Mohali Firing: ਮੁਹਾਲੀ ’ਚ ਦੇਰ ਰਾਤ ਨੌਜਵਾਨ ਤੇ ਮੁਟਿਆਰ ’ਤੇ ਤਿੱਖੇ ਹਥਿਆਰਾਂ ਨਾਲ ਹਮਲਾ, ਕੁੜੀ ਦੀ ਹਾਲਤ ਗੰਭੀਰ

Mohali Firing: ਮੁਹਾਲੀ ’ਚ ਦੇਰ ਰਾਤ ਨੌਜਵਾਨ ਤੇ ਮੁਟਿਆਰ ’ਤੇ ਤਿੱਖੇ ਹਥਿਆਰਾਂ ਨਾਲ ਹਮਲਾ, ਕੁੜੀ ਦੀ ਹਾਲਤ ਗੰਭੀਰ

ਮੁਹਾਲੀ : ਮੁਹਾਲੀ ਦੇ ਫੇਜ਼-1 ਥਾਣਾ ਖੇਤਰ ਦੇ ਅਧੀਨ ਆਉਂਦੇ ਮੁਹਾਲੀ ਪਿੰਡ ਵਿੱਚ ਐਤਵਾਰ ਦੇਰ ਰਾਤ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਣਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ਅਤੇ ਮੁਟਿਆਰ ’ਤੇ ਹਮਲਾ ਕਰ ਦਿੱਤਾ। ਇਹ ਵਾਰਦਾਤ ਰਾਤ ਕਰੀਬ ਸਾਢੇ 10 ਵਜੇ ਵਾਪਰੀ ਦੱਸੀ ਜਾ ਰਹੀ ਹੈ। ਸ਼ੁਰੂਆਤੀ ਤੌਰ ’ਤੇ ਦੋਵਾਂ ’ਤੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਹਾਲਾਂਕਿ, ਪੁਲੀਸ ਦੀ ਮੁੱਢਲੀ ਜਾਂਚ ਵਿੱਚ ਅਜੇ ਤੱਕ ਗੋਲੀ ਚੱਲਣ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਪੁਲੀਸ ਨੇ ਮੌਕੇ ਤੋਂ ਖਾਲੀ ਖੋਲ ਬਰਾਮਦ ਕੀਤੇ ਹਨ। ਦੋਵੇਂ ਜ਼ਖ਼ਮੀਆਂ ਨੂੰ ਇਲਾਜ ਲਈ ਫੇਜ਼-6 ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਅਨੁਸਾਰ ਮੁਟਿਆਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜ਼ਖ਼ਮੀ ਨੌਜਵਾਨ ਦੀ ਪਛਾਣ ਸਲਮਾਨ ਵਜੋਂ ਹੋਈ ਹੈ, ਜਦੋਂ ਕਿ ਮੁਟਿਆਰ ਦੀ ਪਛਾਣ ਸੁਮਨ ਵਜੋਂ ਹੋਈ ਹੈ। ਫੇਜ਼-1 ਦੇ ਰਹਿਣ ਵਾਲੇ ਰਿਜ਼ਵਾਨ ਨੇ ਦੱਸਿਆ ਕਿ ਜ਼ਖ਼ਮੀ ਸਲਮਾਨ ਉਸ ਦਾ ਛੋਟਾ ਭਰਾ ਹੈ, ਜੋ 3ਬੀ2 ਸਥਿਤ ਇੱਕ ਸਕੂਲ ਵਿੱਚ 12ਵੀਂ ਜਮਾਤ ਦਾ ਵਿਦਿਆਰਥੀ ਹੈ। ਰਿਜ਼ਵਾਨ ਮੁਤਾਬਕ ਸਲਮਾਨ ਅਤੇ ਸੁਮਨ ਦੋਸਤ ਸਨ ਅਤੇ ਸੁਮਨ ਵੀ ਮੁਹਾਲੀ ਪਿੰਡ ਵਿੱਚ ਹੀ ਰਹਿੰਦੀ ਹੈ। ਉਸ ਨੇ ਦੱਸਿਆ ਕਿ ਕੁੱਝ ਲੋਕਾਂ ਨੇ ਦੋਵਾਂ ਨੂੰ ਫੋਨ ਕਰਕੇ ਬੁਲਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਫੇਜ਼-1 ਦੀ ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਫੇਜ਼-1 ਦੇ ਐੱਸ.ਐੱਚ.ਓ. ਸੁਖਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਮਾਮਲਾ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਸਾਹਮਣੇ ਆ ਰਿਹਾ ਹੈ, ਪਰ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੇ ਮੋਢੇ ’ਤੇ ਜ਼ਖ਼ਮ ਹੈ ਜਦੋਂਕਿ ਮੁਟਿਆਰ ਦੇ ਪੇਟ ’ਚ ਸੱਟ ਲੱਗੀ ਹੈ। ਸ਼ੁਰੂਆਤੀ ਜਾਂਚ ਅਨੁਸਾਰ ਦੋਵਾਂ ’ਤੇ ਕਿਸੇ ਤਿੱਖੇ ਹਥਿਆਰ ਨਾਲ ਵਾਰ ਕੀਤੇ ਜਾਣ ਦਾ ਖ਼ਦਸ਼ਾ ਹੈ। ਪੁਲੀਸ ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।

Share: