Canada ਤੋਂ ਡਿਪੋਰਟ ਹੋਇਆ ਲਾਰੈਂਸ ਬਿਸ਼ਨੋਈ ਦਾ ਕਰੀਬੀ ਕਰਮਵੀਰ ਸਿੰਘ ਦਿੱਲੀ ਹਵਾਈ ਅੱਡੇ ਤੋਂ ਕਾਬੂ

Canada ਤੋਂ ਡਿਪੋਰਟ ਹੋਇਆ ਲਾਰੈਂਸ ਬਿਸ਼ਨੋਈ ਦਾ ਕਰੀਬੀ ਕਰਮਵੀਰ ਸਿੰਘ ਦਿੱਲੀ ਹਵਾਈ ਅੱਡੇ ਤੋਂ ਕਾਬੂ

ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਲੁਧਿਆਣਾ ਦੇ ਪਿੰਡ ਬਹਾਦਰਕੇ ਦਾ ਰਹਿਣ ਵਾਲਾ ਕਰਮਵੀਰ ਸਿੰਘ ਉਹੀ ਵਿਅਕਤੀ ਹੈ, ਜਿਸ ਦੇ ਬੇਕਰਸਫ਼ੀਲਡ, ਕੈਲੀਫ਼ੋਰਨੀਆ ਵਿੱਚ 2023 ਦੇ ਵਿਆਹ ਸਮਾਗਮ ਦੌਰਾਨ ਭਗੌੜੇ ਅਨਮੋਲ ਬਿਸ਼ਨੋਈ ਦਾ ਪੰਜਾਬੀ ਗਾਇਕਾਂ ਕਰਨ ਔਜਲਾ ਅਤੇ ਸ਼ੈਰੀ ਮਾਨ ਨਾਲ ਨੱਚਣ ਦਾ ਵੀਡੀਓ ਵਾਇਰਲ ਹੋਇਆ ਸੀ। ਉਸ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਗ੍ਰਿਫ਼ਤਾਰ ਕੀਤਾ ਗਿਆ।

ਇਹ ਕਾਰਵਾਈ ਪੰਜਾਬ ਪੁਲੀਸ ਵੱਲੋਂ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਜੱਗੂ ਭਗਵਾਨਪੁਰੀਆ ਗੈਂਗ ਦੇ ਅਹਿਮ ਸਾਥੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਡਾਲਮ ਨੂੰ ਮੋਲਡੋਵਾ ਤੋਂ ਪ੍ਰਤੱਖਿਅਤ (ਐਕਸਟਰਾਡਾਈਟ) ਕਰਵਾਉਣ ਤੋਂ ਕੁਝ ਦਿਨ ਬਾਅਦ ਅਮਲ ਵਿੱਚ ਆਈ ਹੈ। ਡੀਜੀਪੀ ਯਾਦਵ ਨੇ ਦੱਸਿਆ ਕਿ ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਪਨਾਹ ਅਤੇ ਲੌਜਿਸਟਿਕ ਸਹਾਇਤਾ ਮੁਹੱਈਆ ਕਰਵਾਈ ਸੀ। ਉਹ ਭਾਰਤੀ ਦੰਡ ਸੰਹਿਤਾ, ਅਸਲਾ ਐਕਟ ਅਤੇ ਪਾਸਪੋਰਟ ਐਕਟ ਤਹਿਤ ਥਾਣਾ ਸਟੇਟ ਕ੍ਰਾਈਮ, ਐੱਸਏਐੱਸ ਨਗਰ (ਮੁਹਾਲੀ) ਵਿਖੇ ਦਰਜ ਮਾਮਲੇ ਵਿੱਚ ਲੋੜੀਂਦਾ ਸੀ। ਏਜੀਟੀਐੱਫ ਵੱਲੋਂ 3 ਸਤੰਬਰ ਨੂੰ ਉਸ ਖ਼ਿਲਾਫ਼ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ।ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲੀਸ (ਏਡੀਜੀਪੀ) ਪ੍ਰਮੋਦ ਬਾਣ ਨੇ ਦੱਸਿਆ ਕਿ ਕਰਮਵੀਰ ਸਿੰਘ ਦਾ ਪੰਜਾਬ ਵਿੱਚ ਲੰਮਾ ਅਪਰਾਧਿਕ ਰਿਕਾਰਡ ਹੈ, ਜਿਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਹਥਿਆਰਬੰਦ ਲੁੱਟ-ਖੋਹ, ਰੰਗਦਾਰੀ-ਐਕਸਟੋਰਸ਼ਨ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਘੱਟੋ-ਘੱਟ ਪੰਜ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਉਸ ਦੇ ਨੈੱਟਵਰਕ, ਫੰਡਿੰਗ ਦੇ ਸਰੋਤਾਂ ਅਤੇ ਹੋਰ ਗੈਂਗ ਮੈਂਬਰਾਂ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਤਫ਼ਤੀਸ਼ ਜਾਰੀ ਹੈ

Share: