ਤਪਾ ਮੰਡੀ : ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਨੂੰ ਲੈ ਕੇ ਅੱਜ ਸਫ਼ਾਈ ਕਰਮਚਾਰੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਬਰਨਾਲਾ ਪੂਰੀ ਤਰ੍ਹਾਂ ਬੰਦ ਨਜ਼ਰ ਆ ਰਿਹਾ ਹੈ। ਹਾਲਾਂਕਿ ਇਸ ਬੰਦ ਦਾ ਅਸਰ ਪੂਰੇ ਪੰਜਾਬ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਸਕੂਲ, ਕਾਲਜ, ਡਾਕਟਰੀ ਸੇਵਾਵਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਆਮ ਵਾਂਗ ਹੀ ਜਾਰੀ ਹਨ ਪਰ ਘਟਨਾ ਦਾ ਮੁੱਖ ਸਥਾਨ ਜ਼ਿਲ੍ਹਾ ਬਰਨਾਲਾ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਸਫ਼ਾਈ ਕਰਮਚਾਰੀ ਆਪਣੀਆਂ ਲੰਬੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ 3 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ, ਪ੍ਰਦਰਸ਼ਨਕਾਰੀ ਸਫ਼ਾਈ ਕਰਮਚਾਰੀਆਂ ‘ਤੇ ਲਾਠੀਚਾਰਜ ਅਤੇ ਕੁੱਟਮਾਰ ਕਰਨ ਵਾਲੇ ਪੁਲੀਸ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਬਰਨਾਲਾ ਪੁਲੀਸ ਵੱਲੋਂ 22 ਜੁਲਾਈ ਨੂੰ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਮਗਰੋਂ ਸਿਆਸੀ ਮਾਹੌਲ ਵੀ ਭਖ ਗਿਆ ਹੈ। ਇਸ ਬੰਦ ਦਾ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰ ਸਿਆਸੀ ਪਾਰਟੀਆਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ), ਮਜ਼ਦੂਰ ਜਥੇਬੰਦੀਆਂ ਅਤੇ ਕਰਮਚਾਰੀ ਯੂਨੀਅਨਾਂ ਨੇ ਵੀ ਸਫ਼ਾਈ ਕਰਮਚਾਰੀਆਂ ਦੇ ਸਮਰਥਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਹੜਤਾਲੀ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੇ ਸੂਬਾ ਸਰਕਾਰ ਦੀ ਭਲਾਈ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਹੜਤਾਲ ਨੂੰ ਖ਼ਤਮ ਕਰਾਉਣ ਲਈ ਪ੍ਰਤੀ ਮਹੀਨਾ ਤਨਖ਼ਾਹ ਵਧਾ ਕੇ 20,500 ਰੁਪਏ ਕਰ ਦਿੱਤੀ ਸੀ ਅਤੇ ਪੰਜ ਸਾਲ ਪੂਰੇ ਕਰ ਚੁੱਕੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਨੀਤੀ ਐਲਾਨੀ ਸੀ।
ਪਰ ਪੰਜਾਬ ਸਰਕਾਰ ਦੀ ਆਸ ਦੇ ਉਲਟ ਸਫ਼ਾਈ ਸੇਵਕਾਂ ਦੀਆਂ ਯੂਨੀਅਨਾਂ ਨੇ ਸਰਕਾਰੀ ਪੇਸ਼ਕਸ਼ ਠੁਕਰਾ ਦਿੱਤੀ। ਪੰਜਾਬ ਦੇ ਸ਼ਹਿਰਾਂ ’ਚ ਪਹਿਲਾਂ ਹੀ ਹੜਤਾਲ ਕਾਰਨ ਕੂੜੇ ਦੇ ਢੇਰ ਦਿਸਣ ਲੱਗੇ ਹਨ। ਅੱਗੇ ਮੀਂਹ ਪੈਣੇ ਸ਼ੁਰੂ ਹੋ ਗਏ ਤਾਂ ਸ਼ਹਿਰਾਂ ਦੀ ਸਥਿਤੀ ਨਰਕ ’ਚ ਬਦਲ ਜਾਵੇਗੀ।

