ਇਸਲਾਮਾਬਾਦ : ਪਾਕਿਸਤਾਨੀ ਫ਼ੌਜ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਬੀਤੇ ਵਰ੍ਹੇ ਹੋਏ ਟਕਰਾਅ ’ਤੇ ਬਣੀ ਭਾਰਤੀ ਦਸਤਾਵੇਜ਼ੀ ਫਿਲਮ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਇਸ ਵਿੱਚ ਅਪਰੇਸ਼ਨ ਸਿੰਧੂਰ ਦੀ ਇਕਪਾਸੜ ਤਸਵੀਰ ਪੇਸ਼ ਕੀਤੀ ਗਈ ਤੇ ਜੰਗ ਦੇ ਅਸਲ ਹਾਲਾਤ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਨੇ ਕਿਹਾ ਕਿ ਡਿਸਕਵਰੀ ਦੇ ਦੋ ਭਾਗਾਂ ਵਾਲੀ ਦਸਤਾਵੇਜ਼ੀ ‘ਡੀਕਲਾਸੀਫਾਈਡ: ਅਪਰੇਸ਼ਨ ਸਿੰਧੂਰ’ ਵਿੱਚ ਘਟਨਾਵਾਂ ਨੂੰ ਭਾਰਤ ਦੇ ਪੱਖ ਵਿੱਚ ਬਹੁਤ ਨਾਟਕੀ ਅੰਦਾਜ਼ ਨਾਲ ਪੇਸ਼ ਕੀਤਾ ਗਿਆ ਹੈ। ਪਾਕਿਸਤਾਨ ਨੇ ਦਸਤਾਵੇਜ਼ੀ ਵਿੱਚ ਅਪਰੇਸ਼ਨ ਸਿੰਧੂਰ ਨੂੰ ਭਾਰਤ ਦੀ ਫ਼ੌਜੀ ਸਫਲਤਾ ਦੱਸਣ ’ਤੇ ਵੀ ਇਤਰਾਜ਼ ਜਤਾਇਆ ਹੈ। ਦਸਤਾਵੇਜ਼ੀ ਵਿੱਚ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਕਿਹਾ ਹੈ ਕਿ ਭਾਰਤ ਦੀ ਸਹਿਣਸ਼ੀਲਤਾ ਨੂੰ ਕਮਜ਼ੋਰੀ ਨਹੀਂ ਸਮਝਣਾ ਚਾਹੀਦਾ। ਅਪਰੇਸ਼ਨ ਸਿੰਧੂਰ ਤਹਿਤ 7 ਮਈ ਨੂੰ ਭਾਰਤੀ ਫ਼ੌਜ ਨੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਕਈ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ। ਇਸ ਦੌਰਾਨ ਪਾਕਿਸਤਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ ਐੱਸ ਆਈ ਨਾਲ ਜੁੜੇ ਸ਼ਹਿਜ਼ਾਦ ਭੱਟੀ ਨੈੱਟਵਰਕ ਬਾਰੇ ਦਿੱਤੇ ਬਿਆਨ ਨੂੰ ‘ਬੇਬੁਨਿਆਦ’ ਕਰਾਰ ਦਿੱਤਾ ਹੈ। ਸ਼ਾਹ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਸੀ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ 14 ਸੂਬਿਆਂ ਵਿੱਚ ਕੀਤੀਆਂ ਕਾਰਵਾਈਆਂ ਦੌਰਾਨ ਇਸ ਨੈੱਟਵਰਕ ਦੇ 200 ਤੋਂ ਵੱਧ ਕਾਰਕੁਨ ਗ੍ਰਿਫ਼ਤਾਰ ਕੀਤੇ ਗਏ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਤਾਹਿਰ ਅੰਦਰਾਬੀ ਨੇ ਕਿਹਾ ਕਿ ਭਾਰਤ ਆਪਣੇ ਘਰੇਲੂ ਸੁਰੱਖਿਆ ਮਸਲਿਆਂ ਤੋਂ ਧਿਆਨ ਭਟਕਾਉਣ ਲਈ ਪਾਕਿਸਤਾਨ ’ਤੇ ਦੋਸ਼ ਲਾ ਰਿਹਾ ਹੈ।
Posted inPakistan
ਪਾਕਿ ਫ਼ੌਜ ਵੱਲੋਂ Operation Sindoor ਵਾਲੀ Documentary ਦੀ ਆਲੋਚਨਾ

