ਚੰਡੀਗੜ੍ਹ : ਪੰਜਾਬ ਕੈਬਨਿਟ ਵੱਲੋਂ ਕੇਂਦਰ ਸਰਕਾਰ ਨੂੰ ਸਹੁੰ ਚੁੱਕ ਸਮਾਗਮ ਰੋਕਣ ਦੀ ਅਪੀਲ ਦਰਮਿਆਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ । ਚੀਫ਼ ਜਸਟਿਸ ਮਿਸ਼ਰਾ ਹੁਣ ਜਸਟਿਸ ਸ਼ੀਲ ਨਾਗੂ ਦੀ ਥਾਂ ਲੈਣਗੇ। ਪੰਜਾਬ ਸਰਕਾਰ ਨੇ ਜਸਟਿਸ ਮਿਸ਼ਰਾ ਦੀ ਨਿਯੁਕਤੀ ’ਤੇ ਇਤਰਾਜ਼ ਜਤਾਇਆ ਸੀ ਅਤੇ ਹਲਫ਼ ਸਮਾਗਮ ਤੋਂ ਪਹਿਲਾਂ ਕੇਂਦਰ ਨੂੰ ਪੰਜਾਬ ਸਰਕਾਰ ਦੀ ਸਹਿਮਤੀ ਲੈਣ ਦੀ ਪ੍ਰੀਕਿਰਿਆ ਨੂੰ ਮੁਕੰਮਲ ਕਰਨ ਲਈ ਕਿਹਾ ਸੀ। ਪੰਜਾਬ ਸਰਕਾਰ ਦੇ ਵਿਰੋਧ ਦਰਮਿਆਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਵਿੱਚ ਉਹਨਾਂ ਨੂੰ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ।ਸਹੁੰ ਚੁੱਕ ਸਮਾਗਮ ਚੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੈਰਹਾਜ਼ਰ ਰਹੇ ਜਦੋਂ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਮੌਜੂਦ ਸਨ। ਚੇਤੇ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਕੱਲ੍ਹ ਐਮਰਜੈਂਸੀ ਕੈਬਨਿਟ ਮੀਟਿੰਗ ਬੁਲਾਈ ਸੀ ਅਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕਰਨ ਵਾਲਾ ਮਤਾ ਪਾਸ ਕੀਤਾ ਸੀ। ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਮੁੱਖ ਜੱਜ ਨੂੰ ਪੰਜਾਬ ਸਰਕਾਰ ਦੀ ਸਹਿਮਤੀ ਮਿਲਣ ਤੱਕ ਸਹੁੰ ਨਾ ਚੁਕਾਈ ਜਾਵੇ।
Posted inChandigarh
ਪੰਜਾਬ ਸਰਕਾਰ ਦੀ ਅਪੀਲ ਦਰਕਿਨਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ Ashwani Kumar Mishra ਨੇ ਚੁੱਕੀ ਸਹੁੰ

