ਲਾਰੈਂਸ ਬਿਸ਼ਨੋਈ ਦੀ ਹਵਾਲਗੀ ਬਾਰੇ ਕਾਨੂੰਨ ਅਨੁਸਾਰ ਫ਼ੈਸਲਾ ਲਵਾਂਗੇ: ਭਾਰਤ

ਲਾਰੈਂਸ ਬਿਸ਼ਨੋਈ ਦੀ ਹਵਾਲਗੀ ਬਾਰੇ ਕਾਨੂੰਨ ਅਨੁਸਾਰ ਫ਼ੈਸਲਾ ਲਵਾਂਗੇ: ਭਾਰਤ

ਨਵੀਂ ਦਿੱਲੀ : ਭਾਰਤ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਹਰਦੀਪ ਸਿੰਘ ਨਿੱਝਰ ਕਤਲ ਕੇਸ ਬਾਰੇ ਕੈਨੇਡਾ ਦੇ ਇੱਕ ਸੀਨੀਅਰ ਪੁਲੀਸ ਅਧਿਕਾਰੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਹਾਲ ਹੀ ਵਿਚ ਅਮਰੀਕੀ ਸੰਘੀ ਏਜੰਸੀ ਦੇ ਦੋਸ਼ਾਂ ਦੇ ਬਿਲਕੁਲ ਅਨੁਕੂਲ ਹਨ, ਜਿਸ ਵਿੱਚ ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰਾਂ ਸਿਰ ਮੜ੍ਹੀ ਗਈ ਹੈ। ਇਸ ਦੇ ਨਾਲ ਹੀ ਭਾਰਤ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਵੱਲੋਂ ਹਵਾਲਗੀ ਦੀ ਕਿਸੇ ਵੀ ਬੇਨਤੀ ਨੂੰ ਦੇਸ਼ ਦੀਆਂ ਕਾਨੂੰਨੀ ਅਤੇ ਨਿਆਂਇਕ ਪ੍ਰਕਿਰਿਆਵਾਂ ਤਹਿਤ ਹੀ ਨਿਪਟਾਇਆ ਜਾਵੇਗਾ।

ਆਪਣੀ ਹਫ਼ਤਾਵਾਰੀ ਪ੍ਰੈੱਸ ਬ੍ਰੀਫਿੰਗ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਨਵੀਂ ਦਿੱਲੀ ਨੇ ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ (RCMP) ਦੀ ਡਿਪਟੀ ਕਮਿਸ਼ਨਰ ਲੀਜ਼ਾ ਮੋਰਲੈਂਡ ਦੇ ਬਿਆਨ ਦਾ ਨੋਟਿਸ ਲਿਆ ਹੈ। ਲੀਜ਼ਾ ਮੋਰਲੈਂਡ ਨੇ ਇਹ ਬਿਆਨ ਪਿਛਲੇ ਹਫ਼ਤੇ ਅੰਤਰਰਾਸ਼ਟਰੀ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਕੀਤੀ ਗਈ ਸਾਂਝੀ ਵੱਡੀ ਕਾਰਵਾਈ ਤੋਂ ਬਾਅਦ ਜਾਰੀ ਕੀਤਾ ਸੀ।

ਭਾਰਤ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਉਸ ਨੇ ਕੈਨੇਡਾ ਦੇ ਇੱਕ ਉੱਚ ਪੁਲੀਸ ਅਧਿਕਾਰੀ ਦੇ ਉਸ ਬਿਆਨ ’ਤੇ ਗੌਰ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਾਲ 2023 ਵਿੱਚ ਹੋਏ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਕਰ ਰਹੀ ਟੀਮ ਨੂੰ ਇਸ ਮਾਮਲੇ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦਾ ਹੱਥ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ।

ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ (RCMP) ਦੀ ਡਿਪਟੀ ਕਮਿਸ਼ਨਰ ਲੀਜ਼ਾ ਮੋਰਲੈਂਡ ਦਾ ਇਹ ਬਿਆਨ ਪਿਛਲੇ ਹਫ਼ਤੇ ਉਸ ਵੇਲੇ ਸਾਹਮਣੇ ਆਇਆ, ਜਦੋਂ ਅਮਰੀਕੀ ਪ੍ਰਸ਼ਾਸਨ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸਦੇ ਸਾਥੀ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ‘ਤੇ ਨਿੱਝਰ ਦੇ ਕਤਲ ਸਬੰਧੀ ਦੋਸ਼ ਲਾਏ। ਲੀਜ਼ਾ ਮੋਰਲੈਂਡ ਦਾ ਇਹ ਬਿਆਨ ਕੈਨੇਡਾ ਦੇ ਤਤਕਾਲੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦੋਸ਼ਾਂ ਦੇ ਬਿਲਕੁਲ ਉਲਟ ਹੈ, ਜਿਨ੍ਹਾਂ ਵਿੱਚ ਉਨ੍ਹਾਂ ਨੇ ਨਿੱਝਰ ਦੇ ਕਤਲ ਦਾ ਸਬੰਧ ਭਾਰਤ ਸਰਕਾਰ ਦੇ ਏਜੰਟਾਂ ਨਾਲ ਜੋੜਿਆ ਸੀ।

