ਫ਼ਿਲਮ ‘Satluj’ ਤੋਂ ਰੋਕ ਹਟਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ

ਫ਼ਿਲਮ ‘Satluj’ ਤੋਂ ਰੋਕ ਹਟਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ

ਅੰਮ੍ਰਿਤਸਰ : ਫਿਲਮ ਸਤਲੁਜ ਤੇ ਰੋਕ ਲਾਏ ਜਾਣ ਦੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਤੋਂ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੀਤਾ ਗਿਆ ਹੈ ਅਤੇ ਮੰਗ ਪੱਤਰ ਦੇ ਕੇ ਇਸ ਫਿਲਮ ’ਤੇ ਲੱਗੀ ਰੋਕ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ।

ਇਸ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਰੋਸ ਮਾਰਚ ਵਿੱਚ ਸ਼ਾਮਿਲ ਸ਼੍ਰੋਮਣੀ ਕਮੇਟੀ ਦੇ ਮੈਂਬਰ, ਕਰਮਚਾਰੀ ਅਤੇ ਅਧਿਕਾਰੀ ਸਤਿਨਾਮ- ਵਾਹਿਗੁਰੂ ਦਾ ਜਾਪ ਕਰਦੇ ਹੋਏ ਚੱਲ ਰਹੇ ਸਨ । ਉਹਨਾਂ ਨੇ ਫਿਲਮ ਤੇ ਰੋਕ ਖ਼ਿਲਾਫ਼ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ।

ਇਹ ਰੋਸ ਮਾਰਚ ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਤੋਂ ਆਰੰਭ ਹੋਇਆ ਅਤੇ ਵੱਖ ਵੱਖ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਦਫਤਰ ਵਿਖੇ ਪੁੱਜਾ ਹੈ। ਇਸ ਸੰਬੰਧ ਵਿੱਚ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਆਖਿਆ ਕਿ ਸਿੱਖ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ।
ਉਨ੍ਹਾਂ ਆਖਿਆ ਕਿ ਇਸ ਫਿਲਮ ਵਿੱਚ ਉਹੀ ਕੁਝ ਦਿਖਾਇਆ ਗਿਆ ਹੈ ਜੋ ਕੁਝ ਵਾਪਰਿਆ ਸੀ। ਇਸ ਦੇ ਬਾਵਜੂਦ ਇਸ ਤੇ ਕਈ ਇਤਰਾਜ਼ ਲਾਏ ਗਏ ਅਤੇ ਹੁਣ ਜਦੋਂ ਫਿਲਮ ਕੁਝ ਮੰਚਾਂ ਤੇ ਦਿਖਾਈ ਗਈ ਹੈ ਤਾਂ ਇਸ ਨੂੰ ਤੁਰੰਤ ਹਟਾ ਦਿੱਤਾ ਗਿਆ ਅਤੇ ਇਸ ਦੇ ਪ੍ਰਦਰਸ਼ਨ ਤੇ ਰੋਕ ਲਾ ਦਿੱਤੀ ਗਈ ਹੈ।
ਜੇ ਫਿਲਮ ਤੋਂ ਰੋਕ ਨਹੀਂ ਹਟਾਈ ਗਈ ਤਾਂ ਇਹ ਸਵਾਲ ਦੇ ਜਵਾਬ ਵਿੱਚ ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 15 ਜੁਲਾਈ ਨੂੰ ਅੰਤਰਿੰਗ ਕਮੇਟੀ ਦੀ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਇਸ ਮਾਮਲੇ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਕੋਲ ਕਈ ਸੁਝਾਅ ਵੀ ਪੁੱਜ ਰਹੇ ਹਨ।
ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ 14 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਐਲਾਨੇ ਗਏ ਪ੍ਰੋਗਰਾਮ ਦਾ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ 14 ਜੁਲਾਈ ਨੂੰ ਰੱਖੇ ਗਏ ਅਰਦਾਸ ਸਮਾਗਮ ਵਿੱਚ ਅਜਿਹੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਜਾਵੇਗੀ ਅਤੇ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ।
ਦੱਸਣ ਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਹੁਣ ਤੱਕ ਅਜਿਹੇ ਸ਼ਹੀਦਾਂ ਦੀ ਯਾਦ ਵਿੱਚ ਕੋਈ ਵੀ ਸਮੂਹਿਕ ਸਮਾਗਮ ਨਹੀਂ ਕੀਤਾ ਗਿਆ ਹੈ। ਇਸ ਲਈ ਅਜਿਹੇ ਸਮੂਹ ਸ਼ਹੀਦਾਂ ਨਮਿਤ ਸ਼ਰਧਾਂਜਲੀ ਸਮਾਗਮ 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਹੋਵੇਗਾ, ਜਿੱਥੇ ਸਮੂਹ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਖਾਲੜਾ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਲਗਪਗ 25 ਹਜ਼ਾਰ ਸਿੱਖ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਵੱਖ-ਵੱਖ ਸ਼ਮਸ਼ਾਨ ਘਾਟਾਂ ਵਿੱਚ ਲਵਾਰਸ ਦੱਸ ਕੇ ਸਸਕਾਰ ਕੀਤਾ ਗਿਆ ਹੈ ਅਤੇ ਉਨਾਂ ਦਾ ਖੋਜ ਖੁਰਾ ਖਤਮ ਕਰ ਦਿੱਤਾ ਗਿਆ ਹੈ । ਅਜਿਹੇ ਨੌਜਵਾਨ ਪੁਲੀਸ ਵੱਲੋਂ ਕਥਿਤ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਮਾਰੇ ਗਏ ਸਨ।
Share: