ਨਵੀਂ ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਨਵੇਂ ਨਿਯੁਕਤ ਕੀਤੇ ਗਏ ਜਨਰਲ ਸਕੱਤਰਾਂ ਨਾਲ ਪਹਿਲੀ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਆਉਣ ਵਾਲੀਆਂ ਸੂਬਿਆਂ ਦੀਆਂ ਚੋਣਾਂ ਦੀ ਰਣਨੀਤੀ ’ਤੇ ਵਿਸ਼ੇਸ਼ ਚਰਚਾ ਕੀਤੀ ਗਈ ਜਿਸ ਦੌਰਾਨ ਸਤੀਸ਼ ਪੂਨੀਆ ਨੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਮ੍ਰਿਤੀ ਇਰਾਨੀ ਅਤੇ ਸੁਨੀਲ ਬਾਂਸਲ ਵੀ ਸ਼ਾਮਲ ਸਨ। ਸਤੀਸ਼ ਪੂਨੀਆ ਨੇ ਦੱਸਿਆ ਕਿ ਮੀਟਿੰਗ ਵਿੱਚ ਪਾਰਟੀ ਅਤੇ ਸੰਗਠਨ ਨਾਲ ਜੁੜੇ ਅਹਿਮ ਮਾਮਲਿਆਂ, ਵੱਖ-ਵੱਖ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਅਤੇ ‘ਸੇਵਾ ਸੰਕਲਪ ਅਭਿਆਨ’ ਦੀ ਰੂਪ-ਰੇਖਾ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਕੌਮੀ ਸੰਗਠਨ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਵੀ ਮੌਜੂਦ ਸਨ, ਜੋ ਹਾਲ ਹੀ ਵਿੱਚ ਪੰਜਾਬ ਦੇ ਦੋ ਦਿਨਾ ਦੌਰੇ ਤੋਂ ਪਰਤੇ ਹਨ। ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ 25,000 ਬੂਥਾਂ ’ਤੇ ਆਪਣੀ ਪਕੜ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਮਾਈਕਰੋ ਮੈਨੇਜਮੈਂਟ ਵੱਲ ਧਿਆਨ ਦਿੰਦਿਆਂ ਪਾਰਟੀ ਨੇ 622 ਸਰਕਲ ਅਤੇ 6,000 ਤੋਂ ਵੱਧ ਉਪ-ਸਰਕਲ ਬਣਾਉਣ ਦਾ ਵੀ ਫ਼ੈਸਲਾ ਕੀਤਾ ਹੈ।
ਭਾਜਪਾ ਹੁਣ ਦੇਸ਼ ਭਰ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਚੋਣ ਮੈਦਾਨ ਵਿੱਚ ਉਤਰਨ ਲਈ ਪੂਰੀ ਤਰ੍ਹਾਂ ਤਿਆਰੀ ਕਰ ਰਹੀ ਹੈ, ਜਿਸ ਵਿੱਚ ਪੰਜਾਬ ਵਰਗੇ ਸੂਬੇ ਪਾਰਟੀ ਦੀ ਰਣਨੀਤਕ ਤਰਜੀਹ ਵਿੱਚ ਸ਼ਾਮਲ ਹਨ। ਮੀਟਿੰਗ ਦੌਰਾਨ ਪਾਰਟੀ ਦੇ ਚੋਟੀ ਦੇ ਲੀਡਰਾਂ ਨੇ ਆਉਣ ਵਾਲੇ ਦਿਨਾਂ ਵਿੱਚ ਦੇਸ਼ ਭਰ ਵਿੱਚ ਚਲਾਏ ਜਾਣ ਵਾਲੇ ਵਿਸ਼ੇਸ਼ ਸੰਗਠਨਾਤਮਕ ਪ੍ਰੋਗਰਾਮਾਂ ਦੀ ਰੂਪ-ਰੇਖਾ ਉੱਤੇ ਵੀ ਡੂੰਘੀ ਚਰਚਾ ਕੀਤੀ। ਸੂਤਰਾਂ ਅਨੁਸਾਰ ਪਾਰਟੀ ਲੀਡਰਸ਼ਿਪ ਦਾ ਮੁੱਖ ਧਿਆਨ ਨਾ ਸਿਰਫ਼ ਪੰਜਾਬ ਸਗੋਂ ਹੋਰਨਾਂ ਸੂਬਿਆਂ ਵਿੱਚ ਵੀ ਜ਼ਮੀਨੀ ਪੱਧਰ ‘ਤੇ ਕਮਜ਼ੋਰ ਕੜੀਆਂ ਨੂੰ ਮਜ਼ਬੂਤ ਕਰਨ ਉੱਤੇ ਹੈ। ਇਸ ਮੌਕੇ ਵੱਖ-ਵੱਖ ਮੋਰਚਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ ਗਈ ਤਾਂ ਜੋ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਪੂਰੀ ਤਰ੍ਹਾਂ ਚੁਸਤ-ਦਰੁਸਤ ਕੀਤਾ ਜਾ ਸਕੇ।

