਲਾਰਾ ਦੱਸਿਆ। ਇਹ ਪ੍ਰਾਜੈਕਟ 500 ਤੋਂ ਵੱਧ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਵਰਧਮਾਨ-ਆਈਚੀ ਦੇ ਪ੍ਰਾਜੈਕਟ ਦੇ ਭਵਿੱਖੀ ਵਿਸਥਾਰ ਨਾਲ ਹੋਰ 2000 ਲੋਕਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋ ਸਕਦੇ ਹਨ। ਕੰਪਨੀਆਂ ਵੱਲੋਂ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਨੂੰ ਦੇਖਦਿਆਂ ਨਿਵੇਸ਼ ਨੂੰ 500 ਕਰੋੜ ਰੁਪਏ ਦੇ ਸ਼ੁਰੂਆਤੀ ਸਮਝੌਤੇ ਤੋਂ ਵਧਾ ਕੇ 1,116 ਕਰੋੜ ਰੁਪਏ ਕੀਤਾ ਗਿਆ ਹੈ, ਜੋ ਸੂਬੇ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਧ ਰਹੇ ਆਲਮੀ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਹ ਪਲਾਂਟ ਘਰੇਲੂ ਅਤੇ ਕੌਮਾਂਤਰੀ ਬਾਜ਼ਾਰਾਂ ਲਈ ਉੱਚ-ਮੁੱਲ ਵਾਲੇ ਆਟੋਮੋਬੀਲ ਪਾਰਟਸ ਦਾ ਨਿਰਮਾਣ ਕਰੇਗਾ, ਜਦੋਂ ਕਿ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ’ਸਿੰਗਲ-ਵਿੰਡੋ, ਸਿੰਗਲ-ਪੈੱਨ’ ਪ੍ਰਣਾਲੀ ਰਾਹੀਂ 45 ਦਿਨਾਂ ਦੇ ਅੰਦਰ ਸਾਰੀਆਂ ਮਨਜ਼ੂਰੀਆਂ ਨੂੰ ਯਕੀਨੀ ਬਣਾਉਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਦੇ ਉਦਯੋਗਿਕ ਖੇਤਰ ਲਈ ਨਵੇਂ ਯੁੱਗ ਦੀ ਸ਼ੁਰੂਆਤ ਹੈ। ਇਹ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ 500 ਤੋਂ ਵੱਧ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਪ੍ਰਦਾਨ ਕਰੇਗਾ। ਵਰਧਮਾਨ ਅਤੇ ਆਈਚੀ ਸਟੀਲ ਵਿਚਕਾਰ ਭਾਈਵਾਲੀ ਭਰੋਸੇ, ਤਕਨਾਲੋਜੀ ਅਤੇ ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ’ਤੇ ਆਧਾਰਿਤ ਹੈ।ਮੁੱਖ ਮੰਤਰੀ ਨੇ ਕਿਹਾ, ‘ਆਈਚੀ ਸਟੀਲ ਮੰਨੀ ਪ੍ਰਮੰਨੀ ਜਪਾਨੀ ਕੰਪਨੀ ਹੈ ਅਤੇ ਟੋਇਟਾ ਗਰੁੱਪ ਦੀ ਮਹੱਤਵਪੂਰਨ ਸਪਲਾਇਰ ਹੈ। ਦਸੰਬਰ 2025 ਵਿੱਚ ਜਦੋਂ ਉਨ੍ਹਾਂ ਨੇ ਜਪਾਨ ਯਾਤਰਾ ਕੀਤੀ ਸੀ, ਉਸ ਦੌਰਾਨ ਉਨ੍ਹਾਂ ਨਾਗੋਆ ਵਿੱਚ ਆਈਚੀ ਸਟੀਲ ਦੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਵਰਧਮਾਨ ਅਤੇ ਆਈਚੀ ਸਟੀਲ ਨੇ ਪੰਜਾਬ ਵਿੱਚ ਲਗਭਗ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਮੈਨੂਫੈਕਚਰਿੰਗ ਫੈਸਲਿਟੀ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਲਈ ਸਮਝੌਤਾ ਸਹੀਬੱਧ ਕੀਤਾ ਸੀ। ਅੱਜ ਕੁਝ ਹੀ ਮਹੀਨਿਆਂ ਦੇ ਅੰਦਰ ਇਸ ਸਮਝੌਤੇ ਨੂੰ ਅਮਲੀ ਰੂਪ ਦੇ ਦਿੱਤਾ ਗਿਆ ਹੈ।
ਸਕੂਲ ਸਿੱਖਿਆ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ: ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ ’ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿੱਚ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ’ ਦਾ ਉਦਘਾਟਨ ਕਰਨ ਪੁੱਜੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ ਈ ਈ ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ ਨੂੰ ਦਰਸਾਉਂਦੀ ਹੈ। ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵਾਂ ਬਲਾਕ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਦਾ ਸਾਰਾ ਖ਼ਰਚਾ ਵਰਧਮਾਨ ਟੈਕਸਟਾਈਲਜ਼ ਗਰੁੱਪ ਵੱਲੋਂ ਚੁੱਕਿਆ ਗਿਆ ਹੈ, ਜਿਸ ਲਈ ਉਹ ਗਰੁੱਪ ਦੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ।

