ਚੰਡੀਗਡ਼੍ਹ : ਪੰਜਾਬ ਵਿੱਚ ਹੁਣ ‘ਬੈਚਲਰ ਆਫ ਐਜੂਕੇਸ਼ਨ’ (ਬੀ ਐੱਡ) ਕੋਰਸ ਲਈ ਕਤਾਰਾਂ ਨਹੀਂ ਲੱਗਦੀਆਂ। ਬੀ ਐੱਡ ਦਾ ਕੋਰਸ ਹੁਣ ਨੌਜਵਾਨਾਂ ਦੀ ਪਹਿਲੀ ਪਸੰਦ ਨਹੀਂ ਰਿਹਾ। ਇੰਨਾ ਜ਼ਰੂਰ ਹੈ ਕਿ ਇਸ ਕੋਰਸ ’ਚ ਕੁੜੀਆਂ ਨੇ ਝੰਡੀ ਲੈ ਲਈ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਅੱਜ ਸਮੁੱਚੇ ਪੰਜਾਬ ਦੇ ਕਾਲਜਾਂ ਲਈ ਬੀ ਐੱਡ ਦਾਖ਼ਲਾ ਪ੍ਰੀਖਿਆ ਲਈ, ਜਿਸ ’ਚ ਕਰੀਬ 17,500 ਵਿਦਿਆਰਥੀ ਬੈਠੇ, ਜਿਸ ਵਿੱਚ 85 ਫ਼ੀਸਦੀ ਲੜਕੀਆਂ ਸਨ। ਪੰਜਾਬ ਭਰ ਦੇ ਕਾਲਜਾਂ ’ਚ ਬੀ ਐੱਡ ਦੀਆਂ ਸੀਟਾਂ ਦਾ ਅੰਕੜਾ 21,125 ਹੈ।ਇਸ ਦਾਖ਼ਲਾ ਪ੍ਰੀਖਿਆ ਲਈ ਕੁੱਲ 21,000 ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ ਜਿਨ੍ਹਾਂ ’ਚੋਂ 17,984 ਵਿਦਿਆਰਥੀਆਂ ਨੂੰ ਰੋਲ ਨੰਬਰ ਜਾਰੀ ਕੀਤੇ ਗਏ ਸਨ। ਕਰੀਬ 3,016 ਵਿਦਿਆਰਥੀਆਂ ’ਚੋਂ ਬਹੁਤਿਆਂ ਨੇ ਫੀਸ ਹੀ ਨਹੀਂ ਭਰੀ ਸੀ ਜਾਂ ਫਿਰ ਇੱਕ ਵਿਦਿਆਰਥੀ ਨੇ ਇੱਕ ਤੋਂ ਜ਼ਿਆਦਾ ਵਾਰ ਅਪਲਾਈ ਕੀਤਾ ਹੋਇਆ ਸੀ। ਪੰਜਾਬ ਦੇ 16 ਸ਼ਹਿਰਾਂ ਦੇ 55 ਪ੍ਰੀਖਿਆ ਕੇਂਦਰਾਂ ’ਚ ਹੋਈ ਦਾਖ਼ਲਾ ਪ੍ਰੀਖਿਆ ’ਚ 17,500 ਵਿਦਿਆਰਥੀ ਬੈਠੇ। ਪੰਜਾਬ ’ਚ ਇਸ ਵੇਲੇ ਦੋ ਸੌ ਕਾਲਜ ਬੀ ਐੱਡ ਕਰਾ ਰਹੇ ਹਨ ਜਿਨ੍ਹਾਂ ’ਚ ਹੁਣ ਸੀਟਾਂ ਖ਼ਾਲੀ ਰਹਿ ਜਾਂਦੀਆਂ ਹਨ।
ਕੁੱਲ 21,125 ਸੀਟਾਂ ਦੇ ਮੁਕਾਬਲੇ ਅੱਜ ਦਾਖ਼ਲਾ ਪ੍ਰੀਖਿਆ ’ਚ 17,500 ਵਿਦਿਆਰਥੀ ਬੈਠੇ ਜਿਸ ਦਾ ਮਤਲਬ ਹੈ ਕਿ ਕੁੱਲ ਸੀਟਾਂ ਤੋਂ 3625 ਵਿਦਿਆਰਥੀ ਘੱਟ ਬੈਠੇ ਹਨ। ਜਦੋਂ ਹੁਣ ਪ੍ਰਵਾਨਿਤ ਸੀਟਾਂ ਤੋਂ ਵਿਦਿਆਰਥੀ ਹੀ ਘੱਟ ਗਿਣਤੀ ’ਚ ਦਾਖ਼ਲਾ ਪ੍ਰੀਖਿਆ ਦਿੰਦੇ ਹਨ ਤਾਂ ਪ੍ਰੀਖਿਆ ਦੀ ਸਾਰਥਿਕਤਾ ਬਾਰੇ ਸਵਾਲ ਉੱਠਣੇ ਸੁਭਾਵਿਕ ਹਨ। ਸਾਲ 1991-92 ’ਚ ਪੰਜਾਬ ਵਿੱਚ ਸਿਰਫ਼ 18 ਬੀ ਐੱਡ ਕਾਲਜ ਸਨ ਅਤੇ 2200 ਦੇ ਕਰੀਬ ਸੀਟਾਂ ਹੁੰਦੀਆਂ ਸਨ। ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸੈਨੇਟ ਮੈਂਬਰ ਤੇ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਮੁਕਤਸਰ ਦੇ ਪ੍ਰਿੰਸੀਪਲ ਤਰਲੋਕ ਬੰਧੂ ਨੇ ਕਿਹਾ ਕਿ ਕਰੀਬ ਤਿੰਨ ਦਹਾਕੇ ਪਹਿਲਾਂ ਬੀ ਐੱਡ ਕਰਨ ਲਈ ਹਰ ਵਿਦਿਆਰਥੀ ਹੱਥ ਪੈਰ ਮਾਰਦਾ ਸੀ ਪਰ ਹੁਣ ਉਹ ਗੱਲ ਨਹੀਂ ਰਹੀ। ਜਦੋਂ ਤੋਂ ਬੀ ਐੱਡ ਦਾ ਕੋਰਸ ਦੋ ਸਾਲ ਹੋਇਆ ਹੈ ਅਤੇ ਟੈੱਟ ਪ੍ਰੀਖਿਆ ਸ਼ੁਰੂ ਹੋਈ ਹੈ, ਉਦੋਂ ਤੋਂ ਇਸ ਕੋਰਸ ਵੱਲ ਖਿੱਚ ਘਟੀ ਹੈ। ਅਧਿਆਪਕਾਂ ਦੀ ਭਰਤੀ ’ਚ ਕਮੀ ਅਤੇ ਠੇਕਾ ਪ੍ਰਣਾਲੀ ਨੇ ਵੀ ਕੋਰਸ ਦੀ ਭੱਲ ਨੂੰ ਸੱਟ ਮਾਰੀ ਹੈ। ਪੰਜਾਬ ’ਚ ਇਸ ਵੇਲੇ 27,404 (ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ) ਸਕੂਲ ਹਨ। ਪੰਜਾਬ ’ਚ ਸਰਕਾਰੀ ਅਧਿਆਪਕਾਂ ਦੀਆਂ 1,03,052 ਪ੍ਰਵਾਨਿਤ ਅਸਾਮੀਆਂ ਹਨ ਜਿਨ੍ਹਾਂ ’ਚੋਂ 18,015 ਖ਼ਾਲੀ ਹਨ। ਸਰਕਾਰੀ ਸਕੂਲਾਂ ’ਚ ਮਹਿਲਾ ਅਧਿਆਪਕਾਵਾਂ ਦਾ ਅੰਕੜਾ ਵੀ ਵੱਡਾ ਹੈ। ਸਕੂਲਾਂ ’ਚ ਕਰੀਬ 65 ਫ਼ੀਸਦੀ ਅਧਿਆਪਕਾਵਾਂ ਹਨ। ਪੰਜਾਬ ’ਚ ਸਾਲ 2014 ਤੋਂ ਪਹਿਲਾਂ ਬੀ ਐੱਡ ਦਾ ਕੋਰਸ ਇੱਕ ਸਾਲ ਦਾ ਹੁੰਦਾ ਸੀ ਅਤੇ ਉਸ ਵੇਲੇ ਹਰ ਕੋਈ ਇਹ ਕੋਰਸ ਕਰਨ ਲਈ ਕਾਹਲਾ ਸੀ। ਸੂਬੇ ’ਚ ਇਸ ਵੇਲੇ ਸਭ ਤੋਂ ਵੱਧ 93 ਬੀ ਐੱਡ ਕਾਲਜ ਪੰਜਾਬੀ ਯੂਨੀਵਰਸਿਟੀ ਅਧੀਨ ਹਨ ਜਦੋਂ ਕਿ ਪੰਜਾਬ ਯੂਨੀਵਰਸਿਟੀ ਅਧੀਨ 58 ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਧੀਨ 49 ਬੀ ਐੱਡ ਕਾਲਜ ਪੈਂਦੇ ਹਨ।

