ਮਾਨ ਦੀ ਰਿਹਾਇਸ਼ ਘੇਰਨ ਜਾਂਦੇ ਵਾਰਿਸ ਪੰਜਾਬ ਦੇ ਕਾਰਕੁਨਾਂ ’ਤੇ ਪਾਣੀ ਦੀਆਂ ਬੁਛਾੜਾਂ

ਮਾਨ ਦੀ ਰਿਹਾਇਸ਼ ਘੇਰਨ ਜਾਂਦੇ ਵਾਰਿਸ ਪੰਜਾਬ ਦੇ ਕਾਰਕੁਨਾਂ ’ਤੇ ਪਾਣੀ ਦੀਆਂ ਬੁਛਾੜਾਂ

ਚੰਡੀਗਡ਼੍ਹ/ਐੱਸ ਏ ਐੱਸ ਨਗਰ (ਮੁਹਾਲੀ) : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਉਸ ਦੇ ਸਾਥੀਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ‘ਵਾਰਿਸ ਪੰਜਾਬ’ ਜਥੇਬੰਦੀ ਨੇ ਅੱਜ ਪ੍ਰਦਰਸ਼ਨ ਕੀਤਾ, ਜਿਸ ਨੇ ਅੱਜ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣ ਬਾਅਦ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ ਕੀਤਾ। ਪੁਲੀਸ ਵੱਲੋਂ ਚੰਡੀਗੜ੍ਹ ਦੇ ਬਾਰਡਰ ’ਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ ਪਰ ਪ੍ਰਦਰਸ਼ਨਕਾਰੀਆਂ ਨੇ ਸਾਰੇ ਬੈਰੀਕੇਡ ਤੋੜ ਦਿੱਤੇ ਅਤੇ ਅੱਗੇ ਵਧੇ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਦੌਰਾਨ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਟਕਰਾਅ ਵਾਲੇ ਹਾਲਾਤ ਬਣ ਗਏ ਅਤੇ ਕਈ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਦੇ ਸੱਟਾ ਵਜੀਆਂ। ਪ੍ਰਦਰਸ਼ਨਕਾਰੀ ਪੁਲੀਸ ਦੀਆਂ ਸਾਰੀਆਂ ਰੋਕਾਂ ਤੋੜ ਕੇ ਚੰਡੀਗੜ੍ਹ ਵਿੱਚ ਦਾਖਲ ਹੋ ਗਏ। ਕੁਝ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪਹੁੰਚ ਗਏ, ਜਿਨ੍ਹਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਸੰਸਦ ਮੈਂਬਰ ਸਰਬਜੀਤ ਸਿੰਘ ਦੀ ਪਤਨੀ ਸੰਦੀਪ ਕੌਰ ਵੀ ਕੁਝ ਸਾਥੀਆਂ ਸਣੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਨਜ਼ਦੀਕ ਪਹੁੰਚ ਗਈ, ਜਿਸ ਨੂੰ ਹਿਰਾਸਤ ਵਿੱਚ ਲੈ ਕੇ ਹੀਰਾ ਸਿੰਘ ਚੌਕ ’ਚ ਪ੍ਰਦਰਸ਼ਨ ਵਾਲੀ ਥਾਂ ’ਤੇ ਛੱਡਿਆ ਗਿਆ। ਇਸ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਮੁਹਾਲੀ ਦੇ ਫ਼ੇਜ਼ ਅੱਠ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਵਿਸ਼ਾਲ ਇਕੱਤਰਤਾ ਕੀਤੀ ਗਈ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ, ਮਹਿਲਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ। ਮੁਜ਼ਾਹਰਾਕਾਰੀਆਂ ਦੇ ਹੱਥਾਂ ਵਿਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀਆਂ ਤਸਵੀਰਾਂ ਵਾਲੇ ਹੋਰਡਿੰਗ ਚੁੱਕੇ ਹੋਏ ਸਨ ਅਤੇ ਉਹ ਉਸ ਦੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਿਚ ਨਾਅਰੇਬਾਜ਼ੀ ਕਰਦੇ ਰਹੇ। ਵੱਡੀ ਗਿਣਤੀ ਵਿਚ ਮੁਹਾਲੀ ਪੁਲੀਸ ਦੇ ਅਧਿਕਾਰੀ ਅਤੇ ਮੁਲਾਜ਼ਮ ਵੀ ਗੁਰਦੁਆਰੇ ਦੇ ਬਾਹਰ, ਚੰਡੀਗੜ੍ਹ ਦੀ ਸਰਹੱਦ ਤੱਕ ਤਾਇਨਾਤ ਸਨ। ਚੰਡੀਗੜ੍ਹ ਵੱਲ ਕੂਚ ਕਰਨ ਤੋਂ ਪਹਿਲਾਂ ਗੁਰਦੁਆਰੇ ਦੇ ਅਹਾਤੇ ਵਿਚ ਬਣੀ ਸਟੇਜ ਤੋਂ ਪਾਰਟੀ ਆਗੂਆਂ ਨੇ ਸੰਬੋਧਨ ਵੀ ਕੀਤਾ।

ਇਸ ਮੌਕੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਦੀ ਪਤਨੀ ਬੀਬੀ ਸੰਦੀਪ ਕੌਰ, ਪਰਮਜੀਤ ਸਿੰਘ ਜੌਹਲ, ਸ਼ਮਸ਼ੇਰ ਸਿੰਘ ਪੱਧਨੀ, ਦਲਜੀਤ ਸਿੰਘ ਜਵੰਦਾ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ’ਤੇ ਤਿੱਖੇ ਹਮਲੇ ਕੀਤੇ।

ਦੂਜੇ ਪਾਸੇ ‘ਵਾਰਿਸ ਪੰਜਾਬ’ ਜਥੇਬੰਦੀ ਦੇ ਸੀਨੀਅਰ ਆਗੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ ਅਤੇ ਸੰਸਦ ਮੈਂਬਰ ਸਰਬਜੀਤ ਖਾਲਸਾ ਦੀ ਅਗਵਾਈ ਹੇਠ ਵੱਡਾ ਕਾਫਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵੱਲ ਤੇਜ਼ੀ ਨਾਲ ਅੱਗੇ ਵਧਿਆ, ਜਿਸ ਨੂੰ ਪੁਲੀਸ ਨੇ ਚੰਡੀਗੜ੍ਹ ਵਿੱਚ ਸੁਖਨਾ ਝੀਲ ਤੋਂ ਕੁਝ ਦੂਰੀ ’ਤੇ ਰੋਕ ਦਿੱਤਾ, ਜਿਨ੍ਹਾਂ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੰਤਰ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਨੂੰ ਸੌਂਪਿਆ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਐੱਨ ਐੱਸ ਏ ਹਟਣ ਦੇ ਬਾਵਜੂਦ ਨਾ ਤਾਂ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਸੰਸਦ ਦੇ ਮੌਨਸੂਨ ਇਜਲਾਸ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਦਿੱਤੀ ਜਾ ਰਹੀ ਹੈ। ਪੰਜਾਬ ਸਣੇ ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਸਜ਼ਾਵਾਂ ਪੁਰੀਆਂ ਕਰਨ ਦੇ ਬਾਵਜੂਦ ਵੱਡੀ ਗਿਣਤੀ ਸਿੰਘਾਂ ਨੂੰ ਬੰਦ ਕਰਕੇ ਰੱਖਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸਣੇ ਬੰਦੀ ਸਿੰਘਾਂ ਨੂੂੰ ਰਿਹਾਅ ਕੀਤਾ ਜਾਵੇ।

Share: