ਅੰਮ੍ਰਿਤਸਰ : ਨਵੰਬਰ, 1984 ਸਿੱਖ ਕਤਲੇਆਮ ਮਾਮਲੇ ਵਿੱਚ ਜੇਲ੍ਹ ’ਚ ਸਜ਼ਾ ਭੁਗਤ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਦਾਅਵਾ ਕੀਤਾ ਹੈ ਕਿ 2009 ਵਿੱਚ ਰਾਜ ਸਭਾ ਦੇ ਇਜਲਾਸ ਦੌਰਾਨ ਉਨ੍ਹਾਂ ਵੱਲੋਂ ਛੇੜੇ ਇਸ ਮੁੱਦੇ ਤੋਂ ਬਾਅਦ ਉਸ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਦਿੱਲੀ ’ਚ 1984 ਵਿੱਚ ਸਿੱਖਾਂ ਦੇ ਸਮੂਹਿਕ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦੀ ਬੀਤੇ ਦਿਨ ਦਿੱਲੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟਦਿਆਂ ਮੌਤ ਹੋ ਗਈ ਸੀ। ਇਸ ਕਤਲੇਆਮ ਵਿੱਚ 7000 ਤੋਂ ਵੱਧ ਨਿਰਦੋਸ਼ ਸਿੱਖਾਂ ਦੀਆਂ ਜਾਨਾਂ ਗਈਆਂ ਸਨ। ਇਸ ਮਾਮਲੇ ਵਿੱਚ ਕਈ ਕਾਂਗਰਸੀ ਆਗੂ ਨਾਮਜ਼ਦ ਕੀਤੇ ਗਏ ਸਨ ਅਤੇ ਸੱਜਣ ਕੁਮਾਰ ਉਨ੍ਹਾਂ ਵਿੱਚੋਂ ਇੱਕ ਸੀ।
ਕੌਮੀ ਘੱਟਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਨੇ ਦੱਸਿਆ ਕਿ ਭਾਵੇਂ ਘਟਨਾ 1984 ਵਿੱਚ ਵਾਪਰੀ ਸੀ ਪਰ ਸੱਜਣ ਕੁਮਾਰ ਖ਼ਿਲਾਫ਼ ਪੁਲੀਸ ਵੱਲੋਂ ਅਪਰਾਧਿਕ ਮਾਮਲਾ 2011 ਵਿੱਚ ਦਰਜ ਕੀਤਾ ਜਾ ਸਕਿਆ। ਇਹ ਇਸ ਲਈ ਸੰਭਵ ਹੋਇਆ ਕਿਉਂਕਿ ਉਨ੍ਹਾਂ ਸੰਸਦ ਮੈਂਬਰ ਹੋਣ ਦੇ ਨਾਤੇ ਧਿਆਨ ਦਿਵਾਊ ਪ੍ਰਸਤਾਵ ਪੇਸ਼ ਕੀਤਾ ਸੀ, ਜਿਸ ’ਤੇ 14 ਦਸੰਬਰ, 2009 ਨੂੰ ਰਾਜ ਸਭਾ ਵਿੱਚ ਬਹਿਸ ਹੋਈ ਸੀ। ਦਿਨ ਭਰ ਚੱਲੇ ਵਿਚਾਰ-ਵਟਾਂਦਰੇ ਤੋਂ ਬਾਅਦ ਤਤਕਾਲੀ ਕੇਂਦਰੀ ਗ੍ਰਹਿ ਮੰਤਰੀ ਪੀ ਚਿਦੰਬਰਮ ਨੂੰ 15 ਦਿਨਾਂ ਦੇ ਅੰਦਰ ਸੱਜਣ ਕੁਮਾਰ ਖ਼ਿਲਾਫ਼ ਕੇਸ ਦਰਜ ਕਰਨ ਦਾ ਐਲਾਨ ਕਰਨਾ ਪਿਆ, ਜੋ ਜਨਵਰੀ, 2011 ਵਿੱਚ ਪੂਰਾ ਹੋਇਆ ਸੀ। ਸੱਤ ਸਾਲਾਂ ਬਾਅਦ ਉਸ ਨੂੰ ਇਸ ਮਾਮਲੇ ਵਿੱਚ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਤਰਲੋਚਨ ਸਿੰਘ ਨੇ ਦੱਸਿਆ ਕਿ ਉਸ ਬਹਿਸ ਕਾਰਨ ਘੱਲੂਘਾਰੇ ਦੇ 27 ਸਾਲਾਂ ਮਗਰੋਂ ਸੱਜਣ ਕੁਮਾਰ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਮਿਲ ਸਕੀ।
ਕਾਂਗਰਸ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ: ਧਾਲੀਵਾਲ
‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਅਤੇ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਉਸ ਬਿਆਨ ’ਤੇ ਇਤਰਾਜ਼ ਜਤਾਇਆ ਹੈ, ਜਿਸ ਵਿੱਚ ਉਨ੍ਹਾਂ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਵਧੀਆ ਇਨਸਾਨ ਕਰਾਰ ਦਿੱਤਾ। ਉਨ੍ਹਾਂ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਸੀਨੀਅਰ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਤੋਂ ਮੰਗ ਕੀਤੀ ਕਿ ਸਿੱਖਾਂ ਦੇ ਕਾਤਲਾਂ ਦੀ ਪੈਰਵੀ ਕਰਨ ਵਾਲੇ ਦੀਪੇਂਦਰ ਹੁੱਡਾ ਨੂੰ ਬਿਨਾਂ ਤੁਰੰਤ ਪਾਰਟੀ ਵਿੱਚੋਂ ਬਰਖ਼ਾਸਤ ਕੀਤਾ ਜਾਵੇ।

