ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਪੇਪਰ ਲੀਕ, ਸਮੁੱਚੀ ਸਿੱਖਿਆ ਪ੍ਰਣਾਲੀ ਅਤੇ ਅਯੁੱਧਿਆ ’ਚ ਰਾਮ ਮੰਦਰ ’ਚ ਚੰਦਾ ਚੋਰੀ ਵਰਗੇ ਅਹਿਮ ਮੁੱਦਿਆਂ ਨੂੰ ਜ਼ਮੀਨੀ ਪੱਧਰ ’ਤੇ ਚੁੱਕਣ ਦਾ ਮਤਾ ਪਾਸ ਕੀਤਾ ਹੈ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਇਨ੍ਹਾਂ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ, ਜਿਸ ’ਚ 88 ਆਗੂਆਂ ਨੇ ਹਿੱਸਾ ਲਿਆ। ਵਿਰੋਧੀ ਧਿਰ ਨੇ ਇਹ ਵੀ ਦੋਸ਼ ਲਾਇਆ ਕਿ ਸਰਕਾਰ ‘ਆਤਮ-ਸਮਰਪਣ ਨੀਤੀ’ ਦਾ ਪਾਲਣ ਕਰਦਿਆਂ ਅਰੁਣਾਚਲ ਪ੍ਰਦੇਸ਼ ਵਿੱਚ ‘ਚੀਨੀ ਘੁਸਪੈਠ’ ਮੁਤੱਲਕ ਕਮਜ਼ੋਰ ਨੀਤੀ ਅਪਣਾ ਰਹੀ ਹੈ।
ਪਾਰਟੀ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਅਸੀਂ ਤਿੰਨ-ਚਾਰ ਮੁੱਦਿਆਂ ’ਤੇ ਧਿਆਨ ਕੇਂਦਰਤ ਕੀਤਾ ਹੈ। ਅਹਿਮ ਮੁੱਦਾ ਪੇਪਰ ਲੀਕ ਹੈ। ਮੁਲਕ ਦੇ ਲੋਕਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਅਤੇ ਜਿਸ ਢੰਗ ਨਾਲ ਸਰਕਾਰ ਨੇ ਉਸ ਨਾਲ ਸਿੱਝਿਆ, ਉਸ ਬਾਰੇ ਚਰਚਾ ਕੀਤੀ ਗਈ। ਵਿਰੋਧੀ ਧਿਰ ਲਈ ਸੰਸਦ ਦਾ ਮੌਨਸੂਨ ਇਜਲਾਸ ਸਫਲ ਰਿਹਾ ਅਤੇ ਸਰਕਾਰ ਦੀ ਕੋਈ ਵੀ ਮਨਸ਼ਾ ਪੂਰੀ ਨਹੀਂ ਹੋਈ।’’ ਕਾਂਗਰਸ ਨੇ ਐਲਾਨ ਕੀਤਾ ਕਿ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਜੁੜੇ ਪੇਪਰ ਲੀਕ ਮੁੱਦੇ ’ਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਮੁਲਕ ਦੇ 800 ਸ਼ਹਿਰਾਂ ’ਚ ‘ਛਾਤਰੋਂ ਕੀ ਗੂੰਜ’ ਪ੍ਰੋਗਰਾਮ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸਿੱਖਿਆ ਪ੍ਰਣਾਲੀ ’ਚ ਸੁਧਾਰ ਲਈ ਖ਼ਾਕਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੰਦਾ ਚੋਰੀ ਦੇ ਮੁੱਦੇ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਦੱਸਦਿਆਂ ਵੇਣੂਗੋਪਾਲ ਨੇ ਕਿਹਾ ਕਿ ਇਸ ਨੂੰ ਪਿੰਡ ਅਤੇ ਪੰਚਾਇਤ ਪੱਧਰ ਤੱਕ ਲਿਜਾਇਆ ਜਾਵੇਗਾ। ਇਸ ਤੋਂ ਇਲਾਵਾ ਪਾਰਟੀ ਨੇ ਮਹਿਲਾ ਰਾਖਵਾਂਕਰਨ ਨੂੰ ਮੌਜੂਦਾ 543 ਲੋਕ ਸਭਾ ਸੀਟਾਂ ’ਤੇ ਤੁਰੰਤ ਲਾਗੂ ਕਰਨ ਦੀ ਮੰਗ ਨੂੰ ਦੁਹਰਾਇਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਮੌਜੂਦ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਉੱਤਰਾਖੰਡ ’ਚ ਖੜਗੇ ਦੇ ਪ੍ਰੋਗਰਾਮ ਮਗਰੋਂ ‘ਸ਼ੁੱਧੀਕਰਨ’ ਦੀ ਵਾਪਰੀ ਘਟਨਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੁਆਫ਼ੀ ਦੀ ਮੰਗ ਕੀਤੀ ਹੈ। ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਜੈਰਾਮ ਰਮੇਸ਼ ਤੇ ਕੇ ਸੀ ਵੇਣੂਗੋਪਾਲ, ਸੀਨੀਅਰ ਆਗੂ ਅੰਬਿਕਾ ਸੋਨੀ, ਮੁਕੁਲ ਵਾਸਨਿਕ, ਪੀ ਚਿਦੰਬਰਮ, ਤਿਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ, ਕੇਰਲਾ ਦੇ ਮੁੱਖ ਮੰਤਰੀ ਵੀ ਡੀ ਸਤੀਸ਼ਨ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਕਰਨਾਟਕ ਦੇ ਮੁੱਖ ਮੰਤਰੀ ਡੀ ਕੇ ਸ਼ਿਵਕੁਮਾਰ ਵੀ ਹਾਜ਼ਰ ਸਨ।