ਸੁਰੰਗ ’ਤੇ ਢਿੱਗਾਂ ਡਿੱਗਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 20 ਹੋਈ

ਸੁਰੰਗ ’ਤੇ ਢਿੱਗਾਂ ਡਿੱਗਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 20 ਹੋਈ

ਗੰਗਟੋਕ :  ਦੱਖਣੀ ਸਿੱਕਮ ਦੇ ਨਾਮਚੀ ਜ਼ਿਲ੍ਹੇ ਵਿੱਚ ਐਨਐਚਪੀਸੀ (NHPC) ਦੀ ਨਿਰਮਾਣ ਅਧੀਨ ਸੁਰੰਗ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 20 ਹੋ ਗਈ ਹੈ, ਜਦਕਿ ਪੰਜ ਹੋਰ ਮਜ਼ਦੂਰ ਪਿਛਲੇ 24 ਘੰਟਿਆਂ ਤੋਂ ਵੱਧ ਸਮੇਂ ਤੋਂ ਅੰਦਰ ਫਸੇ ਹੋਏ ਹਨ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਮਰਡੁੰਗ ਸਥਿਤ ਤੀਸਤਾ ਸਟੇਜ-VI ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚ ਕਥਿਤ ਮੀਥੇਨ ਗੈਸ ਦੇ ਧਮਾਕੇ ਤੋਂ ਬਾਅਦ ਇਹ ਹਾਦਸਾ ਵਾਪਰਿਆ ਸੀ। ਨਾਮਚੀ ਦੀ ਐਸਪੀ ਸੋਨਮ ਡੀ ਭੂਟੀਆ ਨੇ ਪੁਸ਼ਟੀ ਕੀਤੀ ਕਿ ਸੁਰੰਗ ਵਿੱਚ ਫਸੇ ਕੁੱਲ 25 ਵਿਅਕਤੀਆਂ ਵਿੱਚੋਂ 20 ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 12 ਮ੍ਰਿਤਕ ਦੇਹਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਹੁਣ ਤੱਕ 7 ਦੀ ਪਛਾਣ ਹੋ ਚੁੱਕੀ ਹੈ। ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 4-4 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000-50,000 ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਨਾਲ ਫੋਨ ‘ਤੇ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਤਮਾਂਗ ਨੇ ਘਟਨਾ ਸਥਾਨ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਕਿ ਮੀਥੇਨ ਗੈਸ ਧਮਾਕੇ ਦੇ ਕਾਰਨਾਂ ਦੀ ਜਾਂਚ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ। ਐਨਐਚਪੀਸੀ ਦੇ ਬਿਆਨ ਅਨੁਸਾਰ ਮੀਥੇਨ ਗੈਸ ਪਾਈਪ ਦੇ ਅਚਾਨਕ ਫਟਣ ਕਾਰਨ ਜ਼ਹਿਰੀਲੀਆਂ ਗੈਸਾਂ ਅਤੇ ਧੂੰਆਂ ਫੈਲ ਗਿਆ ਸੀ।

ਐਨਐਚਪੀਸੀ ਦੇ ਅਧਿਕਾਰੀਆਂ ਅਨੁਸਾਰ ਜਦੋਂ ਇਹ ਹਾਦਸਾ ਵਾਪਰਿਆ, ਉਸ ਸਮੇਂ ਸੁਰੰਗ ਦੇ ਅੰਦਰ 25 ਮਜ਼ਦੂਰ ਤੇ ਮੁਲਾਜ਼ਮ ਮੌਜੂਦ ਸਨ। ਮੌਕੇ ‘ਤੇ ਮੌਜੂਦ ਐਨਐਚਪੀਸੀ ਦੇ ਅਧਿਕਾਰੀ ਬਚਾਅ ਕਾਰਜਾਂ ਦਾ ਤਾਲਮੇਲ ਕਰ ਰਹੇ ਹਨ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000-50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰੋਜੈਕਟ ਟੀਮ ਜ਼ਿਲ੍ਹਾ ਪ੍ਰਸ਼ਾਸਨ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (NDRF), ਰਾਜ ਆਫ਼ਤ ਪ੍ਰਤੀਕਿਰਿਆ ਬਲ (SDRF) ਅਤੇ ਸਥਾਨਕ ਅਧਿਕਾਰੀਆਂ ਨਾਲ ਮਿਲ ਕੇ ਬਚਾਅ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਕੰਮ ਕਰ ਰਹੀ ਹੈ। ਬਚਾਅ ਕਾਰਜ ਵਿੱਚ ਮਦਦ ਲਈ ਖਾਣਾਂ ਦੀ ਸੁਰੱਖਿਆ ਬਾਰੇ ਡਾਇਰੈਕਟਰ ਜਨਰਲ (DGMS) ਦੀ ਇੱਕ ਵਿਸ਼ੇਸ਼ ਟੀਮ ਵੀ ਮੌਕੇ ‘ਤੇ ਪਹੁੰਚ ਚੁੱਕੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਇਸ ਘਟਨਾ ਨਾਲ ਉਹਨਾਂ ਦੇ ਮਨ ਨੂੰ ਡੂੰਘੀ ਠੇਸ ਪਹੁੰਚੀ ਹੈ ਅਤੇ ਉਹ ਪੀੜਤ ਪਰਿਵਾਰਾਂ ਨਾਲ ਆਪਣਾ ਦੁੱਖ ਪ੍ਰਗਟ ਕਰਦੇ ਹਨ। ਉਹਨਾਂ ਦੱਸਿਆ ਕਿ ਸੁਰੰਗ ਅੰਦਰ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ।

Share: