ਰਾਂਚੀ : ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਹੈ ਕਿ ਸੂਬੇ ਵਿੱਚ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਤਕਨਾਲੋਜੀ ਨਾਲ ਲੈਸ ਅਤੇ ਜਵਾਬਦੇਹ ਬਣਾਇਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਪ੍ਰਕਿਰਿਆ ਵਿੱਚ ਸਾਹਮਣੇ ਆਉਣ ਵਾਲੀ ਹਰ ਕਮੀ ਨੂੰ ਜਲਦੀ ਤੋਂ ਜਲਦੀ ਖ਼ਤਮ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀ ਨੌਕਰੀ ਦੇ ਚਾਹਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਦਿਆਰਥੀਆਂ ਨੂੰ ਆਪਣੀ ਰਾਇ ਪ੍ਰਗਟ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਉਸ ਅਧਿਕਾਰ ਦਾ ਆਦਰ ਕਰਨਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਝਾਰਖੰਡ ਸਰਕਾਰ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਨੂੰ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰੇਗੀ।
9 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਦੇਵੇਂਦਰ ਮਹਤੋ ਹਸਪਤਾਲ ਦਾਖ਼ਲ
ਝਾਰਖੰਡ ਵਿੱਚ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਪਿਛਲੇ ਨੌਂ ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਜੇ.ਐੱਲ.ਕੇ.ਐੱਮ. (JLKM) ਆਗੂ ਦੇਵੇਂਦਰ ਨਾਥ ਮਹਤੋ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਮਾਰਚ ਵਿੱਚ ਹਿੱਸਾ ਲੈਣ ਤੋਂ ਬਾਅਦ ਸਿਹਤ ਵਿਗੜਨ ‘ਤੇ ਇੱਥੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਖ਼ੂਨ ਵਿੱਚ ਸ਼ੂਗਰ ਦਾ ਪੱਧਰ ‘ਬਹੁਤ ਜ਼ਿਆਦਾ’ ਡਿੱਗਣ ਕਾਰਨ ਮਹਤੋ ਦੀ ਹਾਲਤ ਨਾਜ਼ੁਕ ਦੱਸੀ ਹੈ। ਰਾਂਚੀ ਸਦਰ ਹਸਪਤਾਲ ਦੀ ਮੈਡੀਕਲ ਅਫ਼ਸਰ ਨੈਨਸੀ ਪ੍ਰਿਆ ਨੇ ਦੱਸਿਆ, “ਉਸਦਾ ਐਮਰਜੈਂਸੀ ਵਾਰਡ ਵਿੱਚ ਇਲਾਜ ਕੀਤਾ ਜਾ ਰਿਹਾ ਹੈ।”
ਹਸਪਤਾਲ ਵਿੱਚ ਮਹਤੋ ਦੇ ਨਾਲ ਮੌਜੂਦ ਉਸਦੇ ਇੱਕ ਸਾਥੀ ਪੰਕਜ ਕੁਮਾਰ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਨੇੜੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੌਰਾਨ ਉਹ ਜ਼ਖ਼ਮੀ ਹੋ ਗਏ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਝਾਰਖੰਡ ਵਿਧਾਨ ਸਭਾ ਨੇੜੇ ਹੋਈ ਝੜਪ ਦੌਰਾਨ ਕਈ ਪ੍ਰਦਰਸ਼ਨਕਾਰੀ ਅਤੇ ਚਾਰ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਏ, ਕਿਉਂਕਿ ਪੁਲੀਸ ਨੇ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਦਾ ਵਿਰੋਧ ਕਰ ਰਹੇ ਨੌਕਰੀ ਦੇ ਚਾਹਵਾਨਾਂ ‘ਤੇ ਵਾਟਰ ਕੈਨਨ, ਹੰਝੂ ਗੈਸ ਅਤੇ ਲਾਠੀਚਾਰਜ ਦੀ ਵਰਤੋਂ ਕੀਤੀ।
ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਪੁਲੀਸ ਲਾਠੀਚਾਰਜ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਬੰਦ ਦਾ ਸੱਦਾ
ਭਾਜਪਾ ਨੇ ਸੂਬੇ ਵਿੱਚ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ “ਪੁਲੀਸ ਜ਼ੁਲਮ” ਅਤੇ ਲਾਠੀਚਾਰਜ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਝਾਰਖੰਡ ਬੰਦ ਦਾ ਸੱਦਾ ਦਿੱਤਾ ਹੈ।
ਭਾਜਪਾ ਦੇ ਸੂਬਾ ਪ੍ਰਧਾਨ ਆਦਿਤਯ ਸਾਹੂ ਨੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬੰਦ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਅੱਧੀ ਰਾਤ ਤੱਕ ਪ੍ਰਭਾਵਸ਼ਾਲੀ ਰਹੇਗਾ। ਸਾਹੂ ਨੇ ਦੱਸਿਆ, “ਇਹ ਪੂਰੇ ਰਾਜ ਵਿੱਚ ਬੰਦ ਹੋਵੇਗਾ। ਹਾਲਾਂਕਿ, ਸਾਰੀਆਂ ਜ਼ਰੂਰੀ ਸੇਵਾਵਾਂ ਨੂੰ ਬੰਦ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ।”
ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਝਾਰਖੰਡ ਵਿਧਾਨ ਸਭਾ ਨੇੜੇ ਹੋਈ ਝੜਪ ਦੌਰਾਨ ਕਈ ਪ੍ਰਦਰਸ਼ਨਕਾਰੀ ਅਤੇ ਚਾਰ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ, ਕਿਉਂਕਿ ਪੁਲੀਸ ਨੇ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਦਾ ਵਿਰੋਧ ਕਰ ਰਹੇ ਨੌਕਰੀ ਦੇ ਚਾਹਵਾਨਾਂ ‘ਤੇ ਵਾਟਰ ਕੈਨਨ, ਹੰਝੂ ਗੈਸ ਅਤੇ ਲਾਠੀਚਾਰਜ ਦੀ ਵਰਤੋਂ ਕੀਤੀ।
ਇਹ ਝੜਪ ਉਦੋਂ ਹੋਈ ਜਦੋਂ ਪ੍ਰਦਰਸ਼ਨਕਾਰੀਆਂ ਨੇ ਝਾਰਖੰਡ ਵਿਧਾਨ ਸਭਾ ਨੇੜੇ ਕਈ ਬੈਰੀਕੇਡ ਤੋੜ ਦਿੱਤੇ ਸਨ। ਜਿੱਥੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੁਲਿਸ ਦੀ ਕਾਰਵਾਈ ਵਿੱਚ ਔਰਤਾਂ ਸਮੇਤ ਉਨ੍ਹਾਂ ਦੇ ਕਈ ਸਾਥੀ ਜ਼ਖ਼ਮੀ ਹੋਏ ਹਨ, ਉੱਥੇ ਹੀ ਰਾਂਚੀ ਦੇ ਸਿਟੀ ਐੱਸ.ਪੀ. ਪਾਰਸ ਰਾਣਾ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀ ਗਈ ਪਥਰਾਜ਼ੀ ਦੌਰਾਨ ਚਾਰ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਏ।

