ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਦੋ ਦਿਨਾਂ ’ਚ ਮੌਨਸੂਨ ਸੈਸ਼ਨ ਬਾਰੇ ਸੂਚਨਾ ਸਾਂਝੀ ਕੀਤੀ ਜਾ ਸਕਦੀ ਹੈ। ਅਹਿਮ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਕਰੀਬ ਹਫ਼ਤੇ ਭਰ ਦਾ ਸੈਸ਼ਨ ਸੱਦਣ ਦੇ ਰੌਂਅ ’ਚ ਹੈ ਅਤੇ 15 ਅਗਸਤ ਤੋਂ ਪਹਿਲਾਂ ਇਹ ਸੈਸ਼ਨ ਸਮਾਪਤ ਕਰਨ ਦੀ ਵਿਉਂਤ ਬਣਾਈ ਜਾ ਰਹੀ ਹੈ। ਪਹਿਲਾਂ ਇਹ ਚਰਚੇ ਸਨ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾ ਸਕਦਾ ਹੈ।
ਏਜੰਡਿਆਂ ’ਤੇ ਵਿਚਾਰ-ਵਟਾਂਦਰਾ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਨੇ ਮੌਨਸੂਨ ਸੈਸ਼ਨ ਲਈ ਵਿਚਾਰ ਵਟਾਂਦਰਾ ਸ਼ੁਰੂ ਕਰ ਦਿੱਤਾ ਹੈ ਅਤੇ ਸੈਸ਼ਨ ’ਚ ਲਿਆਂਦੇ ਜਾਣ ਵਾਲੇ ਬਿਜ਼ਨਸ ’ਤੇ ਚਰਚਾ ਕੀਤੀ ਜਾ ਰਹੀ ਹੈ। ਇਸ ਸੈਸ਼ਨ ’ਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026 ’ਚ ਸੋਧ ਕੀਤੇ ਜਾਣ ਦਾ ਏਜੰਡਾ ਆਉਣ ਦੀ ਸੰਭਾਵਨਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 29 ਜੂਨ ਨੂੰ ਆਦੇਸ਼ ਦਿੱਤੇ ਗਏ ਸਨ ਕਿ ਇੱਕ ਮਹੀਨੇ ਦੇ ਅੰਦਰ ਐਕਟ ’ਚ ਸੋਧ ਕੀਤੀ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 29 ਜੂਨ ਨੂੰ ਸਿੱਖ ਵਿਧਾਇਕ ਤੇ ਮੰਤਰੀ ਪੇਸ਼ ਹੋਏ ਸਨ। ਸੂਤਰ ਦੱਸਦੇ ਹਨ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਕੁੱਝ ਸਮੇਂ ਦੀ ਮੋਹਲਤ ਲੈ ਸਕਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਪਰੋਕਤ ਐਕਟ ’ਚ ਸੋਧ ਕੀਤੇ ਜਾਣ ਦਾ ਸਮਾਂ 29 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ। ਇਸੇ ਤਰ੍ਹਾਂ ਹੀ ਮੌਨਸੂਨ ਸੈਸ਼ਨ ’ਚ ‘ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨ ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ (ਸੋਧ) ਆਰਡੀਨੈਂਸ-2026’ ਨੂੰ ਐਕਟ ਦਾ ਰੂਪ ਦਿੱਤਾ ਜਾ ਸਕਦਾ ਹੈ ਜਿਸ ਨੂੰ ਹਾਲ ’ਚ ਹੀ ਰਾਜਪਾਲ ਪੰਜਾਬ ਨੇ ਪ੍ਰਵਾਨਗੀ ਦਿੱਤੀ ਹੈ।

