ਚੰਡੀਗੜ੍ਹ : ਝਾਰਖੰਡ ਸਰਕਾਰ ਨੇ ਵਿਵਾਦਾਂ ਵਿੱਚ ਘਿਰੀ ਜੇ ਐੱਸ ਐੱਸ ਸੀ -ਸੀ ਜੀ ਐੱਲ (JSSC-CGL) ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਰਾਤ ਵੇਲੇ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਸਾਲ 2014 ਤੋਂ ਲੈ ਕੇ ਹੁਣ ਤੱਕ ਹੋਈਆਂ ਸਾਰੀਆਂ ਪ੍ਰੀਖਿਆਵਾਂ ਦੀ ਸੀ ਆਈ ਡੀ (CID) ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ।
ਟੀ ਐੱਸ ਆਰ ਡੇਟਾ ਪ੍ਰੋਸੈਸਿੰਗ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਸਾਰੀਆਂ ਕਾਰਵਾਈਆਂ ਰੱਦ
ਹੇਮੰਤ ਸੋਰੇਨ ਨੇ ਟੀ ਐੱਸ ਆਰ ਡੇਟਾ ਪ੍ਰੋਸੈਸਿੰਗ ਪ੍ਰਾਈਵੇਟ ਲਿਮਟਿਡ (ਟੀ ਡੀ ਪੀ ਐੱਲ ) ਨਾਲ ਸਬੰਧਤ ਸਾਰੀਆਂ ਕਾਰਵਾਈਆਂ ਰੱਦ ਕਰਨ ਦਾ ਐਲਾਨ ਕੀਤਾ। ਇਸ ਵਿੱਚ ਕੰਪਨੀ ਵੱਲੋਂ ਕਰਵਾਈਆਂ ਗਈਆਂ ਪ੍ਰੀਖਿਆਵਾਂ, ਜਾਰੀ ਨਤੀਜੇ ਅਤੇ ਚੁਣੇ ਗਏ ਉਮੀਦਵਾਰ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸੂਬਾਈ ਕੈਬਨਿਟ ਨੇ ਝਾਰਖੰਡ ਸਟਾਫ਼ ਸਿਲੈਕਸ਼ਨ ਕਮਿਸ਼ਨ (ਜੇ ਐੱਸ ਐੱਸ ਸੀ) ਅਤੇ ਸੀ ਜੀ ਐੱਲ ਪ੍ਰੀਖਿਆਵਾਂ ਨੂੰ ਵੀ ਰੱਦ ਕਰਨ ਦਾ ਫੈਸਲਾ ਕੀਤਾ ਹੈ। ਜੈਪਾਲ ਸਿੰਘ ਸਟੇਡੀਅਮ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਰੇਨ ਨੇ ਕਿਹਾ ਕਿ 2014 ਤੋਂ ਹੁਣ ਤੱਕ ਹੋਈਆਂ ਪ੍ਰੀਖਿਆਵਾਂ ਵਿੱਚ ਛੋਟੀਆਂ-ਵੱਡੀਆਂ ਸਾਰੀਆਂ ਬੇਨਿਯਮੀਆਂ ਦੀ ਵਿਆਪਕ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਟ ਅਤੇ ਸੀ ਆਈ ਡੀ ਦੀ ਜਾਂਚ ਦੌਰਾਨ ਕਈ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ ਪਰ ਜਾਂਚ ਜਾਰੀ ਹੋਣ ਕਾਰਨ ਸਾਰੇ ਵੇਰਵੇ ਜਨਤਕ ਨਹੀਂ ਕੀਤੇ ਜਾ ਸਕਦੇ।
ਮੁੱਖ ਮੰਤਰੀ ਨੇ ਕਿਹਾ ਕਿ ਸੀ ਜੀ ਐੱਲ ਪ੍ਰਕਿਰਿਆ ਰਾਹੀਂ ਨਿਯੁਕਤ ਕੁਝ ਵਿਅਕਤੀ ਝਾਰਖੰਡ ਪਬਲਿਕ ਸਰਵਿਸ ਕਮਿਸ਼ਨ (ਜੇ ਪੀ ਐੱਸ ਸੀ) ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਿਆਂ ਦੌਰਾਨ ਕੰਮ ਕਰਨ ਵਾਲੀਆਂ ਕਈ ਕੰਪਨੀਆਂ ਵਿਚਕਾਰ ਇੱਕ ਗੁੰਝਲਦਾਰ ਨੈੱਟਵਰਕ ਹੋਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਅੱਜ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਆਪਣੇ ਮੰਤਰੀਆਂ ਨਾਲ ਚਾਰ ਘੰਟੇ ਦੀ ਲੰਬੀ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸਿਟ ਤੇ ਸੀ ਆਈ ਡੀ ਦੋਵਾਂ ਵਲੋਂ ਜਾਂਚ ਕੀਤੀ ਜਾ ਰਹੀ ਸੀ ਤੇ ਇਸ ਵਿਚ ਕਈ ਹੈਰਾਨੀਜਨਕ ਖੁਲਾਸੇ ਹੋਏ ਹਨ।
