ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਪੁਣੇ ਦਾ ਵਾਸੀ

ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਪੁਣੇ ਦਾ ਵਾਸੀ

ਨਾਂਦੇੜ : ਮਹਾਰਾਸ਼ਟਰ ਦੇ ਨਾਂਦੇੜ ਸ਼ਹਿਰ ਦੇ ਨੇੜੇ ਇੱਕ ਗੁਰਦੁਆਰੇ ਵਿੱਚ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਕਥਿਤ ਤੌਰ ‘ਤੇ ਹਮਲਾ ਕਰਨ ਵਾਲਾ ਵਿਅਕਤੀ ਪਿਛਲੇ ਦੋ ਸਾਲਾਂ ਤੋਂ ਉੱਥੇ ‘ਸੇਵਾਦਾਰ’ ਵਜੋਂ ਕੰਮ ਕਰ ਰਿਹਾ ਸੀ ਅਤੇ ਪੁਣੇ ਦਾ ਰਹਿਣ ਵਾਲਾ ਹੈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਜਸਪਾਲ ਸਿੰਘ ਦੀ ਉਮਰ 60 ਤੋਂ 62 ਸਾਲ ਦੇ ਵਿਚਕਾਰ ਹੈ ਅਤੇ ਉਹ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿੱਚ ਸੇਵਾਦਾਰ ਵਜੋਂ ਕੰਮ ਕਰ ਰਿਹਾ ਸੀ।  ਨਾਂਦੇੜ ਦੇ ਪੁਲੀਸ ਕਪਤਾਨ ਨੀਲਾਭ ਰੋਹਨ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦਾ ਜ਼ਿਕਰ ਕੀਤਾ, ਪਰ ਬਾਦਲ ‘ਤੇ ਹਮਲਾ ਕਰਨ ਦੇ ਉਸ ਦੇ ਅਸਲ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ।

ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਅਤਿਵਾਦ ਰੋਕੂ ਦਸਤਾ (ATS) ਵੀ ਪੁਲੀਸ ਨਾਲ ਮਿਲ ਕੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਹਾਲਤ ਸਥਿਰ ਹੈ। ਐੱਸ ਪੀ ਰੋਹਨ ਨੇ ਦੱਸਿਆ ਕਿ ਜਸਪਾਲ ਸਿੰਘ ਕੋਲ ਕਾਮਰਸ ਅਤੇ ਕਾਨੂੰਨ ਦੀਆਂ ਡਿਗਰੀਆਂ ਹਨ ਅਤੇ ਉਹ ਆਪਣੇ ਪਰਿਵਾਰ ਨਾਲ ਪੁਣੇ ਵਿੱਚ ਰਹਿੰਦਾ ਹੈ। ਹਾਲਾਂਕਿ, ਉਹ ਨਾਂਦੇੜ ਵਿੱਚ ਇਕੱਲਾ ਰਹਿ ਰਿਹਾ ਸੀ। ਉਨ੍ਹਾਂ ਕਿਹਾ, “ਅਸੀਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁੱਛਗਿੱਛ ਜਾਰੀ ਹੈ। ਅਸੀਂ ਉਸ ਦੀ ਪਿਛੋਕੜ ਦੀ ਜਾਂਚ ਕਰ ਰਹੇ ਹਾਂ… ਸ਼ੁਰੂ ਵਿੱਚ ਉਸ ਨੇ ਕਿਹਾ ਕਿ ਉਹ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਨਾਰਾਜ਼ ਸੀ। ਪਰ ਹਮਲੇ ਦਾ ਅਸਲ ਕਾਰਨ ਵਿਸਤ੍ਰਿਤ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਸਾਨੂੰ ਹਮਲਾਵਰ ਦੇ ਕਿਸੇ ਗਿਰੋਹ ਨਾਲ ਸਬੰਧ ਜਾਂ ਅਪਰਾਧਿਕ ਪਿਛੋਕੜ ਬਾਰੇ ਵੀ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।” ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਕਰੀਬ ਦੁਪਹਿਰ 1:45 ਵਜੇ ਨਾਂਦੇੜ ਤੋਂ ਲਗਪਗ 15 ਕਿਲੋਮੀਟਰ ਦੂਰ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਹਮਲਾ ਕੀਤਾ ਗਿਆ ਸੀ, ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੇ ਸੱਜੇ ਹੱਥ ‘ਤੇ ਦੋ ਤੋਂ ਤਿੰਨ ਟਾਂਕੇ ਲਗਾਏ ਗਏ ਹਨ।

Share: