ਸ਼੍ਰੀਨਗਰ : ਜੰਮੂ-ਕਸ਼ਮੀਰ ਪੁਲੀਸ ਨੇ ਅਨੰਤਨਾਗ ਜ਼ਿਲ੍ਹੇ ਵਿੱਚ ਇੱਕ ਪੁਲੀਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਬੁੱਧਵਾਰ ਨੂੰ ਘਾਟੀ ਦੇ ਕਈ ਜ਼ਿਲ੍ਹਿਆਂ ਵਿੱਚ ਅਤਿਵਾਦ-ਵਿਰੋਧੀ ਕਾਰਵਾਈ ਸ਼ੁਰੂ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਅਨੰਤਨਾਗ ਜ਼ਿਲ੍ਹੇ ਦੇ ਲਾਲ ਚੌਕ ‘ਤੇ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਦੀ ਹੱਤਿਆ ਦੇ ਮਾਮਲੇ ‘ਚ ਪੁੱਛਗਿੱਛ ਲਈ ਛੇ ਜ਼ਿਲ੍ਹਿਆਂ ਤੋਂ ਅਤਿਵਾਦੀ ਸਮੂਹਾਂ ਨਾਲ ਜੁੜੇ ਇੱਕ ਹਜ਼ਾਰ ਤੋਂ ਵੱਧ ਸ਼ੱਕੀ ਵਿਅਕਤੀਆਂ ਨੂੰ ਫੜਿਆ ਗਿਆ ਹੈ, ਜਿਨ੍ਹਾਂ ਵਿੱਚੋਂ ਇਕੱਲੇ ਸ਼੍ਰੀਨਗਰ ਵਿੱਚ ਹੀ 700 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਡਾਇਰੈਕਟਰ ਜਨਰਲ (ਡੀ ਜੀ ਪੀ) ਨਲਿਨ ਪ੍ਰਭਾਤ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਹਮਲੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਉਸ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਕੀਤੀ ਗਈ।
ਅਨੰਤਨਾਗ, ਬਡਗਾਮ, ਪੁਲਵਾਮਾ, ਕੁਲਗਾਮ, ਸ਼ੋਪੀਆਂ ਅਤੇ ਸ਼੍ਰੀਨਗਰ ਜ਼ਿਲ੍ਹਿਆਂ ਵਿੱਚ ਅਤਿਵਾਦ-ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਅਤਿਵਾਦੀ ਹਮਲੇ ਦੇ ਕੁਝ ਹੀ ਘੰਟਿਆਂ ਦੇ ਅੰਦਰ ਇੱਕ ਹਜ਼ਾਰ ਤੋਂ ਵੱਧ ਸ਼ੱਕੀ ਮਦਦਗਾਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ।
ਸ਼੍ਰੀਨਗਰ ਪੁਲੀਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਤਿਵਾਦ ਨੂੰ ਉਤਸ਼ਾਹ ਦੇਣ ਵਾਲੇ ਨੈੱਟਵਰਕ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਇਹ ਮੁਹਿੰਮ ਜ਼ਿਲ੍ਹੇ ਭਰ ਵਿੱਚ ਵੱਡੇ ਪੱਧਰ ‘ਤੇ ਛਾਪੇਮਾਰੀ ਨਾਲ ਸ਼ੁਰੂ ਹੋਈ।