ਇਸ ਤੋਂ ਪਹਿਲਾਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਸੀ ਕਿ ਸੂਬੇ ਵਿੱਚ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਤਕਨਾਲੋਜੀ ਨਾਲ ਲੈਸ ਅਤੇ ਜਵਾਬਦੇਹ ਬਣਾਇਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਪ੍ਰਕਿਰਿਆ ਵਿੱਚ ਸਾਹਮਣੇ ਆਉਣ ਵਾਲੀ ਹਰ ਕਮੀ ਨੂੰ ਜਲਦੀ ਤੋਂ ਜਲਦੀ ਖ਼ਤਮ ਕੀਤਾ ਜਾਵੇਗਾ।
ਪ੍ਰਦਰਸ਼ਨਕਾਰੀ ਨੌਕਰੀ ਦੇ ਚਾਹਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਲੋਕਤੰਤਰ ਵਿੱਚ ਵਿਦਿਆਰਥੀਆਂ ਨੂੰ ਆਪਣੀ ਰਾਇ ਪ੍ਰਗਟ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਉਸ ਅਧਿਕਾਰ ਦਾ ਆਦਰ ਕਰਨਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਝਾਰਖੰਡ ਸਰਕਾਰ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਨੂੰ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰੇਗੀ।
ਝਾਰਖੰਡ ਵਿੱਚ ਭਰਤੀ ਪ੍ਰੀਖਿਆਵਾਂ ‘ਚ ਕਥਿਤ ਗੜਬੜੀਆਂ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਨੌਕਰੀ ਦੇ ਉਮੀਦਵਾਰਾਂ ਦੀ ਪੁਲੀਸ ਨਾਲ ਝੜਪ ਹੋ ਗਈ ਸੀ। ਉਨ੍ਹਾਂ ਨੇ ਬੈਰੀਕੇਡ ਤੋੜ ਦਿੱਤੇ ਅਤੇ ਸੂਬੇ ਦੀ ਵਿਧਾਨ ਸਭਾ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ, ਜਿੱਥੇ ਇਸ ਸਮੇਂ ਸੈਸ਼ਨ ਚੱਲ ਰਿਹਾ ਸੀ।
ਪੁਲੀਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ, ਨਾਲ ਹੀ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਝਾਰਖੰਡ ਪੁਲੀਸ ਨੇ ਲਾਠੀਚਾਰਜ ਵੀ ਕੀਤਾ। ਕਈ ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਨਵੇਂ ਵਿਧਾਨ ਸਭਾ ਕੰਪਲੈਕਸ ਵੱਲ ਜਾਣ ਵਾਲੀ ਸੜਕ ‘ਤੇ ਜਗਨਨਾਥਪੁਰ ਮੰਦਰ ਕੋਲ ਆਖਰੀ ਬੈਰੀਕੇਡ ਤੱਕ ਪਹੁੰਚਣ ਤੋਂ ਬਾਅਦ ਪੁਲੀਸ ਦੀ ਕਾਰਵਾਈ ਵਿੱਚ ਉਹ ਜ਼ਖ਼ਮੀ ਹੋ ਗਏ।

