ਅੰਮ੍ਰਿਤਸਰ : ਮਜੀਠਾ ਪੁਲੀਸ ਥਾਣੇ ‘ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਅਦਾਲਤ ਨੇ ਸੁਣਵਾਈ ਕਰਦਿਆਂ ਫ਼ੈਸਲਾ ਭਲਕੇ 4 ਜੁਲਾਈ ਲਈ ਰਾਖਵਾਂ ਰੱਖ ਲਿਆ ਹੈ।
ਮਜੀਠੀਆ ਦੇ ਵਕੀਲ ਐਡਵੋਕੇਟ ਬੀ ਐੱਸ ਸਿਆਲਕਾ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਹੋਈ ਹੈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ ਹੈ ਅਤੇ ਸ਼ਾਮ ਵੇਲੇ ਇਸ ਕੇਸ ਸਬੰਧੀ ਫ਼ੈਸਲੇ ਨੂੰ ਭਲਕੇ 4 ਜੁਲਾਈ ਲਈ ਰਾਖਵਾਂ ਰੱਖ ਲਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਹੁਣ ਅਦਾਲਤ ਵਿੱਚ ਪੱਕੀ ਜ਼ਮਾਨਤ ਵਾਸਤੇ ਅਰਜ਼ੀ ਦਾਇਰ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਪੱਖ ਵੱਲੋਂ ਕੁਝ ਨੁਕਤਿਆਂ ‘ਤੇ ਦਾਅਵਾ ਕੀਤਾ ਗਿਆ ਸੀ ਕਿ ਉਹ ਪੁਲੀਸ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ। ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਪੁਲੀਸ ਪੱਖ ਵੱਲੋਂ ਮਜੀਠੀਆ ਅਤੇ ਉਨ੍ਹਾਂ ਦੇ ਨਾਲ ਆਏ ਸਾਥੀਆਂ ਦੇ ਮੋਬਾਈਲ ਫ਼ੋਨ ਜਮ੍ਹਾਂ ਕਰਵਾਉਣ, ਘਟਨਾ ਵਾਲੇ ਦਿਨ ਉਨ੍ਹਾਂ ਕੋਲ ਪਿਸਤੌਲ ਹੋਣ ਅਤੇ ਸਰਕਾਰੀ ਦਸਤਾਵੇਜ਼ ਪਾੜਨ ਦੇ ਦੋਸ਼ ਲਗਾਏ ਗਏ ਸਨ। ਹਾਲਾਂਕਿ ਬਚਾਅ ਪੱਖ ਵੱਲੋਂ ਪੁਲੀਸ ਦੇ ਇਨ੍ਹਾਂ ਦੋਸ਼ਾਂ ਨੂੰ ਨਿਰਾਧਾਰ ਦੱਸਦਿਆਂ ਚੁਣੌਤੀ ਦਿੱਤੀ ਗਈ ਸੀ ਅਤੇ ਇਸ ਸਬੰਧ ਵਿੱਚ ਦਸਤਾਵੇਜ਼ੀ ਸਬੂਤ ਪੇਸ਼ ਕਰਨ ਲਈ ਆਖਿਆ ਗਿਆ ਸੀ। ਉੱਥੇ ਹੀ ਅਦਾਲਤ ਵੱਲੋਂ ਦੂਜੀ ਧਿਰ ਨੂੰ ਸ਼ਾਮ 4 ਵਜੇ ਤੱਕ ਇਹ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਅਦਾਲਤ ਵੱਲੋਂ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ ਅਤੇ ਭਲਕੇ ਚਾਰ ਜੁਲਾਈ ਨੂੰ ਅਗਲੀ ਕਾਰਵਾਈ ਹੋਵੇਗੀ।

