ਆਬਕਾਰੀ ਇੰਸਪੈਕਟਰ ਭਰਤੀ ਵਿਵਾਦ: ‘ਇੱਕ ਦਿਨ ਕਰਮਾਂ ਵਾਲਾ’ ਅਤੇ ‘ਸਟੇਟ ਬੈਂਕ ਆਫ਼ ਇੰਡੀਆ’ ਵਰਗੇ ਨਾਵਾਂ ਕਾਰਨ ਨੌਜਵਾਨਾਂ ਦੇ ਸ਼ੱਕੀ ਹੋਏ ਕਿਰਦਾਰ, ਸਿਆਸਤ ਸਰਗਰਮ

ਆਬਕਾਰੀ ਇੰਸਪੈਕਟਰ ਭਰਤੀ ਵਿਵਾਦ: ‘ਇੱਕ ਦਿਨ ਕਰਮਾਂ ਵਾਲਾ’ ਅਤੇ ‘ਸਟੇਟ ਬੈਂਕ ਆਫ਼ ਇੰਡੀਆ’ ਵਰਗੇ ਨਾਵਾਂ ਕਾਰਨ ਨੌਜਵਾਨਾਂ ਦੇ ਸ਼ੱਕੀ ਹੋਏ ਕਿਰਦਾਰ, ਸਿਆਸਤ ਸਰਗਰਮ

ਚੰਡੀਗਡ਼੍ਹ :  ‘ਇੱਕ ਦਿਨ ਕਰਮਾਂ ਵਾਲਾ’, ਇਹ ਕੋਈ ਕਥਨ ਜਾਂ ਮੁਹਾਵਰਾ ਨਹੀਂ, ਬਲਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੈ ਸਿੰਘ ਵਾਲਾ ਦੇ ਪੜ੍ਹੇ ਲਿਖੇ ਨੌਜਵਾਨ ਦਾ ਅਸਲ ਨਾਮ ਹੈ। ਪੰਜਾਬ ਤੇ ਹਰਿਆਣਾ ’ਚ ਉਸ ਦੇ ਨਾਮ ’ਤੇ ਸਵਾਲ ਉੱਠ ਰਹੇ ਹਨ। ਸਿਆਸੀ ਹਸਤੀਆਂ ਨੇ ਉਸ ਦੇ ਇਸ ਨਾਮ ਨੂੰ ਸ਼ੱਕੀ ਐਲਾਨ ਦਿੱਤਾ ਹੈ। ‘ਇੱਕ ਦਿਨ ਕਰਮਾਂ ਵਾਲਾ’ ਨਾਮ ਦੇ ਗਰੈਜੂਏਟ ਨੌਜਵਾਨ ਨੇ ਆਬਕਾਰੀ ਤੇ ਕਰ ਇੰਸਪੈਕਟਰ ਦੀ ਆਸਾਮੀ ਲਈ ਅਪਲਾਈ ਕੀਤਾ ਸੀ। ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਜਦੋਂ ਨਤੀਜਾ ਐਲਾਨਿਆ ਗਿਆ ਤਾਂ ਵਿਰੋਧੀ ਧਿਰਾਂ ਨੇ ਉਸ ਦਾ ਨਾਮ ਨਤੀਜਾ ਸੂਚੀ ’ਚ ਦੇਖ ਕੇ ਉਂਗਲ ਚੁੱਕਣੀ ਸ਼ੁਰੂ ਕਰ ਦਿੱਤੀ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਕਾਇਦਾ ਪ੍ਰੈੱਸ ਕਾਨਫ਼ਰੰਸ ਵਿੱਚ ਕਿਹਾ ਕਿ ਇਹ ਕੋਈ ਨਾਮ ਨਹੀਂ ਹੋ ਸਕਦਾ। ਪੰਜਾਬ ਦੇ ਆਗੂਆਂ ਨੇ ਵੀ ਇਸ ਨਾਮ ਬਾਰੇ ਆਬਕਾਰੀ ਤੇ ਕਰ ਇੰਸਪੈਕਟਰ ਦੀ ਲਿਖਤੀ ਪ੍ਰੀਖਿਆ ’ਚ ਘਪਲਾ ਹੋਣ ਦੀ ਗੱਲ ਕਹੀ। ਉਂਝ, ਏਦਾਂ ਦੇ ਕਈ ਨਾਮ ਹਨ, ਜਿਨ੍ਹਾਂ ਦੇ ਹਵਾਲੇ ਨਾਲ ਆਬਕਾਰੀ ਤੇ ਕਰ ਇੰਸਪੈਕਟਰ ਦੀ ਪ੍ਰੀਖਿਆ ਨੂੰ ਨਿਸ਼ਾਨੇ ’ਤੇ ਲਿਆ ਗਿਆ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਭਰਤੀ ’ਤੇ ਰੋਕ ਲਾ ਦਿੱਤੀ ਹੈ, ਜਿਨ੍ਹਾਂ ਅਜੀਬ ਨਾਵਾਂ ਦੀ ਸਿਆਸੀ ਆਗੂ ਸਟੇਜਾਂ ਤੋਂ ਚਰਚਾ ਕਰ ਰਹੇ ਹਨ, ਉਹ ਨਾਵਾਂ ਵਾਲੇ ਨੌਜਵਾਨ ਕਾਫ਼ੀ ਪ੍ਰੇਸ਼ਾਨ ਹਨ।  ਪਿੰਡ ਜੈ ਸਿੰਘ ਵਾਲਾ ਦੇ ਨੌਜਵਾਨ ‘ਇੱਕ ਦਿਨ ਕਰਮਾਂ ਵਾਲਾ’ ਨੇ ਦੱਸਿਆ ਕਿ ਉਸ ਦੇ ਦਾਦਾ ਬੰਤ ਸਿੰਘ ਨੇ ਉਸ ਦੇ ਜਨਮ ਤੋਂ ਦੋ ਮਹੀਨੇ ਪਹਿਲਾਂ ਹੀ ਇਹ ਨਾਮ ਰੱਖ ਦਿੱਤਾ ਸੀ। ਉਨ੍ਹਾਂ ਦੇ ਮਾਪਿਆਂ ਨੇ ਬਜ਼ੁਰਗਾਂ ਦੇ ਬੋਲ ਪੁਗਾਉਣ ਲਈ ਨਾਮ ਨਹੀਂ ਬਦਲਿਆ। ਹੁਣ ਸਿਆਸੀ ਆਗੂ ਉਸ ਦੇ ਵਜੂਦ ’ਤੇ ਸਵਾਲ ਉਠਾ ਕੇ ਕਿਰਦਾਰ ਨੂੰ ਸ਼ੱਕੀ ਐਲਾਨ ਰਹੇ ਹਨ। ਸੋਸ਼ਲ ਮੀਡੀਆ ’ਤੇ ਵੀ ਉਸ ਦੇ ਨਾਮ ਨੂੰ ਜਾਅਲੀ ਕਰਾਰ ਦਿੱਤਾ ਜਾ ਰਿਹਾ ਹੈ। ਇਸ ਨੌਜਵਾਨ ਨੇ ਬੀ ਬੀ ਏ ’ਚੋਂ 64.78 ਫ਼ੀਸਦੀ, ਬਾਰ੍ਹਵੀਂ ’ਚੋਂ 69.11 ਫ਼ੀਸਦੀ ਅਤੇ ਦਸਵੀਂ ’ਚੋਂ 70 ਫ਼ੀਸਦੀ ਅੰਕ ਹਾਸਲ ਕੀਤੇ ਸਨ।

