ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਤੀਜੇ ਦਿਨ ਵੀ ਸਦਨ ਵਿੱਚ ਹੰਗਾਮੇ ਦੇ ਆਸਾਰ ਬਣੇ ਹੋਏ ਹਨ। ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਮੁੜ ਤੋਂ ਕਾਂਗਰਸੀ ਵਿਧਾਇਕ ਕਾਲੇ ਪਰਨੇ ਪਾ ਕੇ ਵਿਧਾਨ ਸਭਾ ਪਹੁੰਚੇ। ਇਸ ਮੌਕੇ ਵਿਰੋਧੀ ਧਿਰ ਤੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੁੱਚੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਬਾਈਕਾਟ ਦੀ ਤਖਤੀਆਂ ਹੱਥ ਵਿੱਚ ਲੈ ਕੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕ ਵਿਧਾਨ ਸਭਾ ਵਿੱਚ 15 ਮਿੰਟ ਨਾਅਰੇਬਾਜ਼ੀ ਕਰਨ ਤੋਂ ਬਾਅਦ ਬਾਹਰ ਚਲੇ ਗਏ। ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਨ ਸਭਾ ਹਲਕਾ ਜੀਰਾ ਦੇ ਵਿਧਾਇਕ ਨਰੇਸ਼ ਪੁਰੀ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜੀਰਾ ਵਿੱਚ 10 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਦਕਿ ਲੋੜ ਪੈਣ ‘ਤੇ ਇਨ੍ਹਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਇਕ ਅਰੁਣਾ ਚੌਧਰੀ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੇ ਆਰ.ਡੀ.ਐੱਫ. (RDF) ਦੇ 8,700 ਕਰੋੜ ਰੁਪਏ ਰੁਕੇ ਹੋਣ ਕਰਕੇ ਪੇਂਡੂ ਖੇਤਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਨਹੀਂ ਹੋ ਸਕਿਆ। ਪਰ ਹੁਣ ਫ਼ੰਡਾਂ ਦਾ ਪ੍ਰਬੰਧ ਕਰਕੇ ਸੜਕਾਂ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ।ਬਿਜਲੀ ਮੰਤਰੀ ਤਰੁਨਪ੍ਰੀਤ ਸੌਂਦ ਨੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਬਿਜਲੀ ਨਹੀਂ ਦਿੱਤੀ ਜਾਂਦੀ। ਵਿਧਾਇਕ ਪਠਾਣਮਾਜਰਾ ਨੇ ਮੰਗ ਕੀਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਖੇਤੀ ਖੇਤਰ ਨੂੰ ਮੁਫ਼ਤ ਬਿਜਲੀ ਦਿੱਤੀ ਜਾਂਦੀ ਹੈ, ਤਾਂ ਸਕੂਲਾਂ ਨੂੰ ਵੀ ਮੁਫ਼ਤ ਬਿਜਲੀ ਦਿੱਤੀ ਜਾਵੇ ਤਾਂ ਜੋ ਬੱਚੇ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਹਾਸਲ ਕਰ ਸਕਣ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਫ਼ੀਸ ਮੁਆਫ਼ੀ ਬਾਰੇ ਵਿਚਾਰ ਕੀਤਾ ਜਾਵੇਗਾ। ਉੱਥੇ ਹੀ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ‘ਪੇਡਾ’ (PEDA) ਵੱਲੋਂ ਸਕੂਲਾਂ ਅਤੇ ਹਸਪਤਾਲਾਂ ਉੱਤੇ ਸੋਲਰ ਪਲਾਂਟ ਲਗਾਏ ਜਾ ਰਹੇ ਹਨ, ਜਿਸ ਨਾਲ ਬਿਜਲੀ ਦਾ ਬੋਝ ਨਹੀਂ ਪੈਣ ਦਿੱਤਾ ਜਾਵੇਗਾ।
Posted inChandigarh
RDF ਦੇ ਫ਼ੰਡ ਰੁਕੇ ਹੋਣ ਕਾਰਨ ਪੇਂਡੂ ਸੜਕਾਂ ਦੀ ਮੁਰੰਮਤ ਵਿੱਚ ਆਈ ਰੁਕਾਵਟ: ਗੁਰਮੀਤ ਖੁੱਡੀਆਂ
