Strike: Punbus ਅਤੇ PRTC Contract Workers ਵੱਲੋਂ ਬੱਸਾਂ ਦਾ ਚੱਕਾ ਜਾਮ

Strike: Punbus ਅਤੇ PRTC Contract Workers ਵੱਲੋਂ ਬੱਸਾਂ ਦਾ ਚੱਕਾ ਜਾਮ

ਮਾਨਸਾ : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਅੱਜ ਤੜਕਸਾਰ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਇਹ ਹੜਤਾਲ ਕੱਚੇ ਕਾਮਿਆਂ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਕੀਤੀ ਗਈ ਹੈ। ਦੂਜੇ ਪਾਸੇ, ਪੰਜਾਬ ਸਰਕਾਰ ਨੇ ਆਪਣੇ ਪੱਕੇ ਮੁਲਾਜ਼ਮਾਂ ਦੇ ਆਸਰੇ ਸੂਬੇ ਵਿੱਚ ਬੱਸ ਸੇਵਾ ਜਾਰੀ ਰੱਖਣ ਦਾ ਉਪਰਾਲਾ ਕੀਤਾ, ਪਰ ਇਨ੍ਹਾਂ ਮੁਲਾਜ਼ਮਾਂ ਦੀ ਗਿਣਤੀ ਘੱਟ ਹੋਣ ਕਾਰਨ ਸਵਾਰੀਆਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ।

ਸਰਕਾਰੀ ਬੱਸਾਂ ਦੀ ਹੜਤਾਲ ਦਾ ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਨੇ ਭਾਰੀ ਲਾਹਾ ਲਿਆ। ਬਾਦਲਾਂ ਸਮੇਤ ਵੱਡੇ ਘਰਾਣਿਆਂ ਦੀਆਂ ਪ੍ਰਾਈਵੇਟ ਬੱਸਾਂ ਨੇ ਅੱਜ ਇਸ ਹੜਤਾਲ ਕਾਰਨ ਮੋਟੀ ਕਮਾਈ ਕੀਤੀ। ਬੱਸ ਅੱਡਿਆਂ ਵਿੱਚ ਜਾ ਕੇ ਦੇਖਿਆ ਗਿਆ ਕਿ ਪੀ ਆਰ ਟੀ ਸੀ ਅਤੇ ਪੰਜਾਬ ਰੋਡਵੇਜ਼ ਦੀ ਹੜਤਾਲ ਦਾ ਸਭ ਤੋਂ ਵੱਧ ਖਮਿਆਜ਼ਾ ਮਹਿਲਾ ਸਵਾਰੀਆਂ ਨੂੰ ਝੱਲਣਾ ਪੈ ਰਿਹਾ ਹੈ, ਜਿਨ੍ਹਾਂ ਨੂੰ ਸਿਰਫ਼ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਮਿਲਦੀ ਹੈ। ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਾਣ-ਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵਿਭਾਗ ਵਿੱਚ ਇੱਕ ਵੀ ਨਵੀਂ ਸਰਕਾਰੀ ਬੱਸ ਨਹੀਂ ਪਾਈ ਗਈ ਅਤੇ ਨਾ ਹੀ ਕੋਈ ਕੱਚਾ ਮੁਲਾਜ਼ਮ ਪੱਕਾ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਧੜਾਧੜ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਪਾ ਕੇ ਵਿਭਾਗ ਦੇ ਨਿੱਜੀਕਰਨ ਦਾ ਰਸਤਾ ਸਾਫ਼ ਕੀਤਾ ਜਾ ਰਿਹਾ ਹੈ।

ਪੀ ਆਰ ਟੀ ਸੀ ਬੁਢਲਾਡਾ ਡਿਪੂ ਦੇ ਅਧਿਕਾਰੀ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਬੱਸਾਂ ਚਲਾਉਣ ਦਾ ਹਰ ਸੰਭਵ ਉਪਰਾਲਾ ਕੀਤਾ ਗਿਆ ਹੈ ਅਤੇ ਪੱਕੇ ਮੁਲਾਜ਼ਮਾਂ ਰਾਹੀਂ ਰੂਟਾਂ ਉੱਤੇ ਬੱਸਾਂ ਚਲਾਈਆਂ ਜਾ ਰਹੀਆਂ ਹਨ।

ਇਸੇ ਤਰ੍ਹਾਂ ਰੋਡਵੇਜ਼, ਪਨਬੱਸ ਅਤੇ ਪੀ ਆਰ ਟੀ ਸੀ ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਬੁਢਲਾਡਾ ਡਿਪੂ ਵਿੱਚ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ 2022 ਦੀਆਂ ਚੋਣਾਂ ਵਾਲਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਵਾਰ-ਵਾਰ ਮੀਟਿੰਗਾਂ ਤੋਂ ਭੱਜਣ ਦੀ ਨੀਤੀ ਤੋਂ ਖਫ਼ਾ ਹੋ ਕੇ ਕਾਮਿਆਂ ਨੂੰ ਮਜਬੂਰਨ ਤਿੰਨ ਦਿਨਾਂ ਲਈ ਬੱਸਾਂ ਦਾ ਚੱਕਾ ਜਾਮ ਕਰਨਾ ਪਿਆ ਹੈ। ਸੂਬਾ ਆਗੂ ਰਾਜਵਰ ਸਿੰਘ ਅਤੇ ਸੱਤਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਠੇਕੇਦਾਰੀ ਸਿਸਟਮ ਬੰਦ ਕਰਨ ਦਾ ਵਾਅਦਾ ਕੀਤਾ ਸੀ ਪਰ ਲੰਬਾ ਸਮਾਂ ਬੀਤਣ ਦੇ ਬਾਵਜੂਦ ਸਿਰਫ਼ ਟਾਲ-ਮਟੋਲ ਕੀਤੀ ਜਾ ਰਹੀ ਹੈ।

Share: