ਜਲੰਧਰ (ਮਨੀਸ਼ ਰਿਹਾਨ ) : ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਜੀ ਨੂੰ ਮਿਲਣ ਲਈ ਘੱਟੋ-ਘੱਟ 28 ਦਿਨ ਦੀ ਪੈਰੋਲ ਦਿੱਤੀ ਜਾਵੇ। ਇਹ ਪੈਰੋਲ ਤੁਰੰਤ ਪ੍ਰਭਾਵ ਨਾਲ ਮਿਲਣੀ ਚਾਹੀਦੀ ਹੈ। ਇਹ ਮੰਗ ਕਰਦਿਆਂ ਕਿਸਾਨ ਆਗੂ ਸੁੱਖ ਗਿੱਲ ਮੋਗਾ ਅਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਮਾਤਾ ਜੀ ਨੂੰ ਮਿਲਣ ਦਾ ਮੌਕਾ ਮਿਲਣਾ ਮਨੁੱਖੀ ਅਤੇ ਪਰਿਵਾਰਕ ਪੱਖੋਂ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇੱਕ ਬਜ਼ੁਰਗ ਮਾਂ ਲਈ ਆਪਣੇ ਪੁੱਤਰ ਨੂੰ ਮਿਲਣ ਦੀ ਤਾਂਘ ਨੂੰ ਅਣਦੇਖਿਆ ਨਹੀਂ ਕੀਤਾ ਜਾਣਾ ਚਾਹੀਦਾ। ਸਰਕਾਰ ਨੂੰ ਮਨੁੱਖੀ ਸੰਵੇਦਨਸ਼ੀਲਤਾ ਦਿਖਾਉਂਦਿਆਂ ਬਿਨਾਂ ਕਿਸੇ ਦੇਰੀ ਦੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 28 ਦਿਨ ਦੀ ਪੈਰੋਲ ਦੇਣੀ ਚਾਹੀਦੀ ਹੈ, ਤਾਂ ਜੋ ਉਹ ਆਪਣੀ ਮਾਤਾ ਜੀ ਨੂੰ ਮਿਲ ਸਕਣ ਅਤੇ ਪਰਿਵਾਰ ਨਾਲ ਕੁਝ ਸਮਾਂ ਬਤੀਤ ਕਰ ਸਕਣ। ਸਿੱਖ ਆਗੂਆਂ ਨੇ ਕਿਹਾ ਕਿ ਮਨੁੱਖੀ ਅਧਿਕਾਰ ਸਭ ਲਈ ਬਰਾਬਰ ਹਨ। ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਵੀ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਦੇ ਨਜ਼ਰੀਏ ਨਾਲ ਦੇਖਿਆ ਜਾਣਾ ਚਾਹੀਦਾ ਹੈ। ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਵਿੱਚ ਹੋਰ ਦੇਰੀ ਕਰਨਾ ਕਿਸੇ ਵੀ ਪੱਖੋਂ ਵਾਜਬ ਨਹੀਂ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕੀਤੀ ਜਾਵੇ ਅਤੇ ਜਿਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ, ਖ਼ਾਸ ਕਰਕੇ ਬਜ਼ੁਰਗ ਮਾਪਿਆਂ ਨੂੰ ਮਿਲਣ ਦੀ ਲੋੜ ਹੈ, ਉਨ੍ਹਾਂ ਨੂੰ ਕਾਨੂੰਨ ਅਨੁਸਾਰ ਪੈਰੋਲ ਅਤੇ ਹੋਰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮਾਮਲੇ ਨੂੰ ਸਿਆਸੀ ਨਜ਼ਰੀਏ ਦੀ ਬਜਾਏ ਮਨੁੱਖੀ ਹਮਦਰਦੀ, ਪਰਿਵਾਰਕ ਹੱਕਾਂ ਅਤੇ ਇਨਸਾਫ਼ ਦੇ ਪੱਖ ਤੋਂ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਅਤੇ ਪਾਰਦਰਸ਼ੀ ਨੀਤੀ ਬਣਾਈ ਜਾਣੀ ਚਾਹੀਦੀ ਹੈ।
Posted inJalandhar
ਬੰਦੀ ਸਿੰਘਾਂ ਦੀ ਰਿਹਾਈ ਅਤੇ Jagtar Singh Hawara ਨੂੰ 28 ਦਿਨ ਦੀ ਪੈਰੋਲ ਦੀ ਮੰਗ
