ਚੰਡੀਗਡ਼੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਸਰਕਾਰੀ ਖ਼ਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਤੋਂ ਪਹਿਲਾਂ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ ਸੀ ਐੱਲ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸੀ ਸੀ ਐੱਲ ਦੀ ਮਨਜ਼ੂਰੀ ਮਿਲਣ ਨਾਲ ਸੂਬਾ ਸਰਕਾਰ ਵੱਲੋਂ ਖ਼ਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ। ਇਸ ਤੋਂ ਇਲਾਵਾ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਭਰਾਈ ਲਈ 5 ਲੱਖ ਬਾਰਦਾਨਾ ਵੀ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਝੋਨੇ ਦੇ ਖ਼ਰੀਦ ਸੀਜ਼ਨ 2026-27 ਦੌਰਾਨ 180 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿਥਿਆ ਹੈ। ਇਸ ਸੀਜ਼ਨ ਦੌਰਾਨ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾਵੇਗੀ। ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਭਰ ਵਿੱਚ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦੇਗੀ ਅਤੇ ਬਾਹਰੀ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ’ਚ ਇੱਕ ਵੀ ਦਾਣਾ ਨਹੀਂ ਆਉਣ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਇਸ ਦਾ ਨਿਰਵਿਘਨ ਸੰਚਾਲਨ ਯਕੀਨੀ ਬਣਾਉਣ ਲਈ ਉਹ ਖ਼ੁਦ ਅਤੇ ਪੰਜਾਬ ਦੇ ਸਾਰੇ ਮੰਤਰੀ ਤੇ ਵਿਧਾਇਕ ਮੰਡੀਆਂ ਦਾ ਖ਼ੁਦ ਦੌਰਾ ਕਰਨਗੇ।