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਰਤ ਦਾ ਹਮੇਸ਼ਾ ਤੋਂ ਇਹ ਮੰਨਣਾ ਰਿਹਾ ਹੈ ਕਿ ਸਰਹੱਦ ਪਾਰ ਚੱਲਣ ਵਾਲੇ ਅਪਰਾਧ, ਅਤਿਵਾਦ, ਨਸ਼ਾ ਤਸਕਰੀ, ਮਨੁੱਖੀ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਅਤੇ ਇਨ੍ਹਾਂ ਨਾਲ ਜੁੜੇ ਅਪਰਾਧਿਕ ਗਰੋਹ ਸਾਡੇ ਸਮਾਜਾਂ ਲਈ ਇੱਕ ਵੱਡਾ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਅਤਿਵਾਦ ਅਤੇ ਅੰਤਰਰਾਸ਼ਟਰੀ ਅਪਰਾਧਾਂ ਖ਼ਿਲਾਫ਼ ਲੜਾਈ ਵਿੱਚ ਮਜ਼ਬੂਤ ਸਹਿਯੋਗ ਹੈ ਅਤੇ ਦੋਵਾਂ ਦੇਸ਼ਾਂ ਦੀਆਂ ਏਜੰਸੀਆਂ ਸਾਲਾਂ ਤੋਂ ਮਿਲ ਕੇ ਕੰਮ ਕਰ ਰਹੀਆਂ ਹਨ।

ਜੈਸਵਾਲ ਨੇ ਅੱਗੇ ਕਿਹਾ ਕਿ ਭਾਰਤ ਨੇ ਕੈਨੇਡੀਅਨ ਪੁਲੀਸ ਦੀ ਡਿਪਟੀ ਕਮਿਸ਼ਨਰ ਦੇ ਬਿਆਨ ਦਾ ਨੋਟਿਸ ਲਿਆ ਹੈ। ਇਹ ਬਿਆਨ ਹਾਲ ਹੀ ਵਿੱਚ ਸਾਹਮਣੇ ਆਏ ਅਮਰੀਕੀ ਦੋਸ਼ਾਂ ਦੇ ਅਨੁਕੂਲ ਹੈ, ਜਿਸ ਵਿੱਚ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਦੇ ਅਪਰਾਧਿਕ ਗਰੋਹ ਦੇ ਮੈਂਬਰਾਂ ਸਿਰ ਮੜ੍ਹੀ ਗਈ ਹੈ। ਭਾਰਤ ਆਪਣੇ ਸਾਥੀ ਦੇਸ਼ਾਂ ਨਾਲ ਮਿਲ ਕੇ ਅਤਿਵਾਦ ਅਤੇ ਅੰਤਰਰਾਸ਼ਟਰੀ ਅਪਰਾਧਾਂ ਨੂੰ ਖ਼ਤਮ ਕਰਨ ਲਈ ਸੁਰੱਖਿਆ ਅਤੇ ਕਾਨੂੰਨੀ ਸਹਿਯੋਗ ਜਾਰੀ ਰੱਖਣ ਲਈ ਵਚਨਬੱਧ ਹੈ।

ਇਸ ਤੋਂ ਪਹਿਲਾਂ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਨਿੱਝਰ ਦੇ ਕਤਲ ਤੋਂ ਕੁਝ ਹਫ਼ਤੇ ਬਾਅਦ ਜਸਟਿਨ ਟਰੂਡੋ ਨੇ ਭਾਰਤ ਸਰਕਾਰ ‘ਤੇ ਸਿੱਧੇ ਦੋਸ਼ ਲਾ ਕੇ ਹਲਚਲ ਮਚਾ ਦਿੱਤੀ ਸੀ। ਉਸ ਵੇਲੇ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ‘ਬੇਬੁਨਿਆਦ ਦੱਸ ਕੇ ਰੱਦ ਕਰ ਦਿੱਤਾ ਸੀ। ਟਰੂਡੋ ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਬੇਹੱਦ ਖ਼ਰਾਬ ਹੋ ਗਏ ਸਨ ਅਤੇ ਭਾਰਤ ਨੇ ਕੈਨੇਡਾ ‘ਤੇ ਆਪਣੀ ਧਰਤੀ ਤੋਂ ਖਾਲਿਸਤਾਨ ਸਮਰਥਕਾਂ ਨੂੰ ਖੁੱਲ੍ਹ ਦੇਣ ਦੇ ਦੋਸ਼ ਲਾਏ ਸਨ। ਅਕਤੂਬਰ 2024 ਵਿੱਚ ਇਹ ਵਿਵਾਦ ਇੰਨਾ ਵਧ ਗਿਆ ਕਿ ਕੈਨੇਡਾ ਸਰਕਾਰ ਵੱਲੋਂ ਭਾਰਤੀ ਰਾਜਦੂਤਾਂ ਨੂੰ ਨਿੱਝਰ ਕੇਸ ਨਾਲ ਜੋੜਨ ਦੀ ਕੋਸ਼ਿਸ਼ ਤੋਂ ਬਾਅਦ ਭਾਰਤ ਨੇ ਆਪਣੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਪੰਜ ਹੋਰ ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਸੀ ਅਤੇ ਕੈਨੇਡਾ ਦੇ ਵੀ ਛੇ ਡਿਪਲੋਮੈਟਾਂ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਸੀ।

ਹਾਲਾਂਕਿ, ਪਿਛਲੇ ਸਾਲ ਅਪਰੈਲ ਵਿੱਚ ਹੋਈਆਂ ਸੰਸਦੀ ਚੋਣਾਂ ਦੌਰਾਨ ਲਿਬਰਲ ਪਾਰਟੀ ਦੇ ਆਗੂ ਮਾਰਕ ਕਾਰਨੀ ਦੀ ਜਿੱਤ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਦੁਬਾਰਾ ਸੁਧਾਰਨ ਵਿੱਚ ਮਦਦ ਮਿਲੀ।

Share: