ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਸੱਦੀ

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਸੱਦੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਚੱਲ ਰਹੇ ਮੁਲਾਜ਼ਮ ਸੰਘਰਸ਼ ਨੂੰ ਸਮੇਟਣ ਲਈ ਭਲਕੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਸ਼ੁੱਕਰਵਾਰ ਸਵੇਰੇ 11 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨਾਲ ਹੋਵੇਗੀ। ਇਸ ਕਦਮ ਨਾਲ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਅਤੇ ਮੁਲਾਜ਼ਮਾਂ ਦਰਮਿਆਨ ਬਣਿਆ ਡੈੱਡਲਾਕ ਖ਼ਤਮ ਹੋਣ ਦੀ ਆਸ ਬੱਝ ਗਈ ਹੈ। ਪੰਜਾਬ ਦੇ ਮੁਲਾਜ਼ਮ ਡੀ ਏ (ਮਹਿੰਗਾਈ ਭੱਤਾ) ਦੇ ਬਕਾਏ ਅਤੇ ਆਪਣੀਆਂ ਹੋਰ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਦੇ ਰਾਹ ‘ਤੇ ਹਨ। ਮੁਲਾਜ਼ਮਾਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ। ਅਹਿਮ ਸਰਕਾਰੀ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਹੁਣ ਇਸ ਮਾਮਲੇ ਦਾ ਸੁਖਾਵਾਂ ਹੱਲ ਕੱਢਣ ਦੇ ਰੌਂਅ ਵਿੱਚ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਗੱਲਬਾਤ ਦਾ ਪੂਰਾ ਖਾਕਾ ਤਿਆਰ ਕਰ ਲਿਆ ਹੈ। ਜੇਕਰ ਭਲਕੇ ਹੋਣ ਵਾਲੀ ਇਹ ਮੀਟਿੰਗ ‘ਚ ਗੱਲ ਕਿਸੇ ਤਣ ਪੱਤਣ ਲੱਗਦੀ ਹੈ ਤਾਂ ਸਰਕਾਰ ਦੇ ਨੁਮਾਇੰਦਿਆਂ ਅਤੇ ਮੁਲਾਜ਼ਮ ਆਗੂਆਂ ਵੱਲੋਂ ਸਾਂਝੇ ਤੌਰ ’ਤੇ ਪ੍ਰੈੱਸ ਕਾਨਫਰੰਸ ਕੀਤੀ ਜਾ ਸਕਦੀ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਮੀਟਿੰਗ ਦੌਰਾਨ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਕਿਸੇ ਰੂਪ ਵਿੱਚ ‘ਦੀਵਾਲੀ ਦੇ ਤੋਹਫ਼ੇ’ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।

ਇਸ ਮੀਟਿੰਗ ਤੋਂ ਪਹਿਲਾਂ ਮੁੱਖ ਸਕੱਤਰ ਕੇ ਪੀ ਸਿਨਹਾ ਵੀ ਮੁਲਾਜ਼ਮ ਆਗੂਆਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਚੁੱਕੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 27 ਅਗਸਤ ਨੂੰ ਮੁੱਖ ਮੰਤਰੀ ਨੇ ਮੁਲਾਜ਼ਮ ਆਗੂਆਂ ਨੂੰ ਜਲੰਧਰ ਵਿਖੇ ਮੀਟਿੰਗ ਲਈ ਸੱਦਿਆ ਸੀ, ਪਰ ਇਹ ਬੈਠਕ ਐਨ ਮੌਕੇ ’ਤੇ ਰੱਦ ਕਰ ਦਿੱਤੀ ਗਈ ਸੀ। ਉਸ ਸਮੇਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਸੀ ਕਿ ਹੜਤਾਲ ਅਤੇ ਗੱਲਬਾਤ ਦੋਵੇਂ ਇੱਕੋ ਸਮੇਂ ਬਰਾਬਰ ਨਹੀਂ ਚੱਲ ਸਕਦੀਆਂ। ਹੁਣ ਦੁਬਾਰਾ ਗੱਲਬਾਤ ਦਾ ਰਾਹ ਪੱਧਰਾ ਹੋਣ ਨਾਲ ਮੁਲਾਜ਼ਮ ਵਰਗ ਵਿੱਚ ਮੰਗਾਂ ਦੇ ਨਿਪਟਾਰੇ ਨੂੰ ਲੈ ਕੇ ਉਮੀਦ ਜਾਗ ਪਈ ਹੈ।

ਮੀਟਿੰਗ ਲਈ ਇੱਕ ਦਰਜਨ ਮੁਲਾਜ਼ਮ ਆਗੂਆਂ ਨੂੰ ਸੱਦਾ

ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ, ਮੀਟਿੰਗ ਵਿੱਚ ਸ਼ਾਮਲ ਹੋਣ ਲਈ ਇੱਕ ਦਰਜਨ ਮੁਲਾਜ਼ਮ ਆਗੂਆਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਗੁਰਨਾਮ ਸਿੰਘ ਵਿਰਕ, ਭਜਨ ਸਿੰਘ ਗਿੱਲ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾਂ, ਤਰਸੇਮ ਸਿੰਘ ਭੱਠਲ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਧਨਵੰਤ ਭੱਠਲ, ਸਾਹਿਲ ਸ਼ਰਮਾ ਅਤੇ ਕੁਲਵਿੰਦਰ ਸਿੰਘ ਢਿੱਲੋਂ ਸ਼ਾਮਲ ਹਨ।

Share: