ਸ਼੍ਰੀ ਮੁਕਤਸਰ ਸਾਹਿਬ : ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਪੰਜਾਬ ਇੰਚਾਰਜ ਨਿਯੁਕਤ ਕੀਤੇ ਗਏ ਸਚਿਨ ਪਾਇਲਟ ਦੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਦੇ ਦੌਰੇ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਅੱਗੇ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਮੁਕਤਸਰ ਤੋਂ ਸਾਬਕਾ ਵਿਧਾਇਕ ਕਰਨ ਕੌਰ ਬਰਾੜ ਨੇ ਸੋਮਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ। ਕਰਨ ਕੌਰ ਨੇ ਦਾਅਵਾ ਕੀਤਾ ਕਿ ਇਸ ਬੈਠਕ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਵਿਸਥਾਰਪੂਰਵਕ ਚਰਚਾ ਹੋਈ ਹੈ। ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਕੌਰ ਬਰਾੜ ਨੇ ਬਾਅਦ ਵਿੱਚ ਆਪਣੇ ਫੇਸਬੁੱਕ ਪੇਜ ‘ਤੇ ਇਸ ਮੀਟਿੰਗ ਦੀਆਂ ਤਸਵੀਰਾਂ ਅਤੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਲਿਖਿਆ, “ਇਹ ਇੱਕ ਬਹੁਤ ਵਧੀਆ ਮੀਟਿੰਗ ਸੀ ਅਤੇ ਇਸ ਨਾਲ ਮੈਨੂੰ ਵੱਡੀ ਆਸ ਬੱਝੀ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਪਾਰਟੀ ਹੀ ਬਣਾਏਗੀ।” ਇਸ ਮੁਲਾਕਾਤ ਨੂੰ ਸਿਆਸੀ ਹਲਕਿਆਂ ਵਿੱਚ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਕਰਨ ਕੌਰ ਬਰਾੜ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਰਮਿਆਨ ਲੰਮੇ ਸਮੇਂ ਤੋਂ ਖਿੱਚੋਤਾਣ ਚੱਲ ਰਹੀ ਹੈ। ਦੋਵੇਂ ਨੇਤਾ ਮੁਕਤਸਰ ਦੇ ਹੀ ਰਹਿਣ ਵਾਲੇ ਹਨ ਪਰ ਉਨ੍ਹਾਂ ਦੇ ਸਬੰਧ ਸੁਖਾਵੇਂ ਨਹੀਂ ਰਹੇ।
ਚਾਲੂ ਸਾਲ ਦੇ ਜੁਲਾਈ ਮਹੀਨੇ ਵਿੱਚ ਕਰਨ ਕੌਰ ਨੇ ਰਾਜਾ ਵੜਿੰਗ ’ਤੇ ਤਿੱਖਾ ਨਿਸ਼ਾਨਾ ਸੇਧਦਿਆਂ ਸੂਬਾ ਕਾਂਗਰਸ ਵਿੱਚ ਵਧ ਰਹੀ ਧੜੇਬੰਦੀ ’ਤੇ ਚਿੰਤਾ ਪ੍ਰਗਟਾਈ ਸੀ। ਉਨ੍ਹਾਂ ਕਿਹਾ ਸੀ ਕਿ ਭਾਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਪਾਰਟੀ ਹਾਈਕਮਾਂਡ ਵੱਲੋਂ ਕੀਤੀ ਜਾਂਦੀ ਹੈ, ਪਰ ਮੌਜੂਦਾ ਲੀਡਰਸ਼ਿਪ ਨੇ ਅੰਦਰੂਨੀ ਕਲੇਸ਼ ਨੂੰ ਹੀ ਹਵਾ ਦਿੱਤੀ ਹੈ। ਕਰਨ ਕੌਰ ਨੇ ਚਿਤਾਵਨੀ ਦਿੱਤੀ ਸੀ ਕਿ ਇਹ ਆਪਸੀ ਛੋਹਟ ਪਾਰਟੀ ਨੂੰ ਆਗਾਮੀ ਚੋਣਾਂ ਵਿੱਚ ਭਾਰੀ ਪੈ ਸਕਦੀ ਹੈ।
ਇਸ ਤੋਂ ਇਲਾਵਾ ਕਰਨ ਕੌਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਮਰਥਨ ਕਰਦਿਆਂ ਕਿਹਾ ਸੀ ਕਿ ਜੇਕਰ ਹਾਈਕਮਾਂਡ ਚੰਨੀ ਨੂੰ ਸੂਬਾ ਪ੍ਰਧਾਨ ਬਣਾਉਂਦੀ ਹੈ ਤਾਂ ਪਾਰਟੀ ਦੀ ਵਾਪਸੀ ਦੇ ਇਮਕਾਨ ਮਜ਼ਬੂਤ ਹੋ ਸਕਦੇ ਹਨ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਸੀ ਕਿ ਜੇਕਰ ਪਾਰਟੀ ਟਿਕਟ ਦਿੰਦੀ ਹੈ ਤਾਂ ਉਹ ਮੁਕਤਸਰ ਸੀਟ ਤੋਂ ਚੋਣ ਲੜਨ ਲਈ ਤਿਆਰ ਹਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਦਿੱਲੀ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਕਤਸਰ ਸੀਟ ਦੇ ਸਰਵੇਖਣਾਂ ਵਿੱਚ ਉਨ੍ਹਾਂ ਦਾ ਅਤੇ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦਾ ਨਾਂ ਚਰਚਾ ਵਿੱਚ ਹੈ।
ਕਰਨ ਕੌਰ ਨੇ ਦੋਸ਼ ਲਾਇਆ ਸੀ ਕਿ ਨਗਰ ਕੌਂਸਲ, ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵੇਲੇ ਉਨ੍ਹਾਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ, “ਮੇਰੇ ਹਲਕੇ ਵਿੱਚ ਉਮੀਦਵਾਰ ਤੈਅ ਕਰਨ ਵੇਲੇ ਮੈਨੂੰ ਭਰੋਸੇ ਵਿੱਚ ਨਹੀਂ ਲਿਆ ਗਿਆ, ਫਿਰ ਵੀ ਮੈਂ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਕਾਂਗਰਸ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਸੀ। ਮੈਂ ਕਾਂਗਰਸ ਦੀ ਵਫ਼ਾਦਾਰ ਸਿਪਾਹੀ ਹਾਂ ਅਤੇ ਹਮੇਸ਼ਾ ਰਹਾਂਗੀ।”

