ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਵਾਲਾਂ ਦੀ ਬੌਛਾਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਲੜ ਰਹੀ ਹੈ, ਪਰ ਨਸ਼ਿਆਂ ਦੀ ਰੋਕਥਾਮ ਸਿਰਫ਼ ਕਿਸੇ ਇੱਕ ਸੂਬੇ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਜ਼ਿੰਮੇਵਾਰੀ ਹੈ। ਜਲੰਧਰ ਰੈਲੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਸਿੱਧੇ ਸਵਾਲ ਕਰਦਿਆਂ ਨੀਲ ਗਰਗ ਨੇ ਪੁੱਛਿਆ ਕਿ ਬੀ.ਐੱਸ.ਐੱਫ. (BSF) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਵਰਗੀਆਂ ਕੇਂਦਰੀ ਏਜੰਸੀਆਂ ਕਿਸ ਦੇ ਅਧੀਨ ਕੰਮ ਕਰਦੀਆਂ ਹਨ? ਉਨ੍ਹਾਂ ਸਵਾਲ ਕੀਤਾ ਕਿ ਅੰਤਰਰਾਜੀ ਨਸ਼ਾ-ਸਪਲਾਈ ਚੇਨ ਨੂੰ ਤੋੜਨ ਲਈ ਕੇਂਦਰੀ ਏਜੰਸੀਆਂ ਨੇ ਹੁਣ ਤੱਕ ਕੀ ਕਾਰਵਾਈ ਕੀਤੀ ਹੈ ਅਤੇ ਸਰਹੱਦਾਂ ਰਾਹੀਂ ਹੋ ਰਹੀ ਤਸਕਰੀ ਨੂੰ ਰੋਕਣ ਵਿੱਚ ਕੇਂਦਰ ਸਰਕਾਰ ਦੇ ਨਤੀਜੇ ਕੀ ਰਹੇ ਹਨ? ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਨੂੰ ਭਾਸ਼ਣਾਂ ਦੀ ਨਹੀਂ ਸਗੋਂ ਠੋਸ ਜਵਾਬਾਂ ਅਤੇ ਨਤੀਜਿਆਂ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ’ਤੇ ਦੋਸ਼ ਲਗਾਉਣ ਦੀ ਬਜਾਏ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਆਪਣਾ ਸਪੱਸ਼ਟ ਰੋਡਮੈਪ ਦੇਵੇ। ਪੰਜਾਬ ਦੇ ਲੋਕ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਇਸ ਬਾਰੇ ਸਪੱਸ਼ਟੀਕਰਨ ਦੀ ਉਡੀਕ ਕਰ ਰਹੇ ਹਨ।
Posted inChandigarh
ਆਮ ਆਦਮੀ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ Amit Shah ਦੀ ਫੇਰੀ ਤੋਂ ਪਹਿਲਾਂ ਚੁੱਕੇ ਸਵਾਲ