ਬਠਿੰਡਾ ਦੇ ਪਿੰਡ ਸੇਖਪੁਰਾ ਦੇ ਨੌਜਵਾਨ ਜਿਪਸ ਦੀ ਪ੍ਰੇਸ਼ਾਨੀ ਵੀ ਕੋਈ ਘੱਟ ਨਹੀਂ। ਉਸ ਨੇ ਐਕਸਾਈਜ਼ ਇੰਸਪੈਕਟਰ ਦੀ ਪ੍ਰੀਖਿਆ ਦਿੱਤੀ, ਜਦੋਂ ਨਤੀਜਾ ਸੂਚੀ ਆਈ ਤਾਂ ਵਿਰੋਧੀ ਆਗੂਆਂ ਨੇ ਜਿਪਸ ਨਾਮ ਦੇ ਉਮੀਦਵਾਰ ’ਤੇ ਉਂਗਲ ਖੜ੍ਹੀ ਕੀਤੀ। ਨੌਜਵਾਨ ਨੇ ਦੱਸਿਆ ਕਿ ਉਸ ਦੇ ਮਾਮੇ ਨੇ ਕਿਸੇ ਕ੍ਰਿਕਟਰ ਤੋਂ ਪ੍ਰਭਾਵਿਤ ਹੋ ਕੇ ਇਹ ਨਾਮ ਰੱਖਿਆ ਸੀ। ਨੌਜਵਾਨ ਜਿਪਸ ਨੇ ਜੇਲ੍ਹ ਵਿਭਾਗ ਅਤੇ ਪੁਲੀਸ ਵਿਭਾਗ ਦੀਆਂ ਪੋਸਟਾਂ ਲਈ ਵੀ ਲਿਖਤੀ ਪ੍ਰੀਖਿਆ ਦਿੱਤੀ ਸੀ। ਪਹਿਲਾਂ ਕਦੇ ਉਸ ਦੇ ਨਾਮ ’ਤੇ ਕਿਸੇ ਨੂੰ ਕੋਈ ਸ਼ੰਕਾ ਨਹੀਂ ਹੋਈ। ਨੌਜਵਾਨ ਜਿਪਸ ਨੇ ਬੀ ਏ ’ਚੋਂ 62.03 ਫ਼ੀਸਦੀ, ਬਾਰ੍ਹਵੀਂ ’ਚੋਂ 88.20 ਫ਼ੀਸਦੀ ਅਤੇ ਦਸਵੀਂ ’ਚੋਂ 71.25 ਫ਼ੀਸਦੀ ਅੰਕ ਹਾਸਲ ਕੀਤੇ ਸਨ। ਜਲੰਧਰ ਦੀ ਸ਼ਮਾਇਲੀ ਦੀ ਕਹਾਣੀ ਵੀ ਕੁਝ ਇਸੇ ਤਰ੍ਹਾਂ ਦੀ ਹੈ, ਜੋ ਇਸ ਵੇਲੇ ਐੱਮ ਬੀ ਏ ਕਰ ਰਹੀ ਹੈ। ਇਸ ਲੜਕੀ ਨੇ ਦੱਸਿਆ ਕਿ ਉਸ ਦੀ ਮੰਮੀ ਨੇ ਉਸ ਦਾ ਸਟਾਈਲਿਸ਼ ਨਾਮ ‘ਸ਼ਮਾਇਲੀ’ ਰੱਖਿਆ। ਉਹ ਵੀ ਐਕਸਾਈਜ਼ ਵਿਭਾਗ ਦੀ ਪ੍ਰੀਖਿਆ ’ਚ ਬੈਠੀ ਸੀ।

