ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਟੈਕਸ ਲਗਾਉਣ ਦਾ ਮਤਾ ਪਾਸ

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਟੈਕਸ ਲਗਾਉਣ ਦਾ ਮਤਾ ਪਾਸ

ਰੂਪਨਗਰ : ਪੰਚਾਇਤੀ ਰਾਜ ਦੀ ਧਾਰਾ 189 ਅਧੀਨ ਮਿਲੀਆਂ ਵਿੱਤੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਅੱਜ ਜ਼ਿਲ੍ਹਾ ਪਰਿਸ਼ਦ ਰੂਪਨਗਰ ਵੱਲੋਂ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ’ਤੇ ਇਨਫਰਾਸਟ੍ਰਕਚਰ ਟੈਕਸ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਇਸ ਮਤੇ ਨੂੰ ਸਰਕਾਰ ਦੀ ਮਨਜ਼ੂਰੀ ਮਿਲਣ ਉਪਰੰਤ ਲਾਗੂ ਕੀਤਾ ਜਾਵੇਗਾ। ਅੱਜ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਵਿੱਚ ਜ਼ਿਲ੍ਹਾ ਪਰਿਸ਼ਦ ਰੂਪਨਗਰ ਦੀ ਹੋਈ ਪਲੇਠੀ ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਜ਼ਿਲ੍ਹਾ ਪਰਿਸ਼ਦ ਪਿੰਡਾਂ ਦੇ ਵਿਕਾਸ ਲਈ ਵਿੱਤੀ ਵਸੀਲੇ ਵਧਾਉਣ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੀਆਂ ਸੜਕਾਂ ’ਤੇ ਟੌਲ ਟੈਕਸ ਲਗਾਏਗਾ। ਮੀਟਿੰਗ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਇਹ ਮਤਾ ਸਰਕਾਰ ਤੋਂ ਮਨਜ਼ੂਰੀ ਲਈ ਭੇਜਿਆ ਜਾਵੇਗਾ। ਮਨਜ਼ੂਰੀ ਮਿਲਣ ਉਪਰੰਤ ਟੈਕਸ ਵਸੂਲੀ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਤੋਂ ਪ੍ਰਾਪਤ ਹੋਣ ਵਾਲੀ ਆਮਦਨ ਨੂੰ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਣ ਵਾਲੀਆਂ ਸੜਕਾਂ, ਪੁਲਾਂ, ਸਟਰੀਟ ਲਾਈਟਾਂ, ਸਫ਼ਾਈ ਪ੍ਰਬੰਧ ਅਤੇ ਹੋਰ ਵਿਕਾਸ ਕਾਰਜਾਂ ’ਤੇ ਖਰਚ ਕੀਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੀਟਿੰਗ ਵਿਚ ਹਿਮਾਚਲ ਪ੍ਰਦੇਸ਼ ਤੋਂ ਰੂਪਨਗਰ ਜ਼ਿਲ੍ਹੇ ਵਿਚ ਦਾਖ਼ਲ ਹੋਣ ਵਾਲੇ ਵਾਹਨਾਂ ’ਤੇ ਇਨਫਰਾਸਟ੍ਰਕਚਰ ਟੈਕਸ ਲਗਾਉਣ ਦਾ ਸੁਝਾਅ ਦਿੱਤਾ ਗਿਆ, ਜਿਸ ਨੂੰ ਜ਼ਿਲ੍ਹਾ ਪਰਿਸ਼ਦ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਮਨਜ਼ੂਰ ਕਰਦਿਆਂ ਮਤਾ ਪਾਸ ਕਰ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਸਤਿੰਦਰ ਕੌਰ ਬਾਲਾ, ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਬਲਾਕ ਸਮਿਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਸਮਿਤੀ ਮੋਰਿੰਡਾ ਦੀ ਚੇਅਰਪਰਸਨ ਹਰਵਿੰਦਰ ਕੌਰ ਸੰਧੂ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।

Share: