ਚੰਡੀਗੜ੍ਹ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸੂਬੇ ਭਰ ਵਿੱਚ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਦੌਰਾਨ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਠੱਪ ਰਹੇਗਾ। ਤਹਿਸੀਲ ਦਫ਼ਤਰਾਂ, ਡਿਪਟੀ ਕਮਿਸ਼ਨਰ ਦਫ਼ਤਰਾਂ ਅਤੇ ਹੋਰ ਵਿਭਾਗੀ ਦਫ਼ਤਰਾਂ ਤੋਂ ਇਲਾਵਾ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਵੀ ਕੰਮ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੁਲਾਜ਼ਮਾਂ ਦੀ ਸਭ ਤੋਂ ਵੱਡੀ ਮੰਗ ਲੰਬਿਤ ਮਹਿੰਗਾਈ ਭੱਤੇ (ਡੀਏ) ਦੀਆਂ ਕਿਸ਼ਤਾਂ ਜਾਰੀ ਕਰਨਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਡੀਏ/ਡੀ.ਆਰ. ਦੀਆਂ ਕਿਸ਼ਤਾਂ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤੀ ਹੁਕਮਾਂ ਦੇ ਬਾਵਜੂਦ ਭੁਗਤਾਨ ਨਾ ਹੋਣ ਕਾਰਨ ਮੁਲਾਜ਼ਮ ਜਥੇਬੰਦੀਆਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ।
ਡੀਏ ਬਕਾਇਆ ਹੋਣ ਦਾ ਦਾਅਵਾ
ਮੁਲਾਜ਼ਮ ਜਥੇਬੰਦੀਆਂ ਅਨੁਸਾਰ 18 ਫੀਸਦੀ ਡੀਏ ਦਾ ਹਿੱਸਾ ਜਨਵਰੀ 2023 ਤੋਂ ਬਕਾਇਆ ਹੈ। ਹਾਈ ਕੋਰਟ ਦੇ ਹੁਕਮ ਤੋਂ ਬਾਅਦ ਵੀ ਇਸ ਦਾ ਭੁਗਤਾਨ ਨਾ ਹੋਣ ’ਤੇ ਮੁਲਾਜ਼ਮਾਂ ਵਿੱਚ ਰੋਸ ਹੈ। ਚੰਡੀਗੜ੍ਹ ਵਿੱਚ ਹੋਈ ਵੱਡੀ ਰੈਲੀ ਦੌਰਾਨ ਮੁਲਾਜ਼ਮਾਂ ਨੇ 18 ਫੀਸਦੀ ਬਕਾਇਆ ਡੀਏ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਉਠਾਈ ਸੀ। ਮੁਲਾਜ਼ਮਾਂ ਦੀਆਂ ਹੋਰ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, 4-9-14 ਏਸੀਪੀ ਸਕੀਮ ਲਾਗੂ ਕਰਨਾ, ਬੰਦ ਕੀਤੇ ਭੱਤੇ ਬਹਾਲ ਕਰਨਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਸ਼ਾਮਲ ਹੈ।
ਸਰਕਾਰੀ ਕੰਮਕਾਜ ’ਤੇ ਪੈ ਸਕਦਾ ਹੈ ਵੱਡਾ ਅਸਰ
ਮੁਲਾਜ਼ਮਾਂ ਵੱਲੋਂ ਪਹਿਲਾਂ ਵੀ ਕਲਮ ਛੋੜ ਅਤੇ ਕੰਪਿਊਟਰ ਸ਼ਟਡਾਊਨ ਹੜਤਾਲ ਕੀਤੀ ਜਾ ਚੁੱਕੀ ਹੈ, ਜਿਸ ਕਾਰਨ ਰਜਿਸਟਰੀਆਂ, ਪੈਨਸ਼ਨ ਅਤੇ ਹੋਰ ਸਰਕਾਰੀ ਕੰਮਾਂ ਲਈ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸੇ ਦੌਰਾਨ ਪੰਜਾਬ ਸਰਕਾਰ ਨੇ ਮੁਲਾਜ਼ਮ ਨੁਮਾਇੰਦਿਆਂ ਨਾਲ 27 ਅਗਸਤ ਨੂੰ ਗੱਲਬਾਤ ਲਈ ਮੀਟਿੰਗ ਵੀ ਰੱਖੀ ਹੈ ਪਰ ਮੁਲਾਜ਼ਮ ਜਥੇਬੰਦੀਆਂ ਨੇ ਹੜਤਾਲ ਦਾ ਫ਼ੈਸਲਾ ਵਾਪਸ ਨਹੀਂ ਲਿਆ।
27 ਅਗਸਤ ਦੀ ਹੜਤਾਲ ਦਾ ਐਲਾਨ ਪਹਿਲਾਂ ਕੀਤਾ ਸੀ: ਅਮਿਤ ਕਟੋਚ
ਸਾਂਝਾ ਮੁਲਾਜ਼ਮ ਮੰਚ ਮੁਹਾਲੀ ਦੇ ਕਨਵੀਨਰ ਅਮਿਤ ਕਟੋਚ ਨੇ ਦੱਸਿਆ ਕਿ ਮੁਲਾਜ਼ਮਾਂ ਨੇ 27 ਦੀ ਹੜਤਾਲ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਸੀ ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ ਬਾਅਦ ਵਿਚ ਤੈਅ ਹੋਈ ਸੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਮਸਲੇ ਹੱਲ ਕਰਵਾਉਣ ਤਕ ਸੰਘਰਸ਼ ਜਾਰੀ ਰਹੇਗਾ ਤੇ 27 ਅਗਸਤ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ।