‘ਸਟੇਟ ਬੈਂਕ ਆਫ਼ ਇੰਡੀਆ’ ਨਾਮ ਦਾ ਵੀ ਰੌਲਾ ਪਿਆ। ਇਸ ਉਮੀਦਵਾਰ ਦਾ ਅਸਲ ਨਾਮ ਅਮਨਦੀਪ ਸਿੰਘ ਹੈ ਜੋ ਮਾਨਸਾ ਦੇ ਪਿੰਡ ਫ਼ਤਿਹਗੜ੍ਹ ਸਾਹਨੇਵਾਲੀ ਦਾ ਰਹਿਣ ਵਾਲਾ ਹੈ। ਉਹ ਕੇਂਦਰੀ ਯੂਨੀਵਰਸਿਟੀ ਘੁੱਦਾ ’ਚੋਂ ਪੋਸਟ ਗਰੈਜੂਏਟ ਹੈ। ਉਸ ਦੇ ਘਰ ਜਦੋਂ ਰੋਲ ਨੰਬਰ ਪੁੱਜਾ ਤਾਂ ਉਹ ਆਪਣਾ ਨਾਮ ‘ਸਟੇਟ ਬੈਂਕ ਆਫ਼ ਇੰਡੀਆ’ ਵੇਖ ਕੇ ਦੰਗ ਰਹਿ ਗਿਆ। ਉਸ ਨੇ ਆਬਕਾਰੀ ਇੰਸਪੈਕਟਰ ਦੀ ਪ੍ਰੀਖਿਆ ਤਾਂ ਦਿੱਤੀ ਪਰ ਹੁਣ ਲੋਕਾਂ ਨੇ ਚਰਚਾ ਕਰ ਕੇ ਉਸ ਦੀ ਪ੍ਰੇਸ਼ਾਨੀ ਹੋਰ ਵਧਾ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਗ਼ਲਤੀ ਕਿਸੇ ਦੀ, ਸ਼ੱਕ ਮੇਰੇ ’ਤੇ ਕੀਤਾ ਜਾ ਰਿਹਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਤਰਫ਼ੋਂ ਇਹ ਲਿਖਤੀ ਪ੍ਰੀਖਿਆ ਲਈ ਗਈ ਸੀ।

ਜਲੰਧਰ ਦੀ ਰਿਸ਼ਮਾ ਨੂੰ ਦੋ ਰੋਲ ਨੰਬਰ ਜਾਰੀ ਕੀਤੇ ਗਏ। ਇੱਕ ਅਸਲੀ ਨਾਮ ਰਿਸ਼ਮਾ ਹੇਠ ਅਤੇ ਦੂਜਾ ‘ਫ਼ੋਟੋ’ ਨਾਮ ਹੇਠ। ਉਸ ਨੇ ਪੇਪਰ ਨਾ ਦੇਣ ਦਾ ਹੀ ਫ਼ੈਸਲਾ ਕੀਤਾ। ਰਿਸ਼ਮਾ ਨੇ ਕਿਹਾ ਕਿ ਭਰਤੀ ਪ੍ਰੀਖਿਆ ਲਈ ਅਪਲਾਈ ਕਰਨ ਮੌਕੇ ਉਸ ਤੋਂ ਕੋਈ ਗ਼ਲਤੀ ਨਹੀਂ ਹੋਈ। ਇਹ ਕਿਵੇਂ ਹੋ ਗਿਆ, ਪਤਾ ਨਹੀਂ।

Share: