ਜੇ.ਪੀ. ਨੱਢਾ ਨਾਲ ਮੁਲਾਕਾਤ ਤੋਂ ਬਾਅਦ ਵੀ ‘ਧਰਨਾ ਜਾਰੀ’

ਜੇ.ਪੀ. ਨੱਢਾ ਨਾਲ ਮੁਲਾਕਾਤ ਤੋਂ ਬਾਅਦ ਵੀ ‘ਧਰਨਾ ਜਾਰੀ’

ਨੀਟ-ਯੂ.ਜੀ. 2026 (NEET-UG) ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ‘ਕੋਕਰੋਚ ਜਨਤਾ ਪਾਰਟੀ’ (CJP) ਦੇ ਸੰਸਦ ਮਾਰਚ ਦੌਰਾਨ ਦਿੱਲੀ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਹੋਈਆਂ ਹਿੰਸਕ ਝੜਪਾਂ ਤੋਂ ਬਾਅਦ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਹੋਈ ਬੈਠਕ ਦੇ ਬਾਵਜੂਦ ਸੀ.ਜੇ.ਪੀ. ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਧਰਨਾ ਅਤੇ ਪ੍ਰਦਰਸ਼ਨ ਲਗਾਤਾਰ ਜਾਰੀ ਰਹਿਣਗੇ।

ਸੋਮਵਾਰ ਨੂੰ ਕੇਂਦਰੀ ਦਿੱਲੀ ’ਚ ਹਜ਼ਾਰਾਂ ਦੀ ਗਿਣਤੀ ’ਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਦਿੱਲੀ ਪੁਲੀਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਹੰਝੂ ਗੈਸ ਦੇ ਗੋਲੇ ਛੱਡੇ ਗਏ। ਇਸ ਭੜਕੀ ਹਿੰਸਾ ਅਤੇ ਭੰਨਤੋੜ ‘ਚ ਵੱਡੀ ਗਿਣਤੀ ’ਚ ਪੁਲੀਸ ਕਰਮੀ ਅਤੇ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ, ਜਦਕਿ ਪੁਲੀਸ ਨੇ ਲਗਭਗ 100 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਸਾਲ 2019 ਦੇ ਨਾਗਰਿਕਤਾ ਸੋਧ ਕਾਨੂੰਨ (CAA) ਵਿਰੋਧੀ ਅੰਦੋਲਨ ਦੀ ਯਾਦ ਦਿਵਾਉਂਦੇ ਇਸ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਨੇ 20 ਜੂਨ ਤੋਂ ਚੱਲ ਰਹੇ ਧਰਨੇ ਤੋਂ ਬਾਅਦ ਪਹਿਲੀ ਵਾਰ ਸੀ.ਜੇ.ਪੀ. ਆਗੂਆਂ ਨਾਲ ਰਸਮੀ ਗੱਲਬਾਤ ਕੀਤੀ।

ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਸੀ.ਜੇ.ਪੀ. ਦੇ ਨੁਮਾਇੰਦਿਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਸਿੱਖਿਆ ਮੰਤਰੀ ਦੀ ਬਰਖ਼ਾਸਤਗੀ ਸਮੇਤ ਆਪਣੀਆਂ ਹੋਰ ਪ੍ਰਮੁੱਖ ਮੰਗਾਂ ਦਾ ਮੰਗ-ਪੱਤਰ ਨੱਢਾ ਨੂੰ ਸੌਂਪਿਆ। ਸਰਕਾਰ ਨੇ ਮੰਗ-ਪੱਤਰ ‘ਤੇ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਧਰਨਾ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਦੂਜੇ ਪਾਸੇ, ਹਸਪਤਾਲ ‘ਚ ਜ਼ੇਰੇ-ਇਲਾਜ ਜਾਣੇ-ਪਛਾਣੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨੌਜਵਾਨ ਆਗੂਆਂ ਨੂੰ ਸੰਸਦ ’ਚ ਮੈਂਬਰ ਪਾਰਲੀਮੈਂਟ (MPs) ਨਾਲ ਮਿਲਣ ਦੀ ਇਜਾਜ਼ਤ ਨਹੀਂ ਮਿਲਦੀ ਜਾਂ ਸੰਸਦ ਮੈਂਬਰ ਹਸਪਤਾਲ ਆ ਕੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰਦੇ।

ਵਾਂਗਚੁਕ ਦੀ ਭੁੱਖ ਹੜਤਾਲ ਮੰਗਲਵਾਰ ਨੂੰ 24ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਇਸ ਦੌਰਾਨ ਸੀ.ਜੇ.ਪੀ. ਦੇ ਸੰਸਥਾਪਕ ਅਭਿਜੀਤ ਦੀਪਕੇ, ਜਿਨ੍ਹਾਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ ਸੀ, ਨੇ ਸੋਮਵਾਰ ਨੂੰ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ ਹੈ। ਦਿੱਲੀ ਦੇ ਜੰਤਰ-ਮੰਤਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਬਲ ਤਾਇਨਾਤ ਹਨ ਅਤੇ ਤਣਾਅਪੂਰਨ ਸਥਿਤੀ ਨੂੰ ਦੇਖਦਿਆਂ ਚੌਕਸੀ ਵਧਾ ਦਿੱਤੀ ਗਈ ਹੈ।

Share: